
ਚੰਡੀਗੜ੍ਹ, 3 ਜੂਨ 2026: ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਰਾਜਨੀਤਿਕ ਅਤੇ ਸਮਾਜਿਕ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ “ਚੀਤਾ” ਦੇ ਨਾਂ ਨਾਲ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਆਪਣੇ ਸਾਥੀ ਪ੍ਰਸਿੱਧ ਖਿਡਾਰੀਆਂ, ਰੈਫਰੀਆਂ, ਕੁਮੈਂਟੇਟਰਾਂ ਅਤੇ ਨੌਜਵਾਨ ਸਮਾਜਿਕ ਆਗੂਆਂ ਸਮੇਤ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਪਾਰਟੀ ਦੇ ਨਵੇਂ ਮੈਂਬਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪੇ ਭੇਟ ਕੀਤੇ ਅਤੇ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਪ੍ਰਸਿੱਧ ਖਿਡਾਰੀਆਂ ਅਤੇ ਸਮਾਜਿਕ ਆਗੂਆਂ ਦਾ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਤੋਂ ਪ੍ਰਭਾਵਿਤ ਹਨ।
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ, ਜੀਤਾ ਬਾਦਲਗੜ੍ਹ, ਬੱਬੂ ਜ਼ਨੇਦੀ ਅਤੇ ਸੇਮਾ ਘਰਾਚੋ ਦੇ ਨਾਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹਨ। ਇਸ ਤੋਂ ਇਲਾਵਾ ਪ੍ਰਸਿੱਧ ਕਬੱਡੀ ਖਿਡਾਰੀ ਮਲਕੀਤ ਸਿੰਘ ਅਤੇ ਬਰਿੰਦਰ ਸਿੰਘ ਨੇ ਵੀ ‘ਆਪ’ ਦਾ ਦਾਮਨ ਫੜਿਆ। ਖੇਡ ਜਗਤ ਦੀਆਂ ਹੋਰ ਮਾਣਯੋਗ ਸ਼ਖਸੀਅਤਾਂ ਵਿੱਚ ਉੱਘੇ ਰੈਫਰੀ ਸਤਗੁਰ ਝਨੇੜੀ, ਅੰਤਰਰਾਸ਼ਟਰੀ ਕਬੱਡੀ ਕੁਮੈਂਟੇਟਰ ਕੁਲਬੀਰ ਟਿੰਬਰਵਾਲ, ਨੌਜਵਾਨ ਆਗੂ ਅਮਰਿੰਦਰ ਸਿੰਘ ਰੋਡੀਆਂ, ਸਤਨਾਮ ਸਿੰਘ ਵਿਰਕ, ਮਨਜੋਤ ਸਿੰਘ ਅਤੇ ਹਰਦੀਪ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ, ਸਿਹਤ, ਰੁਜ਼ਗਾਰ, ਖੇਡਾਂ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਇਤਿਹਾਸਕ ਅਤੇ ਬਦਲਾਅਕਾਰੀ ਕਦਮ ਚੁੱਕ ਰਹੀ ਹੈ, ਜਿਸ ਕਾਰਨ ਲੋਕਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਇਹ ਵੀ ਵਿਸ਼ਵਾਸ ਜਤਾਇਆ ਕਿ ਇਨ੍ਹਾਂ ਪ੍ਰਮੁੱਖ ਖੇਡ ਅਤੇ ਸਮਾਜਿਕ ਹਸਤੀਆਂ ਦੇ ਪਾਰਟੀ ਨਾਲ ਜੁੜਨ ਨਾਲ ਆਮ ਆਦਮੀ ਪਾਰਟੀ ਦੀਆਂ ਜੜ੍ਹਾਂ ਹੋਰ ਮਜ਼ਬੂਤ ਹੋਣਗੀਆਂ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ।
ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦਰਿਤ ਸ਼ਾਸਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਗਏ ਸੁਧਾਰ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਯਤਨ, ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਕਦਮ ਅਤੇ ਲੋਕ ਭਲਾਈ ਦੀਆਂ ਸਕੀਮਾਂ ਨੇ ਉਨ੍ਹਾਂ ਨੂੰ ਡੂੰਘਾਈ ਨਾਲ ਪ੍ਰਭਾਵਿਤ ਕੀਤਾ ਹੈ। ਇਸੇ ਪ੍ਰੇਰਣਾ ਦੇ ਤਹਿਤ ਉਨ੍ਹਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ ਤਾਂ ਜੋ ਉਹ ਪੰਜਾਬ ਦੇ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਲਈ ਆਪਣਾ ਸਰਗਰਮ ਯੋਗਦਾਨ ਪਾ ਸਕਣ।
ਉਨ੍ਹਾਂ ਇਹ ਵੀ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਯਤਨਾਂ ਵਿੱਚ ਆਪਣੀ ਭੂਮਿਕਾ ਨਿਭਾਉਣਗੇ।
