
ਅੰਮ੍ਰਿਤਸਰ, 27 ਮਈ 2026: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇੱਕ ਅੰਤਰਰਾਜੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਅੱਠ ਆਧੁਨਿਕ ਪਿਸਤੌਲ ਅਤੇ ਵੱਡੀ ਗਿਣਤੀ ਵਿੱਚ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਦੇ ਸਿੱਧੇ ਸੰਪਰਕ ਵਿੱਚ ਸਨ। ਮੁਲਜ਼ਮ ਵਰਚੁਅਲ ਨੰਬਰਾਂ ਅਤੇ ਡਿਜ਼ਿਟਲ ਪਲੇਟਫਾਰਮਾਂ ਰਾਹੀਂ ਵਿਦੇਸ਼ੀ ਤਸਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਦੇ ਸਨ।
ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਮੰਗਵਾਈਆਂ ਜਾਂਦੀਆਂ ਸਨ। ਇਸ ਤੋਂ ਬਾਅਦ ਇਹ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੇ ਪੰਜਾਬ ਦੇ ਵੱਖ-ਵੱਖ ਅਪਰਾਧਿਕ ਗਿਰੋਹਾਂ ਅਤੇ ਗੈਰ-ਸਮਾਜਿਕ ਤੱਤਾਂ ਤੱਕ ਪਹੁੰਚਾਏ ਜਾਂਦੇ ਸਨ। ਪੁਲਿਸ ਅਨੁਸਾਰ ਇਹ ਮਾਡਿਊਲ ਕਾਫ਼ੀ ਸਮੇਂ ਤੋਂ ਸਰਗਰਮ ਸੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਲੋਕਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।
ਅੰਮ੍ਰਿਤਸਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਥਾਣਾ ਛੇਹਰਟਾ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਗਿਰੋਹ ਨਾਲ ਜੁੜੇ ਹੋਰ ਲੋਕਾਂ ਅਤੇ ਸਰਹੱਦ ਪਾਰ ਬੈਠੇ ਤਸਕਰਾਂ ਦੀ ਪਹਿਚਾਣ ਕੀਤੀ ਜਾ ਸਕੇ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਬਣਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਤੋਂ ਡਰੋਨ ਰਾਹੀਂ ਹੋ ਰਹੀ ਤਸਕਰੀ ਪੰਜਾਬ ਪੁਲਿਸ ਲਈ ਵੱਡੀ ਚੁਣੌਤੀ ਹੈ, ਪਰ ਸੁਰੱਖਿਆ ਏਜੰਸੀਆਂ ਪੂਰੀ ਚੌਕਸੀ ਨਾਲ ਅਜਿਹੇ ਮਾਡਿਊਲਾਂ ਨੂੰ ਤੋੜਨ ਵਿੱਚ ਜੁਟੀਆਂ ਹੋਈਆਂ ਹਨ।
