
ਚੰਡੀਗੜ੍ਹ/ਗੁਰਦਾਸਪੁਰ, 30 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਬਿਜਲੀ ਵਿਭਾਗ ਦੇ ਇੱਕ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਟੀਮ ਨੇ ਗੁਰਦਾਸਪੁਰ ਦੇ ਜੇਲ੍ਹ ਰੋਡ ਸਥਿਤ ਪਾਵਰਕੌਮ ਦਫ਼ਤਰ ਵਿੱਚ ਛਾਪੇਮਾਰੀ ਕਰਕੇ ਸੁਪਰਡੈਂਟ (ਲੇਖਾ ਮੰਡਲ) ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ।
ਜਾਣਕਾਰੀ ਅਨੁਸਾਰ ਇਸਲਾਮਾਬਾਦ ਮੁਹੱਲਾ, ਗੁਰਦਾਸਪੁਰ ਦੇ ਰਹਿਣ ਵਾਲੇ ਸੇਵਾ-ਮੁਕਤ ਜੂਨੀਅਰ ਇੰਜੀਨੀਅਰ (ਜੇ.ਈ.) ਬਿਸੰਬਰ ਦਾਸ ਦਾ ਬਿਜਲੀ ਵਿਭਾਗ ਕੋਲ ਕਰੀਬ ਇੱਕ ਲੱਖ ਰੁਪਏ ਦਾ ਬਕਾਇਆ ਭੁਗਤਾਨ ਲੰਬਿਤ ਸੀ। ਆਪਣੇ ਹੱਕ ਦੇ ਇਸ ਬਕਾਏ ਦੀ ਰਕਮ ਪ੍ਰਾਪਤ ਕਰਨ ਲਈ ਉਹ ਪਿਛਲੇ ਲਗਭਗ ਇੱਕ ਸਾਲ ਤੋਂ ਵਿਭਾਗੀ ਦਫ਼ਤਰਾਂ ਦੇ ਚੱਕਰ ਕੱਟ ਰਿਹਾ ਸੀ।
ਦੋਸ਼ ਹੈ ਕਿ ਸੁਪਰਡੈਂਟ ਅੰਮ੍ਰਿਤਪਾਲ ਸਿੰਘ ਵੱਲੋਂ ਫ਼ਾਈਲ ਨੂੰ ਅੱਗੇ ਵਧਾਉਣ ਅਤੇ ਬਕਾਇਆ ਰਕਮ ਜਾਰੀ ਕਰਵਾਉਣ ਦੇ ਬਦਲੇ 15 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ। ਲਗਾਤਾਰ ਹੋ ਰਹੀ ਖੱਜਲ-ਖੁਆਰੀ ਤੋਂ ਤੰਗ ਆ ਕੇ ਬਿਸੰਬਰ ਦਾਸ ਨੇ ਇਸ ਮਾਮਲੇ ਦੀ ਸ਼ਿਕਾਇਤ ਪੰਜਾਬ ਵਿਜੀਲੈਂਸ ਬਿਊਰੋ ਕੋਲ ਦਰਜ ਕਰਵਾਈ।
ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਯੋਜਨਾਬੱਧ ਢੰਗ ਨਾਲ ਟਰੈਪ ਲਗਾਇਆ। ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਜਿਵੇਂ ਹੀ ਮੁਲਜ਼ਮ ਅਧਿਕਾਰੀ ਨੇ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਪ੍ਰਾਪਤ ਕੀਤੀ, ਵਿਜੀਲੈਂਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।
ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇ ਪੜਾਅ ਦੀ ਜਾਂਚ ਜਾਰੀ ਹੈ ਅਤੇ ਇਹ ਵੀ ਖੰਗਾਲਿਆ ਜਾ ਰਿਹਾ ਹੈ ਕਿ ਕੀ ਇਸ ਮਾਮਲੇ ਵਿੱਚ ਹੋਰ ਕੋਈ ਵਿਅਕਤੀ ਜਾਂ ਅਧਿਕਾਰੀ ਸ਼ਾਮਲ ਹੈ ਜਾਂ ਨਹੀਂ।
ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰੀ ਦਫ਼ਤਰਾਂ ਵਿੱਚ ਰਿਸ਼ਵਤਖੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।
