Saturday, June 6Punjabi People

“ਆਪ” ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੇ ਜਿੱਤਿਆ ਲੋਕਾਂ ਦਾ ਭਰੋਸਾ, 45 ਪਰਿਵਾਰ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ/ਦਿੜ੍ਹਬਾ, 27 ਮਈ 2026: ਵਿਧਾਨ ਸਭਾ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਚੰਗਾਲੀ ਵਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ ਜਦੋਂ ਪਿੰਡ ਦੇ 45 ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਇਨ੍ਹਾਂ ਪਰਿਵਾਰਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ, ਇਮਾਨਦਾਰ ਪ੍ਰਸ਼ਾਸਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਵਿਕਾਸਮੁਖੀ ਕਾਰਗੁਜ਼ਾਰੀ ‘ਤੇ ਭਰੋਸਾ ਜਤਾਉਂਦਿਆਂ “ਆਪ” ਦਾ ਸਾਥ ਦੇਣ ਦਾ ਐਲਾਨ ਕੀਤਾ।

ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਫੁੱਲ ਮਾਲਾਵਾਂ ਅਤੇ ਸਿਰੋਪੇ ਪਾ ਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸਿਰਫ਼ ਇੱਕ ਰਾਜਨੀਤਿਕ ਸ਼ਮੂਲੀਅਤ ਨਹੀਂ, ਸਗੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਵਧਦੇ ਲੋਕ ਭਰੋਸੇ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਰਵਾਇਤੀ ਸਿਆਸਤ ਤੋਂ ਅੱਕ ਚੁੱਕੇ ਹਨ ਅਤੇ ਉਹ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਲੋਕਾਂ ਦੇ ਵਿਚ ਰਹਿ ਕੇ ਜ਼ਮੀਨੀ ਪੱਧਰ ‘ਤੇ ਕੰਮ ਕਰੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਮੇਸ਼ਾ ਆਮ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਹਰ ਵਰਗ ਲਈ ਕੰਮ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੋਕਾਂ ਨੂੰ ਅਜਿਹੀ ਸਰਕਾਰ ਮਿਲੀ ਹੈ ਜਿਸ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਅਮਲ ਵਿੱਚ ਲਿਆਂਦਾ ਹੈ। ਇਸੇ ਕਰਕੇ ਸੂਬੇ ਭਰ ਵਿੱਚ ਵੱਡੀ ਗਿਣਤੀ ਵਿੱਚ ਲੋਕ “ਆਪ” ਨਾਲ ਜੁੜ ਰਹੇ ਹਨ।

ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਪਰਿਵਾਰ ਅਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਦਿੜ੍ਹਬਾ ਹਲਕੇ ਦੇ ਵਿਕਾਸ ਲਈ ਸਭ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਅਤੇ ਲੋਕ ਸੇਵਾ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ।

ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਕਿਸਾਨੀ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਅਹਿਮ ਕਦਮ ਚੁੱਕ ਕੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸੁਧਾਰ, ਆਮ ਲੋਕਾਂ ਲਈ ਮੁਫ਼ਤ ਇਲਾਜ ਦੀਆਂ ਸਹੂਲਤਾਂ, 600 ਯੂਨਿਟ ਮੁਫ਼ਤ ਬਿਜਲੀ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਯਤਨਾਂ ਨਾਲ ਲੋਕਾਂ ਵਿੱਚ ਨਵਾਂ ਵਿਸ਼ਵਾਸ ਪੈਦਾ ਹੋਇਆ ਹੈ।

ਪਰਿਵਾਰਾਂ ਨੇ ਇਹ ਵੀ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਨੇ ਉਨ੍ਹਾਂ ਨੂੰ ਕਾਫ਼ੀ ਪ੍ਰਭਾਵਿਤ ਕੀਤਾ ਹੈ। ਪਿੰਡਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸਿਹਤ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਲੋਕਾਂ ਨੇ ਸ਼ਲਾਘਾ ਕੀਤੀ।

Leave a Reply

Your email address will not be published. Required fields are marked *