
ਚੰਡੀਗੜ੍ਹ, 30 ਮਈ 2026: ਪੰਜਾਬ ਸਰਕਾਰ ਨੇ ਸੂਬੇ ਦੇ ਆਊਟਸੋਰਸ ਅਤੇ ਠੇਕੇ ’ਤੇ ਕੰਮ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ ਦੇਣ ਵੱਲ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕੰਟਰੈਕਟੁਅਲ ਨੌਕਰੀ ਪ੍ਰਣਾਲੀ ਨੂੰ ਖਤਮ ਕਰਨ ਅਤੇ ਕਰਮਚਾਰੀਆਂ ਨੂੰ ਨਿਯਮਤ ਸੇਵਾਵਾਂ ਦਾ ਲਾਭ ਦੇਣ ਸਬੰਧੀ ਮਹੱਤਵਪੂਰਨ ਫ਼ੈਸਲੇ ਲਏ ਗਏ।
ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸਰਕਾਰ ਪੰਜਾਬ ਵਿਧਾਨ ਸਭਾ ਵਿੱਚ ਦੋ ਅਹਿਮ ਬਿੱਲ ਪੇਸ਼ ਕਰੇਗੀ, ਜਿਨ੍ਹਾਂ ਰਾਹੀਂ ਆਊਟਸੋਰਸ ਅਤੇ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਨਿਯਮਤ ਕਰਨ ਦਾ ਰਾਹ ਪੱਧਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਨੌਜਵਾਨਾਂ ਅਤੇ ਕਰਮਚਾਰੀਆਂ ਨੂੰ ਰੁਜ਼ਗਾਰ ਦੀ ਸੁਰੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਭਵਿੱਖ ਦੀ ਅਣਿਸ਼ਚਿਤਤਾ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨੂੰ ਖਤਮ ਕਰਨ ਲਈ ਇਹ ਕਾਨੂੰਨੀ ਪਹਿਲ ਕੀਤੀ ਜਾ ਰਹੀ ਹੈ।
65,048 ਆਊਟਸੋਰਸ ਅਤੇ ਠੇਕੇਦਾਰ ਕਰਮਚਾਰੀਆਂ ਨੂੰ ਹੋਵੇਗਾ ਸਿੱਧਾ ਲਾਭ
ਸੀਐੱਮ ਮਾਨ ਨੇ ਦੱਸਿਆ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਭਰ ਵਿੱਚ ਕੰਮ ਕਰ ਰਹੇ ਲਗਭਗ 65,048 ਆਊਟਸੋਰਸ ਅਤੇ ਠੇਕੇਦਾਰ ਕਰਮਚਾਰੀਆਂ ਨੂੰ ਵੱਡਾ ਫਾਇਦਾ ਹੋਵੇਗਾ। ਇਸ ਦੇ ਨਾਲ ਹੀ ਕਰੀਬ 18,000 ਹੋਰ ਸਰਕਾਰੀ ਕਰਮਚਾਰੀਆਂ ਨੂੰ ਵੀ ਨਿਯਮਤ ਸੇਵਾਵਾਂ ਨਾਲ ਜੁੜੇ ਲਾਭ ਪ੍ਰਾਪਤ ਹੋਣ ਦੀ ਸੰਭਾਵਨਾ ਬਣੇਗੀ।
ਉਨ੍ਹਾਂ ਕਿਹਾ ਕਿ ਇਹ ਕਦਮ ਕਰਮਚਾਰੀਆਂ ਦੀ ਨੌਕਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਰਕਾਰੀ ਪ੍ਰਣਾਲੀ ਵਿੱਚ ਸਥਿਰਤਾ ਵੀ ਲਿਆਵੇਗਾ।
ਖਤਰਨਾਕ ਡਿਊਟੀਆਂ ਨਿਭਾਉਣ ਵਾਲੇ ਕਰਮਚਾਰੀ 3 ਸਾਲ ਬਾਅਦ ਹੋਣਗੇ ਰੈਗੂਲਰ
