
ਚੰਡੀਗੜ੍ਹ/ਫਿਰੋਜ਼ਪੁਰ, 3 ਜੂਨ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਸੀਆਈਏ ਸਟਾਫ ਫਿਰੋਜ਼ਪੁਰ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1.30 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਨੌਰੰਗ ਕੇ ਲੇਲੀ, ਜ਼ਿਲ੍ਹਾ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।ਸ਼ਿਕਾਇਤਕਰਤਾ, ਜੋ ਪਸ਼ੂਆਂ ਦੀ ਖਰੀਦ-ਫ਼ਰੋਖ਼ਤ ਦਾ ਕਾਰੋਬਾਰ ਕਰਦਾ ਹੈ, ਨੇ ਦੱਸਿਆ ਕਿ ਉਸਦੇ ਇੱਕ ਰਿਸ਼ਤੇਦਾਰ ਖ਼ਿਲਾਫ਼ ਫਿਰੋਜ਼ਪੁਰ ਛਾਉਣੀ ਵਿੱਚ ਸੀਆਈਏ ਵੱਲੋਂ ਇੱਕ ਮਾਮਲਾ ਦਰਜ ਕੀਤਾ ਗਿਆ ਸੀ। ਇਸ ਸਬੰਧੀ ਏਐਸਆਈ ਗੁਰਜੀਤ ਸਿੰਘ ਨੇ ਉਸ ਨਾਲ ਸੰਪਰਕ ਕਰਕੇ ਕਥਿਤ ਤੌਰ ’ਤੇ ਧਮਕੀ ਦਿੱਤੀ ਕਿ ਉਸਦੇ ਰਿਸ਼ਤੇਦਾਰ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਸ਼ਿਕਾਇਤ ਮੁਤਾਬਕ ਮੁਲਜ਼ਮ ਏਐਸਆਈ ਨੇ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਟਾਲਣ ਅਤੇ ਉਸਦੀ ਜ਼ਮਾਨਤ ਵਿੱਚ ਮਦਦ ਕਰਨ ਦੇ ਬਦਲੇ 2.50 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਦੋਸ਼ ਹੈ ਕਿ ਉਸ ਨੇ ਇਹ ਵੀ ਕਿਹਾ ਕਿ ਇਹ ਰਕਮ ਸੀਆਈਏ ਸਟਾਫ ਦੇ ਇੰਚਾਰਜ ਮੋਹਿਤ ਧਵਨ ਨੂੰ ਦੇਣੀ ਹੈ।
ਬੁਲਾਰੇ ਨੇ ਦੱਸਿਆ ਕਿ ਬਾਅਦ ਵਿੱਚ ਦੋਵਾਂ ਧਿਰਾਂ ਵਿਚਾਲੇ ਸੌਦਾ 2.30 ਲੱਖ ਰੁਪਏ ਵਿੱਚ ਤੈਅ ਹੋ ਗਿਆ ਅਤੇ ਸ਼ਿਕਾਇਤਕਰਤਾ ਪਹਿਲੀ ਕਿਸ਼ਤ ਵਜੋਂ ਇੱਕ ਲੱਖ ਰੁਪਏ ਪਹਿਲਾਂ ਹੀ ਦੇ ਚੁੱਕਾ ਸੀ।
ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ, ਮੋਹਾਲੀ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਤਸਦੀਕ ਉਪਰੰਤ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਕਾਰਵਾਈ ਕੀਤੀ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਏਐਸਆਈ ਗੁਰਜੀਤ ਸਿੰਘ ਨੂੰ ਸ਼ਿਕਾਇਤਕਰਤਾ ਤੋਂ 1.30 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਇਸ ਮਾਮਲੇ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਵਿਜੀਲੈਂਸ ਬਿਊਰੋ ਵੱਲੋਂ ਹੋਰ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
