
ਹੁਸ਼ਿਆਰਪੁਰ, 25 ਮਈ 2026 : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ Aashika Jain ਦੀ ਅਗਵਾਈ ਹੇਠ 21 ਤੋਂ 23 ਮਈ ਤੱਕ GNA Gears Ltd, ਮੇਹਟੀਆਣਾ ਵਿਖੇ ਤਿੰਨ ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਸਹਾਇਤਾ ਦੇ ਕੇ ਕੀਮਤੀ ਜਾਨਾਂ ਨੂੰ ਬਚਾਉਣ ਸਬੰਧੀ ਜਾਗਰੂਕਤਾ ਫੈਲਾਉਣਾ ਸੀ।
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ Mangesh Sood ਨੇ ਦੱਸਿਆ ਕਿ ਕੈਂਪ ਦੌਰਾਨ ਟ੍ਰੇਨਰ Anu Sharma ਵੱਲੋਂ ਕੰਪਨੀ ਦੇ 30 ਕਰਮਚਾਰੀਆਂ ਨੂੰ ਫਸਟ ਏਡ ਸਬੰਧੀ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ। ਟ੍ਰੇਨਿੰਗ ਦੌਰਾਨ ਕਰਮਚਾਰੀਆਂ ਨੂੰ ਹਾਦਸੇ ਜਾਂ ਅਚਾਨਕ ਬਿਮਾਰੀ ਦੀ ਸਥਿਤੀ ਵਿੱਚ ਸੀ.ਪੀ.ਆਰ. ਦੇਣਾ, ਖੂਨ ਵਗਣ ਤੋਂ ਰੋਕਣਾ, ਹੱਡੀ ਟੁੱਟਣ ਦੀ ਸਥਿਤੀ ਵਿੱਚ ਪੱਟੀ ਬੰਨ੍ਹਣਾ ਅਤੇ ਬੇਹੋਸ਼ ਮਰੀਜ਼ ਦੀ ਸੰਭਾਲ ਕਰਨ ਦੇ ਪ੍ਰਯੋਗਿਕ ਤਰੀਕੇ ਸਿਖਾਏ ਗਏ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਸ ਸਮੇਂ ਪੂਰੇ ਜ਼ਿਲ੍ਹੇ ਵਿੱਚ ਫਸਟ ਏਡ ਅਤੇ ਹੋਮ ਨਰਸਿੰਗ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹੇ ਦੇ ਕਾਲਜਾਂ, ਪੰਜਾਬ ਰੋਡਵੇਜ਼ ਦੇ ਡਰਾਈਵਰਾਂ ਅਤੇ ਕੰਡਕਟਰਾਂ, ਨਾਲ ਹੀ ਵੱਖ-ਵੱਖ ਛੋਟੇ-ਵੱਡੇ ਉਦਯੋਗਾਂ ਅਤੇ ਫੈਕਟਰੀਆਂ ਵਿੱਚ ਵੀ ਟ੍ਰੇਨਿੰਗ ਕੈਂਪ ਲਗਾਏ ਜਾਣਗੇ।
ਮੰਗੇਸ਼ ਸੂਦ ਨੇ ਕਿਹਾ ਕਿ ਉਦਯੋਗਿਕ ਇਕਾਈਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਕੰਮ ਦੌਰਾਨ ਸੱਟ ਲੱਗਣ ਦਾ ਖਤਰਾ ਵੱਧ ਹੁੰਦਾ ਹੈ, ਇਸ ਲਈ ਉਨ੍ਹਾਂ ਨੂੰ ਫਸਟ ਏਡ ਦੀ ਸਹੀ ਸਿਖਲਾਈ ਦੇਣਾ ਬਹੁਤ ਜ਼ਰੂਰੀ ਹੈ। ਇਸ ਨਾਲ ਕਿਸੇ ਵੀ ਅਣਹੋਣੀ ਸਥਿਤੀ ਵਿੱਚ ਡਾਕਟਰੀ ਸਹਾਇਤਾ ਪਹੁੰਚਣ ਤੋਂ ਪਹਿਲਾਂ ਹੀ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇਗਾ।
