
ਚੰਡੀਗੜ੍ਹ, 10 ਮਈ 2026: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ 2026 ਨੂੰ ਸਵੇਰੇ 11 ਵਜੇ “ਆਨਲਾਈਨ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਿਸ਼ੇਸ਼ ਮਿਲਣੀ ਦੌਰਾਨ ਪੰਜਾਬ ਦੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਖੁਦ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਨਗੇ।
ਡਾ. ਰਵਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਪ੍ਰਵਾਸੀ ਪੰਜਾਬੀਆਂ ਦੇ ਹਿੱਤਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਆਨਲਾਈਨ ਮਿਲਣੀ ਦੌਰਾਨ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਆਪਣੀਆਂ ਜਾਇਦਾਦੀ ਵਿਵਾਦਾਂ, ਪ੍ਰਸ਼ਾਸਕੀ ਮੁਸ਼ਕਲਾਂ, ਧੋਖਾਧੜੀ, ਕਾਨੂੰਨੀ ਪੇਚੀਦਗੀਆਂ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਬੰਧੀ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਸਿੱਧੇ ਤੌਰ ‘ਤੇ ਮੰਤਰੀ ਸਾਹਿਬ ਸਾਹਮਣੇ ਰੱਖ ਸਕਣਗੇ।
ਉਨ੍ਹਾਂ ਕਿਹਾ ਕਿ ਮਿਲਣੀ ਦੌਰਾਨ ਮਿਲਣ ਵਾਲੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਆਪਣੇ ਮਸਲਿਆਂ ਦੇ ਹੱਲ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਉਹ ਘਰ ਬੈਠੇ ਹੀ ਸਰਕਾਰ ਨਾਲ ਸਿੱਧਾ ਜੁੜ ਸਕਣ।
ਐਨਆਰਆਈ ਮੰਤਰੀ ਨੇ ਦੱਸਿਆ ਕਿ ਇੱਛੁਕ ਵਿਅਕਤੀ ਆਪਣੀਆਂ ਸ਼ਿਕਾਇਤਾਂ minister.pa@punjab.gov.in ਈਮੇਲ ‘ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ, ਆਨਲਾਈਨ ਮਿਲਣੀ ਵਿੱਚ ਸ਼ਾਮਲ ਹੋਣ ਲਈ ਰਜਿਸਟਰੇਸ਼ਨ https://forms.gle/KKUutEpVTeccLSta6 ਲਿੰਕ ਰਾਹੀਂ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਹੋਰ ਦੱਸਿਆ ਕਿ 13 ਮਈ ਨੂੰ ਨਿਰਧਾਰਤ ਸਮੇਂ ‘ਤੇ ਆਨਲਾਈਨ ਮਿਲਣੀ ਵਿੱਚ ਸ਼ਾਮਲ ਹੋਣ ਲਈ https://new.bharatvc.nic.in/join/8833894922 ਲਿੰਕ ਦੀ ਵਰਤੋਂ ਕੀਤੀ ਜਾ ਸਕਦੀ ਹੈ। ਜੁਆਇਨ ਕਰਨ ਲਈ ਆਈਡੀ 8833894922 ਅਤੇ ਪਾਸਵਰਡ 742627 ਹੋਵੇਗਾ।
ਡਾ. ਰਵਜੋਤ ਸਿੰਘ ਨੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਇਸ ਵਿਸ਼ੇਸ਼ ਆਨਲਾਈਨ ਮਿਲਣੀ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਨਾਲ ਮਜ਼ਬੂਤ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਾਰਦਰਸ਼ੀ ਤੇ ਪ੍ਰਭਾਵਸ਼ਾਲੀ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
