
ਮਾਨਸਾ, 26 ਮਈ 2026: ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮਾਨਸਾ ਦੀਆਂ ਤਿੰਨ ਨਗਰ ਕੌਂਸਲਾਂ—ਮਾਨਸਾ, ਬੁਢਲਾਡਾ ਅਤੇ ਬਰੇਟਾ—ਅਤੇ ਦੋ ਨਗਰ ਪੰਚਾਇਤਾਂ ਜੋਗਾ ਤੇ ਬੋਹਾ ਵਿੱਚ ਜਾਰੀ ਮਤਦਾਨ ਪ੍ਰਕਿਰਿਆ ਦਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਵੱਲੋਂ ਅਚਾਨਕ ਦੌਰਾ ਕਰਕੇ ਜਾਇਜ਼ਾ ਲਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਵੋਟਰਾਂ ਦੀ ਸੁਵਿਧਾ ਲਈ ਸਾਰੇ ਪੋਲਿੰਗ ਬੂਥਾਂ ‘ਤੇ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬੂਥਾਂ ‘ਤੇ ਬੈਠਣ ਦੀ ਸੁਵਿਧਾ, ਸਾਫ਼ ਪੀਣ ਵਾਲਾ ਪਾਣੀ ਅਤੇ ਬਜ਼ੁਰਗ ਵੋਟਰਾਂ ਲਈ ਵ੍ਹੀਲ ਚੇਅਰਾਂ ਦਾ ਪ੍ਰਬੰਧ ਯਕੀਨੀ ਬਣਾਇਆ ਗਿਆ ਹੈ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੇ ਇਸ ਮਹੱਤਵਪੂਰਨ ਤਿਉਹਾਰ ਵਿੱਚ ਆਪਣੀ ਭਾਗੀਦਾਰੀ ਨਿਭਾਉਂਦੇ ਹੋਏ ਵੋਟ ਦੇ ਅਧਿਕਾਰ ਦੀ ਜ਼ਰੂਰ ਵਰਤੋਂ ਕਰਨ। ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਨਵੇਂ ਵੋਟਰਾਂ ਦੀ ਭਾਗੀਦਾਰੀ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਤਪਦੀ ਗਰਮੀ ਵਿੱਚ ਡਿਊਟੀ ਨਿਭਾ ਰਹੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪ੍ਰਸ਼ੰਸਾ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਮਾਨਸਾ ਵਿੱਚ ਕੁੱਲ 137 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਬੂਥਾਂ ਦੇ ਅੰਦਰ ਅਤੇ ਬਾਹਰ ਸੀਸੀਟੀਵੀ ਕੈਮਰੇ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਬਹੁਤ ਸਾਰੇ ਪੋਲਿੰਗ ਬੂਥਾਂ ‘ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਪੱਖੋਂ ਪੂਰੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਖਾਸ ਤੌਰ ‘ਤੇ ਪਹਿਲੀ ਵਾਰ ਵੋਟ ਪਾਉਣ ਆਏ ਨੌਜਵਾਨਾਂ ਅਤੇ ਉਤਸ਼ਾਹ ਨਾਲ ਮਤਦਾਨ ਕਰਨ ਵਾਲੇ ਬਜ਼ੁਰਗਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।
ਇਸ ਦੌਰਾਨ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਪੁਲਿਸ ਵੱਲੋਂ ਤਿੰਨਾਂ ਨਗਰ ਕੌਂਸਲਾਂ ਅਤੇ ਦੋਨੋਂ ਨਗਰ ਪੰਚਾਇਤਾਂ ਵਿੱਚ ਚੱਲ ਰਹੀ ਚੋਣ ਪ੍ਰਕਿਰਿਆ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਪੋਲਿੰਗ ਬੂਥ ‘ਤੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਰ ਬਿਨਾਂ ਕਿਸੇ ਡਰ ਜਾਂ ਰੁਕਾਵਟ ਦੇ ਆਪਣੇ ਮਤ ਦਾ ਇਸਤੇਮਾਲ ਕਰ ਸਕਣ ਅਤੇ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ ਹੋਣ।
ਉਨ੍ਹਾਂ ਦੱਸਿਆ ਕਿ ਚੋਣ ਡਿਊਟੀ ਲਈ ਕਰੀਬ 800 ਪੁਲਿਸ ਮੁਲਾਜ਼ਮ, 7 ਡੀ.ਐਸ.ਪੀ., 2 ਐਸ.ਪੀ., 19 ਪੈਟਰੋਲਿੰਗ ਪਾਰਟੀਆਂ ਅਤੇ 19 ਰਿਜ਼ਰਵ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਨਾਕਾਬੰਦੀ ਵੀ ਕੀਤੀ ਗਈ ਹੈ ਤਾਂ ਜੋ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਾਰੇ ਵੋਟਰ ਬੇਝਿਜਕ ਹੋ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।
