Saturday, June 6Punjabi People

ਪੰਜਾਬ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ, 4 ਜੂਨ 2026: ਪੰਜਾਬ ਦੀ ਸੱਭਿਆਚਾਰਕ, ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਹੋਰ ਮਜ਼ਬੂਤੀ ਨਾਲ ਵਿਸ਼ਵ ਪੱਧਰ ‘ਤੇ ਉਜਾਗਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੋ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਉੱਚ-ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਅਤੇ ਸ਼ੰਭੂ ਸਰਹੱਦ ‘ਤੇ ਬਣਾਏ ਜਾਣ ਵਾਲੇ ਸ਼ਾਨਦਾਰ ਸਵਾਗਤੀ ਗੇਟ ਦੇ ਡਿਜ਼ਾਇਨ ਅਤੇ ਯੋਜਨਾ ਨੂੰ ਹਰੀ ਝੰਡੀ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਸਿੱਖ ਧਰਮ ਦਾ ਇੱਕ ਮਹਾਨ ਇਤਿਹਾਸਕ ਅਤੇ ਅਧਿਆਤਮਿਕ ਕੇਂਦਰ ਹੈ, ਜਿਸ ਨਾਲ ਦੁਨੀਆ ਭਰ ਦੇ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਸ ਲਈ ਇੱਥੇ ਬਣਾਈ ਜਾਣ ਵਾਲੀ ਹੈਰੀਟੇਜ ਸਟਰੀਟ ਨਾ ਸਿਰਫ਼ ਸ਼ਹਿਰ ਦੀ ਧਾਰਮਿਕ ਮਹੱਤਤਾ ਨੂੰ ਹੋਰ ਉਭਾਰੇਗੀ, ਸਗੋਂ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਇੱਕ ਵਿਲੱਖਣ ਵਿਰਾਸਤੀ ਅਤੇ ਆਧਿਆਤਮਿਕ ਅਨੁਭਵ ਵੀ ਪ੍ਰਦਾਨ ਕਰੇਗੀ।

ਸੋਧੀ ਹੋਈ ਯੋਜਨਾ ਅਨੁਸਾਰ ਹੈਰੀਟੇਜ ਸਟਰੀਟ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੇੜੇ ਸਥਿਤ ਗੋਲ ਚੌਕ ਤੋਂ ਸ਼ੁਰੂ ਹੋ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਾਰਕ, ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਤੱਕ ਵਿਕਸਿਤ ਕੀਤੀ ਜਾਵੇਗੀ। ਇਹ ਪ੍ਰਾਜੈਕਟ ਇਤਿਹਾਸਕ ਗੁਰਦੁਆਰਿਆਂ ਅਤੇ ਧਾਰਮਿਕ ਸਥਾਨਾਂ ਨੂੰ ਇੱਕ ਸੁੰਦਰ ਅਤੇ ਸੁਚੱਜੇ ਰਸਤੇ ਨਾਲ ਜੋੜੇਗਾ, ਜਿਸ ਨਾਲ ਸੰਗਤਾਂ ਦੀ ਆਵਾਜਾਈ ਆਸਾਨ ਹੋਣ ਦੇ ਨਾਲ-ਨਾਲ ਧਾਰਮਿਕ ਸੈਰ-ਸਪਾਟੇ ਨੂੰ ਵੀ ਨਵੀਂ ਦਿਸ਼ਾ ਮਿਲੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਤੋਂ ਪਹਿਲਾਂ ਸਾਰੀਆਂ ਲੋੜੀਂਦੀਆਂ ਮਨਜ਼ੂਰੀਆਂ ਅਤੇ ਤਕਨੀਕੀ ਪ੍ਰਵਾਨਗੀਆਂ ਹਾਸਲ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਭਾਰਤ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਅਤੇ ਹੋਰ ਸਬੰਧਤ ਏਜੰਸੀਆਂ ਨਾਲ ਤਾਲਮੇਲ ਕਰਕੇ ਇਸ ਦੇ ਡਿਜ਼ਾਇਨ ਅਤੇ ਨਿਰਮਾਣ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਪ੍ਰਾਜੈਕਟ ਦੀ ਨਿਗਰਾਨੀ ਅਤੇ ਸੁਚਾਰੂ ਅਮਲ ਲਈ ਇੱਕ ਉੱਚ-ਤਾਕਤੀ ਕਮੇਟੀ ਵੀ ਗਠਿਤ ਕੀਤੀ ਜਾਵੇਗੀ।