ਮੁੱਖ ਮੰਤਰੀ ਨੇ ਦੱਸਿਆ ਕਿ ਫਾਇਰਮੈਨ, ਸੀਵਰੇਜਮੈਨ ਅਤੇ ਹੋਰ ਅਜਿਹੇ ਕਰਮਚਾਰੀ ਜੋ ਆਪਣੀ ਡਿਊਟੀ ਦੌਰਾਨ ਜਾਨਲੇਵਾ ਜਾਂ ਖਤਰਨਾਕ ਹਾਲਾਤਾਂ ਦਾ ਸਾਹਮਣਾ ਕਰਦੇ ਹਨ, ਉਨ੍ਹਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਅਜਿਹੇ ਕਰਮਚਾਰੀ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਨਿਯਮਤ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਂਗ ਸਾਰੇ ਸੇਵਾ ਲਾਭ ਪ੍ਰਦਾਨ ਕੀਤੇ ਜਾਣਗੇ।
ਹੋਰ ਕਰਮਚਾਰੀਆਂ ਲਈ 5 ਸਾਲ ਦੀ ਸੇਵਾ ਹੋਵੇਗੀ ਲਾਜ਼ਮੀ
ਗੈਰ-ਖਤਰਨਾਕ ਸ਼੍ਰੇਣੀ ਵਿੱਚ ਆਉਣ ਵਾਲੇ ਕਰਮਚਾਰੀਆਂ ਲਈ ਸਰਕਾਰ ਨੇ ਵੱਖਰਾ ਮਾਪਦੰਡ ਤੈਅ ਕੀਤਾ ਹੈ। ਮੁੱਖ ਮੰਤਰੀ ਮੁਤਾਬਕ ਅਜਿਹੇ ਕਰਮਚਾਰੀਆਂ ਨੂੰ ਇਸ ਯੋਜਨਾ ਦਾ ਲਾਭ ਲੈਣ ਲਈ ਘੱਟੋ-ਘੱਟ ਪੰਜ ਸਾਲ ਦੀ ਨਿਰੰਤਰ ਸੇਵਾ ਪੂਰੀ ਕਰਨੀ ਹੋਵੇਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਵੀ ਨਿਯਮਤ ਨੌਕਰੀਆਂ ਨਾਲ ਜੁੜੀਆਂ ਸਹੂਲਤਾਂ ਅਤੇ ਲਾਭ ਦਿੱਤੇ ਜਾਣਗੇ।
51 ਸਰਕਾਰੀ ਵਿਭਾਗਾਂ ਵਿੱਚ ਲਾਗੂ ਹੋਵੇਗੀ ਨੀਤੀ
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਨਵੀਂ ਨੀਤੀ ਪੰਜਾਬ ਸਰਕਾਰ ਦੇ 51 ਵੱਖ-ਵੱਖ ਵਿਭਾਗਾਂ ਵਿੱਚ ਲਾਗੂ ਕੀਤੀ ਜਾਵੇਗੀ। ਇਸ ਨਾਲ ਸਿੱਖਿਆ, ਸਿਹਤ, ਸਥਾਨਕ ਸਰਕਾਰਾਂ, ਜਲ ਸਪਲਾਈ, ਅੱਗ ਬੁਝਾਊ ਸੇਵਾਵਾਂ ਅਤੇ ਹੋਰ ਕਈ ਵਿਭਾਗਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਲਾਭ ਮਿਲੇਗਾ।
ਵਿਧਾਨ ਸਭਾ ਅਤੇ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਹੋਵੇਗੀ ਲਾਗੂ
ਸੀਐੱਮ ਮਾਨ ਨੇ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਤਿਆਰ ਕੀਤੇ ਜਾ ਰਹੇ ਦੋਵੇਂ ਬਿੱਲ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣਗੇ। ਵਿਧਾਨ ਸਭਾ ਤੋਂ ਮਨਜ਼ੂਰੀ ਮਿਲਣ ਉਪਰੰਤ ਇਹ ਬਿੱਲ ਰਾਜਪਾਲ ਕੋਲ ਪ੍ਰਵਾਨਗੀ ਲਈ ਭੇਜੇ ਜਾਣਗੇ। ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਕਾਨੂੰਨ ਲਾਗੂ ਹੋ ਜਾਵੇਗਾ ਅਤੇ ਕਰਮਚਾਰੀਆਂ ਨੂੰ ਨਿਯਮਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਮੌਜੂਦ ਸਨ। ਸਰਕਾਰ ਦੇ ਇਸ ਫ਼ੈਸਲੇ ਨੂੰ ਆਊਟਸੋਰਸ ਅਤੇ ਠੇਕੇਦਾਰ ਕਰਮਚਾਰੀਆਂ ਲਈ ਇੱਕ ਵੱਡੀ ਰਾਹਤ ਅਤੇ ਰੁਜ਼ਗਾਰ ਸੁਰੱਖਿਆ ਵੱਲ ਇਤਿਹਾਸਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
