
ਚੰਡੀਗੜ੍ਹ/ਫਿਰੋਜ਼ਪੁਰ, 26 ਮਈ 2026: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਪੰਜਾਬ Gaurav Yadav ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਕੇ ਮੁਲਜ਼ਮ ਨੂੰ ਕਾਬੂ ਕੀਤਾ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਖੇੜਾ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਮੁਤਾਬਕ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਸਾਹਮਣੇ ਆਇਆ ਹੈ ਅਤੇ ਉਹ ਕੁਝ ਸਮਾਂ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਹੋਇਆ ਸੀ।
ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮ ਕੋਲੋਂ ਪੰਜ .30 ਬੋਰ ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਆਧੁਨਿਕ ਹਥਿਆਰ ਸਰਹੱਦ ਪਾਰੋਂ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਵਿੱਚ ਤਸਕਰੀ ਕਰਕੇ ਲਿਆਂਦੇ ਗਏ ਸਨ। ਇਨ੍ਹਾਂ ਨੂੰ ਅੱਗੇ ਅਪਰਾਧਿਕ ਗਿਰੋਹਾਂ ਅਤੇ ਨੈੱਟਵਰਕਾਂ ਤੱਕ ਪਹੁੰਚਾਉਣ ਦੀ ਯੋਜਨਾ ਬਣਾਈ ਗਈ ਸੀ।
ਇਸ ਮਾਮਲੇ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਲਖਵਿੰਦਰ ਸਿੰਘ ਇਲਾਕੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਦੀ ਤਿਆਰੀ ਵਿੱਚ ਹੈ। ਇਸ ਤੋਂ ਬਾਅਦ ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੇ ਕੁਲਗੜ੍ਹੀ ਇਲਾਕੇ ਵਿੱਚ ਗੁਪਤ ਆਪ੍ਰੇਸ਼ਨ ਚਲਾਇਆ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
ਤਲਾਸ਼ੀ ਦੌਰਾਨ ਪੁਲਿਸ ਨੇ 5 ਆਧੁਨਿਕ ਗਲੌਕ ਪਿਸਤੌਲਾਂ ਦੀ ਖੇਪ ਬਰਾਮਦ ਕੀਤੀ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਆਪਣੇ ਹੈਂਡਲਰ ਦੇ ਨਿਰਦੇਸ਼ਾਂ ‘ਤੇ ਇਹ ਹਥਿਆਰ ਵੱਖ-ਵੱਖ ਅਪਰਾਧਿਕ ਗਿਰੋਹਾਂ ਦੇ ਮੈਂਬਰਾਂ ਤੱਕ ਪਹੁੰਚਾਉਣ ਵਾਲਾ ਸੀ।
ਪੁਲਿਸ ਨੇ ਮਾਮਲੇ ਵਿੱਚ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਤਸਕਰੀ ਰੈਕਟ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਸਰਹੱਦ ਪਾਰ ਤਸਕਰੀ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ।
