Saturday, May 23Punjabi People

ਅਗਨੀਵੀਰਾਂ ਲਈ ਸਰਕਾਰੀ ਨੌਕਰੀਆਂ ‘ਚ ਰਾਖਵਾਂਕਰਨ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਕਦਮ, ਹਾਈ ਪਾਵਰ ਕਮੇਟੀ ਗਠਿਤ

ਚੰਡੀਗੜ੍ਹ, 12 ਮਈ 2026: ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਆਪਣਾ ਸੇਵਾਕਾਲ ਪੂਰਾ ਕਰਨ ਵਾਲੇ ਅਗਨੀਵੀਰਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਪੰਜਾਬ ਸਰਕਾਰ ਨੇ ਮਹੱਤਵਪੂਰਨ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਗਨੀਵੀਰਾਂ ਲਈ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਨੀਤੀ ਤਿਆਰ ਕਰਨ ਵਾਸਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ।

ਅੱਜ ਹੋਈ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਮਨਜ਼ੂਰੀ ਵੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਨਿਰਧਾਰਤ ਸਮੇਂ ਵਿੱਚ ਅੰਤਿਮ ਰੂਪ ਦਿੱਤਾ ਜਾਵੇ ਤਾਂ ਜੋ ਸਿਖਲਾਈ ਪ੍ਰਾਪਤ ਅਤੇ ਅਨੁਸ਼ਾਸਿਤ ਨੌਜਵਾਨ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਰਾਖਵਾਂਕਰਨ ਨੀਤੀ ਨੂੰ ਵਿਆਪਕ ਢੰਗ ਨਾਲ ਤਿਆਰ ਕਰਨ ਦੀ ਲੋੜ ਹੈ, ਤਾਂ ਜੋ ਦੇਸ਼ ਦੀ ਸੇਵਾ ਤੋਂ ਵਾਪਸ ਆਉਣ ਵਾਲੇ ਅਗਨੀਵੀਰਾਂ ਦਾ ਸੁਚੱਜੇ ਢੰਗ ਨਾਲ ਪੁਨਰਵਾਸ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਹੁਨਰ ਦਾ ਲਾਭ ਪੰਜਾਬ ਦੀ ਤਰੱਕੀ ਲਈ ਲਿਆ ਜਾ ਸਕੇ।

ਨੀਤੀ ਸਬੰਧੀ ਸਿਫਾਰਸ਼ਾਂ ਅਤੇ ਰੂਪ-ਰੇਖਾ ਤਿਆਰ ਕਰਨ ਲਈ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵਿਕਾਸ ਪ੍ਰਤਾਪ, ਭਾਵਨਾ ਗਰਗ, ਸੁਮੇਰ ਸਿੰਘ ਗੁਰਜਰ ਅਤੇ ਐਸ.ਐਸ. ਸ੍ਰੀਵਾਸਤਵ ਨੂੰ ਸ਼ਾਮਲ ਕਰਦਿਆਂ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਵੱਖ-ਵੱਖ ਵਿਭਾਗਾਂ ਵਿੱਚ ਅਗਨੀਵੀਰਾਂ ਦੀ ਭਰਤੀ ਅਤੇ ਰਾਖਵਾਂਕਰਨ ਸਬੰਧੀ ਮਾਪਦੰਡ ਤੈਅ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਅਗਨੀਵੀਰਾਂ ਦੀ ਸਿਖਲਾਈ ਅਤੇ ਅਨੁਸ਼ਾਸਨ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀਆਂ ਸੇਵਾਵਾਂ ਪੰਜਾਬ ਪੁਲਿਸ, ਜੰਗਲਾਤ ਗਾਰਡ, ਅੱਗ ਬੁਝਾਊ ਸੇਵਾਵਾਂ, ਜੇਲ੍ਹ ਵਿਭਾਗ, ਹੋਮ ਗਾਰਡ, ਪੈਸਕੋ ਅਤੇ ਹੋਰ ਕਈ ਸਰਕਾਰੀ ਵਿਭਾਗਾਂ ਵਿੱਚ ਲਿਆਈਆਂ ਜਾ ਸਕਦੀਆਂ ਹਨ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਗਨੀਵੀਰਾਂ ਦੇ ਰਾਖਵਾਂਕਰਨ ਅਤੇ ਚੋਣ ਸਬੰਧੀ ਮਾਪਦੰਡ ਜਲਦ ਤੈਅ ਕੀਤੇ ਜਾਣ ਤਾਂ ਜੋ ਇਨ੍ਹਾਂ ਹੁਨਰਮੰਦ ਅਤੇ ਅਨੁਸ਼ਾਸਿਤ ਨੌਜਵਾਨਾਂ ਦੀ ਸਮਰੱਥਾ ਦਾ ਪੂਰਾ ਲਾਭ ਲਿਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਵਜੋਂ ਵੀ ਮਾਣ ਪ੍ਰਾਪਤ ਹੈ। ਪੰਜਾਬੀਆਂ ਦੀ ਹਿੰਮਤ, ਮਿਹਨਤ ਅਤੇ ਉੱਦਮੀ ਸੁਭਾਅ ਨੂੰ ਦੁਨੀਆ ਭਰ ਵਿੱਚ ਮਾਨਤਾ ਮਿਲੀ ਹੋਈ ਹੈ।

ਹਥਿਆਰਬੰਦ ਸੈਨਾਵਾਂ, ਅਰਧ ਸੈਨਿਕ ਬਲਾਂ, ਪੁਲਿਸ ਅਤੇ ਅਗਨੀਵੀਰਾਂ ਦੇ ਦੇਸ਼ ਦੀ ਸੁਰੱਖਿਆ ਵਿੱਚ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਸੁਰੱਖਿਆ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਕਦਮ ਸੈਨਿਕਾਂ, ਅਰਧ ਸੈਨਿਕ ਬਲਾਂ, ਪੁਲਿਸ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਹਿਲ ਅਗਨੀਵੀਰਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਰਾ ਦੇਣ ਵਿੱਚ ਮਦਦਗਾਰ ਸਾਬਤ ਹੋਵੇਗੀ।

Leave a Reply

Your email address will not be published. Required fields are marked *