Saturday, May 23Punjabi People

‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦਾ ਫਗਵਾੜਾ ਤੋਂ ਹੋਇਆ ਆਗਾਜ਼

ਫਗਵਾੜਾ 7 ਜਨਵਰੀ 2026: ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਬੁੱਧਵਾਰ ਨੂੰ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀਂ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਹੁਣ ਸਿਰਫ਼ ਪੁਲੀਸ ਕਾਰਵਾਈ ਤੱਕ ਸੀਮਤ ਨਹੀਂ ਰਹੀ, ਸਗੋਂ ਇਹ ਨਾਗਰਿਕਾਂ ਦੀ ਭਾਗੀਦਾਰੀ ਵਾਲੀ ਇੱਕ ਸਮਾਜਿਕ ਲਹਿਰ ਬਣ ਚੁੱਕੀ ਹੈ।

ਪਹਿਲੇ ਪੜਾਅ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਗਿਆ ਕਿ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਤਹਿਤ ਲਗਭਗ 30,000 ਕੇਸ ਦਰਜ ਕਰਕੇ 40,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕਰੋੜਾਂ ਦੀਆਂ ਜਾਇਦਾਦਾਂ ਫ਼ਰੀਜ਼ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ ਨਸ਼ਾਖੋਰੀ ਇੱਕ ਸਮਾਜਿਕ ਚੁਣੌਤੀ ਹੈ ਜਿਸ ਨੂੰ ਸਿਰਫ਼ ਡੰਡੇ ਨਾਲ ਨਹੀਂ, ਸਗੋਂ ਸਮਾਜਿਕ ਸਹਿਯੋਗ ਨਾਲ ਜਿੱਤਿਆ ਜਾ ਸਕਦਾ ਹੈ।

ਮੁਹਿੰਮ ਦੇ ਦੂਜੇ ਪੜਾਅ ਤਹਿਤ ਪਿੰਡ ਅਤੇ ਵਾਰਡ ਪੱਧਰ ’ਤੇ ਰੱਖਿਆ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਗੁਪਤ ਹੈਲਪਲਾਈਨਾਂ ਰਾਹੀਂ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਹੁਣ ਜਨਤਾ ਦੀ ਮਦਦ ਨਾਲ ਨਸ਼ਾ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਿਆ ਜਾਵੇਗਾ। ਸਰਕਾਰ ਨੇ ਸੀਸੀਟੀਵੀ ਨੈੱਟਵਰਕ, ਐਂਟੀ-ਡਰੋਨ ਸਮਰੱਥਾ ਅਤੇ ਪੁਲੀਸ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 40 ਕਰੋੜ ਰੁਪਏ ਦੇ ਫੰਡਾਂ ਨੂੰ ਮਨਜ਼ੂਰੀ ਦਿੱਤੀ ਹੈ। 10 ਤੋਂ 30 ਜਨਵਰੀ ਤੱਕ ਵਿਸ਼ੇਸ਼ ਆਊਟਰੀਚ ਪ੍ਰੋਗਰਾਮ ਚਲਾਏ ਜਾਣਗੇ ਤਾਂ ਜੋ ਪੰਜਾਬ ਦੀ ਨਵੀਂ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ।

Leave a Reply

Your email address will not be published. Required fields are marked *