
ਚੰਡੀਗੜ੍ਹ, 24 ਮਈ 2026: ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਕਿਸਾਨ ਹਿਤੈਸ਼ੀ ਨੀਤੀਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਇਸ ਸਬੰਧ ਵਿੱਚ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਆਉਣ ਵਾਲੇ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਨਾਂ ਰੁਕਾਵਟ ਘੱਟੋ-ਘੱਟ 8 ਘੰਟੇ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੂਰੇ ਸੂਬੇ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਸਰਕਾਰ ਵੱਲੋਂ ਜਾਰੀ ਨਵਾਂ ਬਿਜਲੀ ਸ਼ਡਿਊਲ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੜਾਅਵਾਰ ਲਾਗੂ ਕੀਤਾ ਜਾਵੇਗਾ। 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਇਸ ਤੋਂ ਬਾਅਦ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਇਹ ਪ੍ਰਬੰਧ ਲਾਗੂ ਹੋਵੇਗਾ। 9 ਜੂਨ ਤੋਂ ਲੁਧਿਆਣਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਐਸ.ਬੀ.ਐਸ. ਨਗਰ ਸਮੇਤ ਬਾਕੀ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੂੰ 8 ਘੰਟੇ ਤੋਂ ਵੱਧ ਬਿਜਲੀ ਦਿੱਤੀ ਜਾਵੇਗੀ।
ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਖੇਤੀਬਾੜੀ ਖੇਤਰ ਹੈ ਕਿਉਂਕਿ ਕਿਸਾਨ ਸੂਬੇ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ। ਇਸ ਲਈ ਝੋਨੇ ਦੇ ਸੀਜ਼ਨ ਦੌਰਾਨ ਉਨ੍ਹਾਂ ਨੂੰ ਹਰ ਸੰਭਵ ਸਹੂਲਤ ਦੇਣ ਲਈ ਪਹਿਲਾਂ ਹੀ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ PSPCL ਨੇ ਬਿਜਲੀ ਸਪਲਾਈ ਦੀ ਨਿਰੰਤਰ ਨਿਗਰਾਨੀ ਲਈ ਸੂਬੇ ਭਰ ਵਿੱਚ ਵਿਸ਼ੇਸ਼ ਫੀਲਡ ਟੀਮਾਂ ਤਾਇਨਾਤ ਕੀਤੀਆਂ ਹਨ। ਇਹ ਟੀਮਾਂ 24 ਘੰਟੇ ਸਰਗਰਮ ਰਹਿਣਗੀਆਂ ਅਤੇ ਕਿਸੇ ਵੀ ਤਕਨੀਕੀ ਸਮੱਸਿਆ—ਜਿਵੇਂ ਟਰਾਂਸਫਾਰਮਰ ਫਾਲਟ, ਲਾਈਨ ਖਰਾਬੀ ਜਾਂ ਹੋਰ ਬਿਜਲੀ ਨੁਕਸ—ਨੂੰ ਤੁਰੰਤ ਹੱਲ ਕਰਨ ਲਈ ਜ਼ਿੰਮੇਵਾਰ ਹੋਣਗੀਆਂ।
ਇਸ ਦੇ ਨਾਲ ਹੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਸਮਰਪਿਤ ਕੰਟਰੋਲ ਰੂਮ ਵੀ ਚਲਾਏ ਜਾ ਰਹੇ ਹਨ। ਸਰਕਾਰ ਵੱਲੋਂ ਬਿਜਲੀ ਬੁਨਿਆਦੀ ਢਾਂਚੇ ਦੀ ਪਹਿਲਾਂ ਹੀ ਮੁਰੰਮਤ ਅਤੇ ਰੱਖ-ਰਖਾਅ ਦਾ ਕੰਮ ਵੀ ਪੂਰਾ ਕਰ ਲਿਆ ਗਿਆ ਹੈ ਤਾਂ ਜੋ ਸੀਜ਼ਨ ਦੌਰਾਨ ਕੋਈ ਵੱਡੀ ਰੁਕਾਵਟ ਨਾ ਆਵੇ।
ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਦੀ ਵਰਤੋਂ ਸੂਝ-ਬੂਝ ਨਾਲ ਕਰਨ ਅਤੇ ਜਾਰੀ ਕੀਤੇ ਗਏ ਸ਼ਡਿਊਲ ਦੀ ਪਾਲਣਾ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਝੋਨੇ ਦੀ ਬਿਜਾਈ ਦਾ ਸੀਜ਼ਨ ਸੁਚਾਰੂ ਅਤੇ ਸਫਲ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।