
ਤਰਨਤਾਰਨ, 15 ਮਈ 2026: ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤਹਿਤ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ (BLOs) ਘਰ-ਘਰ ਜਾ ਕੇ ਵੋਟਰਾਂ ਤੋਂ ਫਾਰਮ ਭਰਵਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਹੁਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਵਿੱਚ SIR ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੁਹਿੰਮ ਲਈ 911 ਬੂਥਾਂ ‘ਤੇ 911 BLOs, 92 ਸੁਪਰਵਾਈਜ਼ਰ, 4 ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ ਅਤੇ 8 ਸਹਾਇਕ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ ਨਿਯੁਕਤ ਕੀਤੇ ਗਏ ਹਨ।
ਜ਼ਿਲ੍ਹੇ ਵਿੱਚ ਇਸ ਵੇਲੇ ਕੁੱਲ 7,75,205 ਵੋਟਰ ਦਰਜ ਹਨ ਅਤੇ ਹਰ BLO ਨੂੰ ਔਸਤਨ 850 ਵੋਟਰਾਂ ਦੀ SIR ਪ੍ਰਕਿਰਿਆ ਪੂਰੀ ਕਰਨੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 2003 ਦੀ ਵੋਟਰ ਸੂਚੀ ਨਾਲ ਹੁਣ ਤੱਕ 7,20,441 ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ, ਜੋ ਕਿ ਲਗਭਗ 93 ਫੀਸਦੀ ਬਣਦੀ ਹੈ।
ਉਨ੍ਹਾਂ ਕਿਹਾ ਕਿ ਹਰੇਕ ਵੋਟਰ ਲਈ SIR ਅਧੀਨ ਫਾਰਮ ਭਰਨਾ ਲਾਜ਼ਮੀ ਹੈ। ਜੋ ਵੋਟਰ ਇਨਿਊਮੇਰੇਸ਼ਨ ਫਾਰਮ ਨਹੀਂ ਭਰੇਗਾ, ਉਸਦਾ ਨਾਮ 31 ਜੁਲਾਈ 2026 ਨੂੰ ਜਾਰੀ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।
ਡਰਾਫਟ ਸੂਚੀ ਜਾਰੀ ਹੋਣ ਤੋਂ ਬਾਅਦ 30 ਅਗਸਤ ਤੱਕ ਦਾਅਵੇ ਅਤੇ ਇਤਰਾਜ਼ ਲਏ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕਰਕੇ 1 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ।
SIR ਦੇ ਨਾਲ ਹੀ 24 ਜੁਲਾਈ ਤੱਕ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ ਪੁਨਰਵਿਉਂਤ ਵੀ ਕੀਤੀ ਜਾਵੇਗੀ, ਤਾਂ ਜੋ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ 1 ਜਨਵਰੀ 2003 ਦੀਆਂ ਪੁਰਾਣੀਆਂ ਵੋਟਰ ਸੂਚੀਆਂ ਨੂੰ ਮੌਜੂਦਾ ਸੂਚੀਆਂ ਨਾਲ ਜੋੜਿਆ ਗਿਆ ਹੈ, ਜਿਸ ਨਾਲ ਵੋਟਰਾਂ ਨੂੰ ਜਾਣਕਾਰੀ ਲੱਭਣ ਵਿੱਚ ਆਸਾਨੀ ਰਹੇਗੀ।
ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਮੁਹਿੰਮ ਵਿੱਚ BLOs ਦਾ ਸਹਿਯੋਗ ਕਰਨ। BLOs ਲਈ 15 ਤੋਂ 24 ਜੂਨ ਤੱਕ ਵਿਸ਼ੇਸ਼ ਟ੍ਰੇਨਿੰਗ ਵੀ ਰੱਖੀ ਗਈ ਹੈ।
ਇਸਦੇ ਨਾਲ ਹੀ ਰਾਜਨੀਤਿਕ ਪਾਰਟੀਆਂ ਨੂੰ BLA ਨਿਯੁਕਤ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਦੱਸਿਆ ਕਿ BLA ਨੂੰ ਵੀ ਵੋਟਰਾਂ ਦੇ ਫਾਰਮ ਜਮ੍ਹਾਂ ਕਰਵਾਉਣ ਦੀ ਆਗਿਆ ਦਿੱਤੀ ਗਈ ਹੈ, ਤਾਂ ਜੋ ਰਾਜਨੀਤਿਕ ਪਾਰਟੀਆਂ ਦੀ ਭਾਗੀਦਾਰੀ ਵਧ ਸਕੇ।
ਉਨ੍ਹਾਂ ਕਿਹਾ ਕਿ ਵੋਟਰ 1950 ਹੈਲਪਲਾਈਨ ਜਾਂ ਚੋਣ ਕਮਿਸ਼ਨ ਦੀ ਵੈੱਬਸਾਈਟ ਰਾਹੀਂ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਵੋਟਰ ਸੂਚੀ ਸੰਬੰਧੀ ਫਾਰਮ ਭਰ ਸਕਦੇ ਹਨ।
ਡੀਸੀ ਰਾਹੁਲ ਨੇ ਭਰੋਸਾ ਦਿੱਤਾ ਕਿ SIR ਦੀ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ ਅਤੇ ਮੀਡੀਆ ਤੇ ਰਾਜਨੀਤਿਕ ਪਾਰਟੀਆਂ ਨਾਲ ਲਗਾਤਾਰ ਸਲਾਹ-ਮਸ਼ਵਰਾ ਕਰਕੇ ਵੋਟਰਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
