
ਚੰਡੀਗੜ੍ਹ, 22 ਮਈ 2026: ਪੰਜਾਬ ਵਿੱਚ ਅਵਾਰਾ ਕੁੱਤਿਆਂ ਦੇ ਵਧ ਰਹੇ ਹਮਲਿਆਂ ਨੂੰ ਲੈ ਕੇ ਲੋਕਾਂ ਵਿੱਚ ਪੈਦਾ ਹੋ ਰਹੀ ਚਿੰਤਾ ਦੇ ਮੱਦੇਨਜ਼ਰ ਮੁੱਖ ਮੰਤਰੀ Bhagwant Mann ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਜਾਨਵਰਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ, ਬਜ਼ੁਰਗਾਂ ਅਤੇ ਪਰਿਵਾਰਾਂ ਨੂੰ ਬਿਨਾਂ ਡਰ ਜਨਤਕ ਥਾਵਾਂ `ਤੇ ਆਵਾਜਾਈ ਯਕੀਨੀ ਬਣਾਉਣ ਲਈ ਅਵਾਰਾ ਕੁੱਤਿਆਂ ਨੂੰ ਭੀੜ-ਭੜੱਕੇ ਵਾਲੇ ਇਲਾਕਿਆਂ ਤੋਂ ਹਟਾਇਆ ਜਾਵੇਗਾ। ਨਾਲ ਹੀ, ਉਨ੍ਹਾਂ ਦੀ ਦੇਖਭਾਲ ਲਈ ਲੋੜ ਅਨੁਸਾਰ ਡੌਗ ਸ਼ੈਲਟਰ ਬਣਾਏ ਅਤੇ ਚਲਾਏ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਮਨੁੱਖੀ ਜਾਨਾਂ ਦੀ ਸੁਰੱਖਿਆ ਦੇ ਨਾਲ ਜਾਨਵਰਾਂ ਦੀ ਸੰਭਾਲ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ।
ਮਈ 2026 ਨੂੰ ਸੁਪਰੀਮ ਕੋਰਟ ਵੱਲੋਂ ਜਾਰੀ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਭਰ ਵਿੱਚ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ ਅਨੁਸਾਰ, ਵੱਧ ਭੀੜ ਵਾਲੀਆਂ ਜਨਤਕ ਥਾਵਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਇਆ ਜਾਵੇਗਾ ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਆਜ਼ਾਦੀ ਨਾਲ ਘੁੰਮ-ਫਿਰ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਆਸਰਾ ਘਰ ਤਿਆਰ ਕੀਤੇ ਜਾਣਗੇ ਜਿੱਥੇ ਅਵਾਰਾ ਕੁੱਤਿਆਂ ਦੀ ਸਹੀ ਤਰੀਕੇ ਨਾਲ ਦੇਖਭਾਲ ਕੀਤੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਦਮ ਲੋਕਾਂ ਦੀ ਸੁਰੱਖਿਆ ਅਤੇ ਮਾਨਵੀ ਪੱਖ ਨੂੰ ਧਿਆਨ ਵਿੱਚ ਰੱਖ ਕੇ ਚੁੱਕੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਹਲਕਾਅ ਜਾਂ ਹੋਰ ਲਾਇਲਾਜ ਬਿਮਾਰੀਆਂ ਨਾਲ ਪੀੜਤ ਅਤੇ ਮਨੁੱਖੀ ਜਾਨ ਲਈ ਗੰਭੀਰ ਖ਼ਤਰਾ ਬਣੇ ਕੁੱਤਿਆਂ ਦੇ ਮਾਮਲਿਆਂ ਵਿੱਚ ਕਾਨੂੰਨੀ ਤੌਰ `ਤੇ ਮਨਜ਼ੂਰ ਕਦਮ ਚੁੱਕੇ ਜਾਣਗੇ, ਜਿਨ੍ਹਾਂ ਵਿੱਚ ਦਰਦ-ਰਹਿਤ ਮੌਤ ਵੀ ਸ਼ਾਮਲ ਹੋ ਸਕਦੀ ਹੈ। ਇਸ ਸਬੰਧੀ ਜਾਨਵਰਾਂ ਉੱਤੇ ਅੱਤਿਆਚਾਰ ਰੋਕੂ ਕਾਨੂੰਨ ਅਤੇ ਏ.ਬੀ.ਸੀ. ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਅਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਕਾਰਨ ਲੋਕਾਂ ਵਿੱਚ ਡਰ ਅਤੇ ਚਿੰਤਾ ਵਧ ਰਹੀ ਸੀ, ਜਿਸ ਕਾਰਨ ਸਰਕਾਰ ਲਈ ਇਸ ਮਾਮਲੇ ਵਿੱਚ ਢੁੱਕਵੀਂ ਅਤੇ ਫੈਸਲਾਕੁੰਨ ਕਾਰਵਾਈ ਕਰਨੀ ਲਾਜ਼ਮੀ ਹੋ ਗਈ ਸੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਜਨਤਕ ਭਲਾਈ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹਰ ਫੈਸਲੇ ਦਾ ਕੇਂਦਰ ਆਮ ਲੋਕਾਂ ਦੀ ਸੁਰੱਖਿਆ, ਭਲਾਈ ਅਤੇ ਪੰਜਾਬ ਦੀ ਤਰੱਕੀ ਹੈ। ਉਨ੍ਹਾਂ ਕਿਹਾ ਕਿ ਜਨਤਕ ਸੁਰੱਖਿਆ ਨਾਲ ਜੁੜੇ ਮਾਮਲੇ ਸਰਕਾਰ ਦੀ ਪਹਿਲ ਰਹਿੰਦੇ ਹਨ।
ਐਕਸ `ਤੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ Bhagwant Mann ਨੇ ਲਿਖਿਆ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ 19 ਮਈ 2026 ਦੇ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾ ਕੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ ਅਤੇ ਕੁੱਤਿਆਂ ਲਈ ਲੋੜੀਂਦੇ ਆਸਰਾ ਘਰ ਬਣਾਕੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਮਨੁੱਖੀ ਜਾਨ ਲਈ ਖ਼ਤਰਾ ਬਣ ਰਹੇ ਜਾਂ ਗੰਭੀਰ ਬਿਮਾਰੀਆਂ ਨਾਲ ਪੀੜਤ ਕੁੱਤਿਆਂ ਸਬੰਧੀ ਕਾਨੂੰਨੀ ਪ੍ਰਾਵਧਾਨਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਸਾਰੇ ਕਦਮ ਜਾਨਵਰ ਭਲਾਈ ਕਾਨੂੰਨਾਂ ਦੀ ਪਾਲਣਾ ਕਰਦਿਆਂ ਹੀ ਚੁੱਕੇ ਜਾਣਗੇ।
