Saturday, June 6Punjabi People

ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਸਫ਼ਲ ਆਯੋਜਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: CM ਭਗਵੰਤ ਮਾਨ

ਚੰਡੀਗੜ੍ਹ, 31 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਇਸ ਅੰਤਰਰਾਸ਼ਟਰੀ ਪੱਧਰ ਦੇ ਖੇਡ ਸਮਾਗਮ ਦੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰੇ ਕੰਮ ਨਿਰਧਾਰਿਤ ਸਮੇਂ ਤੋਂ ਪਹਿਲਾਂ ਮੁਕੰਮਲ ਕਰਨ ਅਤੇ ਹਰ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਬਹੁਤ ਮਾਣ ਅਤੇ ਗੌਰਵ ਦੀ ਗੱਲ ਹੈ ਕਿ ਪਹਿਲੀ ਵਾਰ ਸੂਬੇ ਨੂੰ ਏਸ਼ੀਆ ਦੇ ਇਸ ਪ੍ਰਤਿਸ਼ਠਿਤ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਟੂਰਨਾਮੈਂਟ ਦੇ ਸਫਲ ਆਯੋਜਨ ਲਈ ਸਰਕਾਰ ਵੱਲੋਂ ਕਿਸੇ ਵੀ ਪੱਧਰ ‘ਤੇ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਲੰਧਰ ਅਤੇ ਮੋਹਾਲੀ ਵਿੱਚ ਚੱਲ ਰਹੇ ਸਾਰੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਸਤੰਬਰ ਮਹੀਨੇ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖਿਡਾਰੀਆਂ, ਕੋਚਾਂ, ਅਧਿਕਾਰੀਆਂ ਅਤੇ ਦਰਸ਼ਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਮਾਹਿਰਾਂ, ਸਾਬਕਾ ਖਿਡਾਰੀਆਂ ਅਤੇ ਹੋਰ ਹਿੱਸੇਦਾਰਾਂ ਨੂੰ ਸ਼ਾਮਲ ਕਰਕੇ ਇੱਕ ਵਿਸ਼ੇਸ਼ ਪ੍ਰਬੰਧਨ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ, ਜੋ ਟੂਰਨਾਮੈਂਟ ਨਾਲ ਸਬੰਧਤ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕਰੇਗੀ। ਇਸ ਤੋਂ ਇਲਾਵਾ ਜਲੰਧਰ ਅਤੇ ਮੋਹਾਲੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਸਮੀਖਿਆ ਲਈ ਸੀਨੀਅਰ ਅਧਿਕਾਰੀਆਂ ਦੀ ਇੱਕ ਉੱਚ-ਸ਼ਕਤੀਸ਼ਾਲੀ ਕਮੇਟੀ ਦੇ ਗਠਨ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਅਤੇ ਮੋਹਾਲੀ ਦੇ ਸਟੇਡੀਅਮਾਂ ਨੂੰ ਅੰਤਰਰਾਸ਼ਟਰੀ ਮਿਆਰਾਂ ਅਨੁਸਾਰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਾਰਤੀ ਹਾਕੀ ਫੈਡਰੇਸ਼ਨ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ ਤਾਂ ਜੋ ਇਹ ਟੂਰਨਾਮੈਂਟ ਯਾਦਗਾਰੀ ਅਤੇ ਸਫਲ ਬਣ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਦੇਸ਼ ਨੂੰ ਅਨੇਕਾਂ ਮਹਾਨ ਹਾਕੀ ਖਿਡਾਰੀ ਦਿੱਤੇ ਹਨ ਅਤੇ ਹਾਕੀ ਇੱਥੋਂ ਦੀ ਪਛਾਣ ਦਾ ਅਹਿਮ ਹਿੱਸਾ ਰਹੀ ਹੈ। ਅਜਿਹੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਨਾਲ ਨਾ ਸਿਰਫ਼ ਪੰਜਾਬ ਦੀ ਖੇਡ ਸੱਭਿਆਚਾਰ ਨੂੰ ਨਵੀਂ ਪਛਾਣ ਮਿਲੇਗੀ, ਸਗੋਂ ਨੌਜਵਾਨਾਂ ਨੂੰ ਵੀ ਹਾਕੀ ਅਤੇ ਹੋਰ ਖੇਡਾਂ ਵੱਲ ਆਕਰਸ਼ਿਤ ਹੋਣ ਦੀ ਪ੍ਰੇਰਣਾ ਮਿਲੇਗੀ।

ਉਨ੍ਹਾਂ ਕਿਹਾ ਕਿ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਏਸ਼ੀਆ ਦੀਆਂ ਸਰਵੋਤਮ ਛੇ ਹਾਕੀ ਟੀਮਾਂ ਦੇ ਖਿਡਾਰੀਆਂ ਦੀ ਸੁਰੱਖਿਆ, ਰਿਹਾਇਸ਼, ਆਵਾਜਾਈ ਅਤੇ ਹੋਰ ਸਹੂਲਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਸਰਕਾਰ ਇਹ ਯਕੀਨੀ ਬਣਾਏਗੀ ਕਿ ਹਰ ਖਿਡਾਰੀ ਨੂੰ ਵਿਸ਼ਵ ਪੱਧਰੀ ਮਾਹੌਲ ਅਤੇ ਬਿਹਤਰੀਨ ਸਹੂਲਤਾਂ ਉਪਲਬਧ ਹੋਣ।

ਮੁੱਖ ਮੰਤਰੀ ਨੇ ਇਸ ਮੌਕੇ ਨੂੰ ਪੰਜਾਬ ਦੇ ਖੇਡ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ ਕਰਾਰ ਦਿੰਦਿਆਂ ਕਿਹਾ ਕਿ ਇਹ ਚੈਂਪੀਅਨਸ਼ਿਪ ਸੂਬੇ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਭਾਰਤੀ ਹਾਕੀ ਵਿੱਚ ਪੰਜਾਬੀਆਂ ਦਾ ਯੋਗਦਾਨ ਬੇਮਿਸਾਲ ਰਿਹਾ ਹੈ, ਪਰ ਹੁਣ ਤੱਕ ਪੰਜਾਬ ਨੂੰ ਕਿਸੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਨਹੀਂ ਮਿਲਿਆ ਸੀ।

ਉਨ੍ਹਾਂ ਕਿਹਾ, “ਪੰਜਾਬ ਲਈ ਇਹ ਮਾਣ ਵਾਲਾ ਪਲ ਹੈ। ਇਹ ਚੈਂਪੀਅਨਸ਼ਿਪ ਸੂਬੇ ਦੀ ਖੇਡ ਵਿਰਾਸਤ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਨੌਜਵਾਨ ਪੀੜ੍ਹੀ ਲਈ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਖੋਲੇਗੀ। ਅਸੀਂ ਇਸ ਸਮਾਗਮ ਨੂੰ ਇਤਿਹਾਸਕ ਅਤੇ ਯਾਦਗਾਰ ਬਣਾਉਣ ਲਈ ਹਰ ਸੰਭਵ ਯਤਨ ਕਰਾਂਗੇ।”

ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

Leave a Reply

Your email address will not be published. Required fields are marked *