Saturday, June 6Punjabi People

ਨਿੱਜੀ ਸਕੂਲ ਹੁਣ ਸਾਲਾਨਾ ਕੇਵਲ 5% ਤੱਕ ਹੀ ਵਧਾ ਸਕਣਗੇ ਫੀਸ, ਵਾਧੂ ਰਕਮ ਵਾਪਸ ਕਰਨੀ ਹੋਵੇਗੀ: ਸੀਐਮ ਮਾਨ

ਚੰਡੀਗੜ੍ਹ, 3 ਜੂਨ 2026: ਅੰਮ੍ਰਿਤਸਰ ਦੀ ਵਿਦਿਆਰਥਣ ਅਮਜੋਤ ਕੌਰ ਦੀ ਖੁਦਕੁਸ਼ੀ ਦੀ ਦਰਦਨਾਕ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਦੀ ਫੀਸ ਸਬੰਧੀ ਮਨਮਾਨੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਆਰਥਿਕ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਦੇ ਹੱਕਾਂ ਦੀ ਰੱਖਿਆ ਲਈ ਸਖ਼ਤ ਕਾਨੂੰਨੀ ਪ੍ਰਬੰਧ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਾਰੇ ਨਿੱਜੀ ਸਕੂਲਾਂ ਲਈ ਫੀਸ ਵਾਧੇ ਦੀ ਵੱਧ ਤੋਂ ਵੱਧ ਸੀਮਾ 5 ਫੀਸਦੀ ਤੈਅ ਕੀਤੀ ਜਾਵੇਗੀ। ਜੇਕਰ ਪਿਛਲੇ ਤਿੰਨ ਸਾਲਾਂ ਦੌਰਾਨ ਕਿਸੇ ਸਕੂਲ ਨੇ ਇਸ ਹੱਦ ਤੋਂ ਵੱਧ ਫੀਸ ਵਸੂਲੀ ਹੈ ਤਾਂ ਉਸ ਨੂੰ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਲੋੜ ਪੈਣ ‘ਤੇ ਉਨ੍ਹਾਂ ਦੀ ਮਾਨਤਾ ਵੀ ਰੱਦ ਕੀਤੀ ਜਾ ਸਕਦੀ ਹੈ।

ਅਮਜੋਤ ਕੌਰ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਹੋਣਹਾਰ ਅਤੇ ਪ੍ਰਤਿਭਾਸ਼ਾਲੀ ਵਿਦਿਆਰਥਣ ਨੂੰ ਅਜਿਹੇ ਹਾਲਾਤਾਂ ਦਾ ਸਾਹਮਣਾ ਕਰਨਾ ਪਿਆ, ਜੋ ਕਿਸੇ ਵੀ ਸੱਭਿਆਚਾਰਕ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿੱਖਿਆ ਪ੍ਰਣਾਲੀ ਵਿੱਚ ਮੌਜੂਦ ਕੁਝ ਗੰਭੀਰ ਖਾਮੀਆਂ ਵੱਲ ਇਸ਼ਾਰਾ ਕਰਦੀ ਹੈ ਅਤੇ ਸਰਕਾਰ ਇਨ੍ਹਾਂ ਨੂੰ ਦੂਰ ਕਰਨ ਲਈ ਠੋਸ ਕਦਮ ਚੁੱਕੇਗੀ।

ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਉਨ੍ਹਾਂ ਨੂੰ ਮਾਪਿਆਂ ਅਤੇ ਵਿਦਿਆਰਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਮਿਲੀਆਂ ਹਨ। ਕਈ ਮਾਮਲਿਆਂ ਵਿੱਚ ਸਕੂਲਾਂ ਵੱਲੋਂ ਫੀਸਾਂ ਦੇ ਬਕਾਏ ਦੇ ਨਾਂ ‘ਤੇ ਵਿਦਿਆਰਥੀਆਂ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ, ਰੋਲ ਨੰਬਰ ਰੋਕਣ, ਪ੍ਰੀਖਿਆਵਾਂ ਵਿੱਚ ਬੈਠਣ ਤੋਂ ਰੋਕਣ ਜਾਂ ਸਰਟੀਫਿਕੇਟ ਜਾਰੀ ਨਾ ਕਰਨ ਵਰਗੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਕਿਸੇ ਵੀ ਹਾਲਤ ਵਿੱਚ ਸਵੀਕਾਰਯੋਗ ਨਹੀਂ ਹਨ।

ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਇੱਕ ਵਿਆਪਕ ਅਤੇ ਸਖ਼ਤ ਕਾਨੂੰਨ ਲਿਆ ਰਹੀ ਹੈ, ਜੋ ਪੰਜਾਬ ਦੇ ਸਾਰੇ ਨਿੱਜੀ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਕੂਲਾਂ ‘ਤੇ ਇੱਕਸਾਰ ਤੌਰ ‘ਤੇ ਲਾਗੂ ਹੋਵੇਗਾ। ਇਸ ਸਬੰਧੀ ਆਰਡੀਨੈਂਸ ਜਲਦ ਜਾਰੀ ਕੀਤਾ ਜਾਵੇਗਾ, ਜਦਕਿ ਵਿਸਤ੍ਰਿਤ ਕਾਨੂੰਨ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ।

ਨਵੇਂ ਪ੍ਰਬੰਧਾਂ ਅਨੁਸਾਰ ਕੋਈ ਵੀ ਸਕੂਲ ਮਾਪਿਆਂ ਨੂੰ ਕਿਸੇ ਖਾਸ ਦੁਕਾਨ ਤੋਂ ਕਿਤਾਬਾਂ, ਵਰਦੀਆਂ ਜਾਂ ਹੋਰ ਸਿੱਖਿਆ ਸਮੱਗਰੀ ਖਰੀਦਣ ਲਈ ਮਜਬੂਰ ਨਹੀਂ ਕਰ ਸਕੇਗਾ। ਸਕੂਲਾਂ ਨੂੰ ਸਾਰੇ ਖਰਚਿਆਂ ਅਤੇ ਫੀਸਾਂ ਦੀ ਜਾਣਕਾਰੀ ਪਹਿਲਾਂ ਹੀ ਜਨਤਕ ਕਰਨੀ ਪਵੇਗੀ ਤਾਂ ਜੋ ਮਾਪਿਆਂ ‘ਤੇ ਬੇਲੋੜਾ ਆਰਥਿਕ ਬੋਝ ਨਾ ਪਵੇ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਫੀਸ ਵਾਧੇ ਸਬੰਧੀ ਡੀਈਓ ਦਫ਼ਤਰਾਂ ਨੂੰ ਮਿਲੀਆਂ ਸਾਰੀਆਂ ਸ਼ਿਕਾਇਤਾਂ ਦੀ ਮੁੜ ਜਾਂਚ ਕੀਤੀ ਜਾਵੇਗੀ। ਜਿੱਥੇ ਵੀ ਬੇਨਿਯਮੀਆਂ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਵੇਗੀ, ਉੱਥੇ ਸਬੰਧਤ ਸਕੂਲਾਂ ਖ਼ਿਲਾਫ਼ ਸਖ਼ਤ ਪ੍ਰਸ਼ਾਸਨਿਕ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਨਿੱਜੀ ਸਕੂਲਾਂ ਦੇ ਵਿੱਤੀ ਲੈਣ-ਦੇਣ ਅਤੇ ਫੀਸ ਢਾਂਚੇ ਦੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਨਿਯਮਤ ਆਡਿਟ ਵੀ ਕਰਵਾਏ ਜਾਣਗੇ। ਸਰਕਾਰ ਦਾ ਮਕਸਦ ਸਿੱਖਿਆ ਨੂੰ ਵਪਾਰ ਬਣਨ ਤੋਂ ਰੋਕਣਾ ਅਤੇ ਵਿਦਿਆਰਥੀਆਂ ਤੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਜਵਾਬਦੇਹੀ, ਪਾਰਦਰਸ਼ਤਾ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਿਦਿਆਰਥੀ ਨੂੰ ਫੀਸਾਂ ਦੇ ਦਬਾਅ ਜਾਂ ਪ੍ਰਬੰਧਕੀ ਧੱਕੇਸ਼ਾਹੀ ਦਾ ਸ਼ਿਕਾਰ ਨਹੀਂ ਹੋਣ ਦਿੱਤਾ ਜਾਵੇਗਾ।

Leave a Reply

Your email address will not be published. Required fields are marked *