
ਚੰਡੀਗੜ੍ਹ/ਜਲੰਧਰ, 30 ਮਈ 2026: ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਸ਼ਨੀਵਾਰ ਨੂੰ ਪਹਿਲੀ ਵਾਰ ਦੋਆਬਾ ਖੇਤਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜਲੰਧਰ ਵਿਖੇ ਭਾਜਪਾ ਦੇ ਸੀਨੀਅਰ ਆਗੂ ਅਤੇ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਮਨੋਰੰਜਨ ਕਾਲੀਆ ਦੇ ਨਿਵਾਸ ਸਥਾਨ ‘ਤੇ ਜਾ ਕੇ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਫਗਵਾੜਾ ਵਿੱਚ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨਾਲ ਵੀ ਵਿਸ਼ੇਸ਼ ਬੈਠਕ ਕਰਕੇ ਸੰਗਠਨਕ ਅਤੇ ਸਿਆਸੀ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।
ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦੇ ਸੰਭਾਵਿਤ ਗੱਠਜੋੜ ਸਬੰਧੀ ਚੱਲ ਰਹੀਆਂ ਅਟਕਲਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਕਾਲੀ ਦਲ ਨਾਲ ਕਿਸੇ ਵੀ ਕਿਸਮ ਦੀ ਗੱਲਬਾਤ ਜਾਂ ਸਿਆਸੀ ਸਮਝੌਤੇ ਦੀ ਕੋਈ ਪ੍ਰਕਿਰਿਆ ਨਹੀਂ ਚੱਲ ਰਹੀ। ਉਨ੍ਹਾਂ ਕਿਹਾ ਕਿ ਭਾਜਪਾ ਪਹਿਲਾਂ ਹੀ ਆਪਣਾ ਸਟੈਂਡ ਸਪੱਸ਼ਟ ਕਰ ਚੁੱਕੀ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਪਾਰਟੀ ਆਪਣੇ ਬਲਬੂਤੇ ‘ਤੇ ਲੜੇਗੀ ਅਤੇ ਸੂਬੇ ਦੀਆਂ ਸਾਰੀਆਂ 117 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰੇਗੀ।
ਕਿਸਾਨੀ ਮੁੱਦਿਆਂ ‘ਤੇ ਬੋਲਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਇਸ ਸਮੇਂ ਮੁੱਖ ਤੌਰ ‘ਤੇ ਕਣਕ ਅਤੇ ਝੋਨੇ ਦੀ ਫ਼ਸਲ ‘ਤੇ ਹੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਾ ਲਾਭ ਮਿਲ ਰਿਹਾ ਹੈ, ਜਦਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਭਾਜਪਾ ਸਰਕਾਰ 25 ਫ਼ਸਲਾਂ ‘ਤੇ ਐੱਮਐੱਸਪੀ ਮੁਹੱਈਆ ਕਰਵਾ ਰਹੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਜੇਕਰ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦੇ ਕਿਸਾਨਾਂ ਲਈ 21 ਫ਼ਸਲਾਂ ‘ਤੇ ਐੱਮਐੱਸਪੀ ਦੀ ਗਾਰੰਟੀ ਯਕੀਨੀ ਬਣਾਈ ਜਾਵੇਗੀ। ਕੇਵਲ ਢਿੱਲੋਂ ਨੇ ਕਿਹਾ ਕਿ ਪਾਰਟੀ ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਤਾਂ ਜੋ ਕਿਸਾਨ ਕਣਕ-ਝੋਨੇ ਦੇ ਰਵਾਇਤੀ ਚੱਕਰ ਤੋਂ ਬਾਹਰ ਨਿਕਲ ਸਕਣ।
ਉਨ੍ਹਾਂ ਅੱਗੇ ਕਿਹਾ ਕਿ ਮੱਕੀ, ਦਾਲਾਂ ਅਤੇ ਹੋਰ ਬਦਲਵੀਂਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵੀ ਸਰਕਾਰ ਵੱਲੋਂ ਪੂਰਾ ਸਹਿਯੋਗ ਅਤੇ ਖਰੀਦ ਦੀ ਗਾਰੰਟੀ ਦਿੱਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਭਾਜਪਾ ਦੀ ਨੀਤੀ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਨੂੰ ਲਾਭਕਾਰੀ ਬਣਾਉਣ ਵੱਲ ਕੇਂਦਰਿਤ ਹੈ।