ਇਸ ਮੌਕੇ ਮੁੱਖ ਮੰਤਰੀ ਨੇ ਸ਼ੰਭੂ ਸਰਹੱਦ ‘ਤੇ ਬਣਾਏ ਜਾਣ ਵਾਲੇ ਸਵਾਗਤੀ ਗੇਟ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਗੇਟ ਪੰਜਾਬ ਵਿੱਚ ਦਾਖਲ ਹੋਣ ਵਾਲੇ ਲੋਕਾਂ ਲਈ ਸੂਬੇ ਦੀ ਸੱਭਿਆਚਾਰਕ ਪਛਾਣ ਅਤੇ ਵਿਰਾਸਤ ਦਾ ਪ੍ਰਤੀਕ ਬਣੇਗਾ। ਕਰੀਬ 12 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਪ੍ਰਾਜੈਕਟ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਚਾਰ-ਮਾਰਗੀ ਹਾਈਵੇਅ ‘ਤੇ ਸਥਾਪਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਗੇਟ ਦਾ ਡਿਜ਼ਾਇਨ ਪੰਜਾਬ ਦੀ ਰਵਾਇਤੀ ਵਾਸਤੂ ਕਲਾ ਅਤੇ ਸੱਭਿਆਚਾਰਕ ਵਿਭਿੰਨਤਾ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਇਸ ਵਿੱਚ ਪੱਥਰ ਦੀ ਕਲੈਡਿੰਗ, ਫੁਲਕਾਰੀ ਤੋਂ ਪ੍ਰੇਰਿਤ ਕਲਾਤਮਿਕ ਨਮੂਨੇ, ਜਾਲੀਦਾਰ ਡਿਜ਼ਾਇਨ, ਐਫਆਰਪੀ ਵਰਕ ਅਤੇ ਹੋਰ ਕਈ ਰਵਾਇਤੀ ਤੱਤ ਸ਼ਾਮਲ ਕੀਤੇ ਜਾਣਗੇ, ਜੋ ਪੰਜਾਬ ਦੀ ਅਮੀਰ ਕਲਾਤਮਿਕ ਵਿਰਾਸਤ ਨੂੰ ਦਰਸਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਵਾਗਤੀ ਗੇਟ ਦਾ ਡਿਜ਼ਾਇਨ ‘ਪੰਜ-ਆਬ’ ਦੀ ਧਾਰਨਾ ‘ਤੇ ਆਧਾਰਿਤ ਹੈ, ਜਿਸਦਾ ਅਰਥ ਹੈ ਪੰਜ ਦਰਿਆਵਾਂ ਦੀ ਧਰਤੀ। ਇਸ ਵਿਚਾਰ ਨੂੰ ਰੂਪ ਦਿੰਦਿਆਂ ਗੇਟ ਦੇ ਦੋਵੇਂ ਪਾਸਿਆਂ ‘ਤੇ ਪੰਜ-ਪੰਜ ਗੁੰਬਦ ਬਣਾਏ ਜਾਣਗੇ, ਜੋ ਪੰਜਾਬ ਦੇ ਪੰਜ ਦਰਿਆਵਾਂ ਦਾ ਪ੍ਰਤੀਕ ਹੋਣਗੇ। ਇਹ ਸ਼ਾਨਦਾਰ ਢਾਂਚਾ ਪੰਜਾਬ ਦੀ ਵਿਲੱਖਣ ਪਛਾਣ, ਇਤਿਹਾਸ ਅਤੇ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਨਿਧ ਬਣ ਕੇ ਸੂਬੇ ਦੇ ਪ੍ਰਵੇਸ਼ ਦੁਆਰ ਨੂੰ ਇੱਕ ਨਵੀਂ ਸ਼ਾਨ ਬਖ਼ਸ਼ੇਗਾ।

ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਇਹ ਦੋਵੇਂ ਪ੍ਰਾਜੈਕਟ ਨਾ ਸਿਰਫ਼ ਸੂਬੇ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ, ਸਗੋਂ ਸੈਰ-ਸਪਾਟੇ ਨੂੰ ਵੀ ਵੱਡਾ ਹੁਲਾਰਾ ਦੇਣਗੇ ਅਤੇ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਇੱਕ ਵਿਲੱਖਣ ਪਛਾਣ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ।

Leave a Reply

Your email address will not be published. Required fields are marked *