Wednesday, July 29Punjabi People

ਪੰਜਾਬ ‘ਚ SIR ਨੂੰ ਲੈ ਕੇ ਸਿਆਸੀ ਤਾਪਮਾਨ ਚੜ੍ਹਿਆ, ਮਾਲਵਿੰਦਰ ਕੰਗ ਨੇ ਭਾਜਪਾ ‘ਤੇ ਵੋਟ ਚੋਰੀ ਦੇ ਦੋਸ਼ ਲਗਾਏ

ਚੰਡੀਗੜ੍ਹ, 17 ਮਈ 2026: ਪੰਜਾਬ ਵਿੱਚ SIR (ਵੋਟਰ ਵੈਰੀਫਿਕੇਸ਼ਨ) ਪ੍ਰਕਿਰਿਆ ਨੂੰ ਲੈ ਕੇ ਸਿਆਸੀ ਮਾਹੌਲ ਤਪ ਗਿਆ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ‘SIR’ ਦੇ ਨਾਂ ਹੇਠ ਰਚੀ ਜਾ ਰਹੀ ਸਾਜ਼ਿਸ਼ ਦੇਸ਼ ਦੇ ਲੋਕਤੰਤਰ ਲਈ ਖ਼ਤਰਾ ਬਣ ਸਕਦੀ ਹੈ।

ਕੰਗ ਨੇ ਕਿਹਾ ਕਿ ਭਾਜਪਾ ਵੋਟਰ ਵੈਰੀਫਿਕੇਸ਼ਨ ਦੀ ਆੜ ਵਿੱਚ ਪੰਜਾਬ ਦੇ ਅਸਲ ਵੋਟਰਾਂ ਦੇ ਨਾਂ ਵੋਟਰ ਸੂਚੀ ਵਿੱਚੋਂ ਕੱਟਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਆਮ ਆਦਮੀ ਪਾਰਟੀ ਅਜਿਹਾ ਕਿਸੇ ਵੀ ਹਾਲਤ ਵਿੱਚ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰੱਖਿਆ ਲਾਜ਼ਮੀ ਹੈ।

ਪੱਛਮੀ ਬੰਗਾਲ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਨੇ ਉੱਥੇ ਡਿਫੈਂਸ ਫੋਰਸਿਜ਼ ਅਤੇ ਚੋਣ ਕਮਿਸ਼ਨ ਦੀ ਕਥਿਤ ਦੁਰਵਰਤੋਂ ਕਰਕੇ ਚੋਣਾਂ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦੀ ਰਣਨੀਤੀ ਅਪਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕੰਗ ਨੇ ਕਿਹਾ ਕਿ ਭਾਜਪਾ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਪੰਜਾਬ ਅਤੇ ਕਿਸਾਨਾਂ ਨੂੰ ਬਦਨਾਮ ਕਰਦੀ ਰਹੀ ਅਤੇ ਹੁਣ ਵੋਟਾਂ ਦੀ ਜਾਂਚ ਦੇ ਨਾਂ ‘ਤੇ ਪੰਜਾਬ ਦੇ ਪੱਕੇ ਵੋਟਰਾਂ ਨੂੰ ਸੂਚੀਆਂ ਵਿੱਚੋਂ ਬਾਹਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੰਵਿਧਾਨਕ ਅਤੇ ਲੋਕਤੰਤਰਿਕ ਹੱਕਾਂ ਦੀ ਰੱਖਿਆ ਲਈ ਸਚੇਤ ਅਤੇ ਜਾਗਰੂਕ ਰਹਿਣ।

ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੇ ਹਰ ਸੰਕਟ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਦੇਸ਼ ਦੇ ਅੰਨ ਭੰਡਾਰ ਭਰਨ ਤੋਂ ਲੈ ਕੇ ਸਰਹੱਦਾਂ ਦੀ ਰੱਖਿਆ ਤੱਕ ਪੰਜਾਬ ਅਤੇ ਪੰਜਾਬੀਆਂ ਦਾ ਯੋਗਦਾਨ ਸਦਾ ਮਹੱਤਵਪੂਰਨ ਰਿਹਾ ਹੈ। ਪਰ ਜਦੋਂ ਭਾਜਪਾ ਨੂੰ ਸਿੱਧਾ ਜਨ ਸਮਰਥਨ ਨਹੀਂ ਮਿਲਦਾ, ਤਾਂ ਉਹ ਅਜਿਹੇ ਹੱਥਕੰਡਿਆਂ ਰਾਹੀਂ ਸੱਤਾ ਹਾਸਲ ਕਰਨ ਦੀ ਕੋਸ਼ਿਸ਼ ਕਰਦੀ ਹੈ।‘

ਆਪ’ ਸਾਂਸਦ ਨੇ ਚੋਣ ਕਮਿਸ਼ਨ ਨੂੰ ਵੀ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਵੋਟ ਵੈਰੀਫਿਕੇਸ਼ਨ ਦੀ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਹੋਣੀ ਚਾਹੀਦੀ ਹੈ। ਜੇਕਰ ਕਿਸੇ ਸਾਜ਼ਿਸ਼ ਤਹਿਤ ਪੰਜਾਬੀਆਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕੰਗ ਨੇ ਖ਼ਦਸ਼ਾ ਜ਼ਾਹਿਰ ਕੀਤਾ ਕਿ ਭਾਜਪਾ ਦਾ ਮਕਸਦ ਸਿਰਫ਼ ਸਥਾਨਕ ਵੋਟਰਾਂ ਦੇ ਨਾਂ ਹਟਾਉਣਾ ਹੀ ਨਹੀਂ, ਸਗੋਂ ਅਜਿਹੇ ਬਾਹਰਲੇ ਲੋਕਾਂ ਦੇ ਨਾਂ ਵੀ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਹੈ, ਜਿਨ੍ਹਾਂ ਦਾ ਪੰਜਾਬ ਨਾਲ ਕੋਈ ਸਿੱਧਾ ਸਬੰਧ ਨਹੀਂ। ਉਨ੍ਹਾਂ ਕਿਹਾ ਕਿ ਇਹ ਸਭ ਵੋਟ ਬੈਂਕ ਦੀ ਰਾਜਨੀਤੀ ਅਤੇ ਸਮਾਜ ਵਿੱਚ ਵੰਡ ਪੈਦਾ ਕਰਨ ਲਈ ਕੀਤਾ ਜਾ ਰਿਹਾ ਹੈ।

ਉਨ੍ਹਾਂ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਸਪੱਸ਼ਟ ਸੰਦੇਸ਼ ਦਿੰਦਿਆਂ ਕਿਹਾ ਕਿ ਜੇ ਪੰਜਾਬੀਆਂ ਦੇ ਲੋਕਤੰਤਰਿਕ ਅਧਿਕਾਰਾਂ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਪੰਜਾਬੀ ਇਸਨੂੰ ਕਦੇ ਕਬੂਲ ਨਹੀਂ ਕਰਨਗੇ। ਪੰਜਾਬੀਆਂ ਨੇ ਹਮੇਸ਼ਾ ਅਨਿਆਂ ਦੇ ਖ਼ਿਲਾਫ਼ ਡਟ ਕੇ ਮੁਕਾਬਲਾ ਕੀਤਾ ਹੈ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਰੱਖਿਆ ਲਈ ਹਰ ਸੰਭਵ ਸੰਘਰਸ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *