Saturday, September 12Punjabi People

ਮਿਉਂਸਪਲ ਚੋਣਾਂ ‘ਚ ‘ਆਪ’ ਦੀ ਹੂੰਝਾ ਫੇਰ ਜਿੱਤ ‘ਤੇ ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ਲੋਕਾਂ ਨੇ ਵਿਕਾਸ ਦੀ ਰਾਜਨੀਤੀ ‘ਤੇ ਲਗਾਈ ਮੋਹਰ

ਚੰਡੀਗੜ੍ਹ, 29 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਭਾਰੀ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਕੇਂਦਰਿਤ ਸ਼ਾਸਨ ਮਾਡਲ ‘ਤੇ ਜਨਤਾ ਵੱਲੋਂ ਲਗਾਈ ਗਈ ਫੈਸਲਾਕੁਨ ਮੋਹਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਨਫ਼ਰਤ, ਧ੍ਰੁਵੀਕਰਨ ਅਤੇ ਨਕਾਰਾਤਮਕ ਰਾਜਨੀਤੀ ਦੀ ਥਾਂ ਵਿਕਾਸ ਅਤੇ ਲੋਕ-ਭਲਾਈ ਦੀ ਰਾਜਨੀਤੀ ਨੂੰ ਤਰਜੀਹ ਦਿੰਦੇ ਹਨ।

ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਨਤੀਜੇ ਸਪਸ਼ਟ ਕਰਦੇ ਹਨ ਕਿ ਲੋਕ ਮੁਫ਼ਤ ਬਿਜਲੀ, ਮਿਆਰੀ ਸਿੱਖਿਆ, ਮੁਫ਼ਤ ਤੇ ਬਿਹਤਰ ਸਿਹਤ ਸੇਵਾਵਾਂ, ਨੌਜਵਾਨਾਂ ਲਈ ਰੁਜ਼ਗਾਰ ਅਤੇ ਹੋਰ ਲੋਕ-ਹਿਤੈਸ਼ੀ ਯੋਜਨਾਵਾਂ ਨਾਲ ਸੰਤੁਸ਼ਟ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ‘ਆਪ’ ਨੂੰ ਭਾਰੀ ਸਮਰਥਨ ਮਿਲਿਆ ਹੈ। ਉਨ੍ਹਾਂ ਖਾਸ ਤੌਰ ‘ਤੇ ਆਪਣੇ ਧੂਰੀ ਹਲਕੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉੱਥੇ ਪਾਰਟੀ ਨੇ 21 ਵਿੱਚੋਂ 19 ਸੀਟਾਂ ਜਿੱਤ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਕਿ ਪੰਜਾਬ ਦੇ ਲੋਕ ਹੁਣ ਕਾਰਗੁਜ਼ਾਰੀ ਅਤੇ ਇਮਾਨਦਾਰ ਸ਼ਾਸਨ ਦੀ ਰਾਜਨੀਤੀ ਦੇ ਨਾਲ ਖੜ੍ਹੇ ਹਨ।

ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਈਡੀ ਪਾਰਟੀ” ਨੂੰ ਪੰਜਾਬ ਦੇ ਲੋਕਾਂ ਨੇ ਪੰਜਵੇਂ ਸਥਾਨ ‘ਤੇ ਧੱਕ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ 1000 ਤੋਂ ਵੱਧ ਸੀਟਾਂ ‘ਤੇ ਆਪਣੀ ਜ਼ਮਾਨਤ ਤੱਕ ਨਹੀਂ ਬਚਾ ਸਕੀ ਅਤੇ ਕਈ ਥਾਵਾਂ ‘ਤੇ ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨਾਲੋਂ ਵਧੀਆ ਪ੍ਰਦਰਸ਼ਨ ਕੀਤਾ। ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਭਾਜਪਾ ਦਾ ਮੁਕਾਬਲਾ “ਨੋਟਾ” ਨਾਲ ਦਿਖਾਈ ਦੇ ਰਿਹਾ ਸੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਫਿਰਕੂ ਤਾਕਤਾਂ ਨੂੰ ਨਕਾਰਦਿਆਂ ਧਰਮਨਿਰਪੱਖਤਾ ਅਤੇ ਵਿਕਾਸ ਦੇ ਹੱਕ ਵਿੱਚ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਭਾਰੀ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕਾਂ ਦਾ ਵੋਟ ਪਾਉਣ ਲਈ ਘਰਾਂ ਤੋਂ ਬਾਹਰ ਨਿਕਲਣਾ ਲੋਕਤੰਤਰ ਲਈ ਬਹੁਤ ਹੀ ਸਕਾਰਾਤਮਕ ਸੰਕੇਤ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ‘ਆਪ’ ਨੂੰ ਮਿਲ ਰਿਹਾ ਸਮਰਥਨ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਪਹਿਲਾਂ ਪੰਚਾਇਤੀ ਚੋਣਾਂ ਵਿੱਚ 13 ਹਜ਼ਾਰ ਵਿੱਚੋਂ 11 ਹਜ਼ਾਰ ਤੋਂ ਵੱਧ ਸੀਟਾਂ ਜਿੱਤੀਆਂ, ਫਿਰ ਜਲੰਧਰ ਲੋਕ ਸਭਾ ਜ਼ਿਮਨੀ ਚੋਣ, ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ, ਜ਼ਿਲ੍ਹਾ ਪ੍ਰੀਸ਼ਦਾਂ ਅਤੇ ਬਲਾਕ ਸਮਿਤੀਆਂ ਵਿੱਚ ਵੀ ਵੱਡੀ ਜਿੱਤ ਦਰਜ ਕੀਤੀ। ਹੁਣ ਨਗਰ ਨਿਗਮਾਂ ਅਤੇ ਕੌਂਸਲਾਂ ਦੇ ਨਤੀਜਿਆਂ ਨੇ ਵੀ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦਾ ਭਰੋਸਾ ‘ਆਪ’ ‘ਤੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੀ ਸਾਂਝੀ ਤਾਕਤ ਵੀ ‘ਆਪ’ ਨੂੰ ਮਿਲ ਰਹੇ ਲੋਕ ਸਮਰਥਨ ਦੇ ਸਾਹਮਣੇ ਟਿਕ ਨਹੀਂ ਸਕੀ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਾਰੀਆਂ ਪਾਰਟੀਆਂ ਮਿਲ ਕੇ ਵੀ ‘ਆਪ’ ਦੇ ਜਿੱਤੇ ਹੋਏ ਅੰਕੜੇ ਦੇ ਨੇੜੇ ਨਹੀਂ ਪਹੁੰਚ ਸਕੀਆਂ।

ਹਲਕਾਵਾਰ ਨਤੀਜਿਆਂ ਦਾ ਹਵਾਲਾ ਦਿੰਦਿਆਂ ਮਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਦੇ ਜੱਦੀ ਹਲਕੇ ਗਿੱਦੜਬਾਹਾ ਵਿੱਚ ‘ਆਪ’ ਨੇ 19 ਵਿੱਚੋਂ 17 ਸੀਟਾਂ ਜਿੱਤੀਆਂ, ਜਦਕਿ ਬਰਨਾਲਾ ਵਿੱਚ ਵੀ ਪਾਰਟੀ ਨੇ 50 ਵਿੱਚੋਂ 37 ਸੀਟਾਂ ‘ਤੇ ਕਬਜ਼ਾ ਕੀਤਾ। ਉਨ੍ਹਾਂ ਕਿਹਾ ਕਿ ਦੁਆਬਾ, ਮਾਝਾ ਅਤੇ ਮਾਲਵਾ ਤਿੰਨਾਂ ਖੇਤਰਾਂ ਵਿੱਚ ਲੋਕਾਂ ਨੇ ਵੱਡੀ ਗਿਣਤੀ ਵਿੱਚ ‘ਆਪ’ ਨੂੰ ਸਮਰਥਨ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਕਿਸਾਨਾਂ ਲਈ ਦਿਨ ਵੇਲੇ ਬਿਜਲੀ ਸਪਲਾਈ, ਸਰਕਾਰੀ ਸਕੂਲਾਂ ਵਿੱਚ ਸੁਧਾਰ ਅਤੇ ਹੋਰ ਲੋਕ-ਭਲਾਈ ਯੋਜਨਾਵਾਂ ਦੇ ਹੱਕ ਵਿੱਚ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਸੂਬੇ ਦੇ ਹਰ ਵਰਗ ਦੇ ਲੋਕਾਂ ਦੇ ਵਿਆਪਕ ਸਮਰਥਨ ਦਾ ਪ੍ਰਤੀਕ ਹੈ।

ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਕੁਝ ਪਾਰਟੀਆਂ ਹਾਰ ਤੋਂ ਬਾਅਦ ਹਮੇਸ਼ਾ ਈਵੀਐਮ ਜਾਂ ਚੋਣ ਪ੍ਰਕਿਰਿਆ ‘ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਫ਼ੈਸਲੇ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਜਨਤੰਤਰਿਕ ਪ੍ਰਣਾਲੀ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਪਾਰਟੀ ਛੱਡ ਕੇ ਜਾਣ ਵਾਲੇ ਸਾਬਕਾ ਆਗੂਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਾਰਟੀ ਨਾਲ ਧੋਖਾ ਕੀਤਾ, ਲੋਕਾਂ ਨੇ ਉਨ੍ਹਾਂ ਨੂੰ ਵੀ ਜਵਾਬ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਸਿਰਫ਼ ਉਹਨਾਂ ਆਗੂਆਂ ਨਾਲ ਖੜ੍ਹੀ ਹੈ ਜੋ ਇਮਾਨਦਾਰੀ ਨਾਲ ਲੋਕਾਂ ਲਈ ਕੰਮ ਕਰਦੇ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਸ਼ੁਰੂਆਤ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਹੋਰ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰਨ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਵਿਕਾਸ ਯਕੀਨੀ ਬਣਾਏਗੀ।

ਅੰਤ ਵਿੱਚ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡਾ ਫ਼ਤਵਾ ਸਰਕਾਰ ਲਈ ਹੋਰ ਵੱਡੀ ਜ਼ਿੰਮੇਵਾਰੀ ਲੈ ਕੇ ਆਇਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਪੂਰੀ ਨਿਮਰਤਾ ਅਤੇ ਵਚਨਬੱਧਤਾ ਨਾਲ ਪੰਜਾਬ ਦੀ ਸੇਵਾ ਕਰਦੀ ਰਹੇਗੀ।

Leave a Reply

Your email address will not be published. Required fields are marked *