Saturday, June 6Punjabi People

ਲੋਕ ਨਿਰਮਾਣ ਮੰਤਰੀ ਦੇ ਸਖ਼ਤ ਨਿਰਦੇਸ਼, ਸਾਰੇ ਸੜਕੀ ਪ੍ਰੋਜੈਕਟਾਂ ਦੀ ਰੋਜ਼ਾਨਾ ਨਿਗਰਾਨੀ ਯਕੀਨੀ ਬਣਾਈ ਜਾਵੇ

ਚੰਡੀਗੜ੍ਹ, 5 ਜੂਨ 2026: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਸਥਿਤ ਪੰਜਾਬ ਰੋਡ ਅਤੇ ਬ੍ਰਿਜ ਡਿਵੈਲਪਮੈਂਟ ਬੋਰਡ (PRBDB) ਦੇ ਦਫ਼ਤਰ ਵਿੱਚ ਉੱਚ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸੂਬੇ ਭਰ ਵਿੱਚ ਚੱਲ ਰਹੇ ਸੜਕ ਨਿਰਮਾਣ, ਮੁਰੰਮਤ ਅਤੇ ਨਵੀਨੀਕਰਨ ਕਾਰਜਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਇਸੇ ਤਹਿਤ ਪੰਜਾਬ ਭਰ ਵਿੱਚ ਲਗਭਗ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ, ਅਪਗ੍ਰੇਡੇਸ਼ਨ ਅਤੇ ਨਵੀਨੀਕਰਨ ਦੇ ਪ੍ਰੋਜੈਕਟ ਚਲਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਲੋਕਾਂ ਨੂੰ ਬਿਹਤਰ ਅਤੇ ਸੁਰੱਖਿਅਤ ਆਵਾਜਾਈ ਸਹੂਲਤਾਂ ਪ੍ਰਦਾਨ ਕਰਨਾ ਹੈ।

ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਰਾਜ ਮਾਰਗਾਂ, ਮੁੱਖ ਜ਼ਿਲ੍ਹਾ ਸੜਕਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਡਿਵੀਜ਼ਨ ਅਤੇ ਬਲਾਕ ਪੱਧਰ ‘ਤੇ ਸਮੀਖਿਆ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਪ੍ਰੋਜੈਕਟ ਵਿੱਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕਰੇਗੀ ਅਤੇ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਪੂਰੇ ਹੋਣੇ ਚਾਹੀਦੇ ਹਨ।

ਮੰਤਰੀ ਨੇ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਦਿੰਦਿਆਂ ਕਿਹਾ ਕਿ ਬਾਰਸ਼ਾਂ ਸ਼ੁਰੂ ਹੋਣ ਤੋਂ ਪਹਿਲਾਂ ਜਿੰਨੇ ਵੀ ਸੜਕੀ ਪ੍ਰੋਜੈਕਟ ਚੱਲ ਰਹੇ ਹਨ, ਉਨ੍ਹਾਂ ਨੂੰ ਤਰਜੀਹੀ ਆਧਾਰ ‘ਤੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਕੰਮ ਮੁਕੰਮਲ ਹੋਣ ਨਾਲ ਨਾ ਸਿਰਫ਼ ਲੋਕਾਂ ਨੂੰ ਰਾਹਤ ਮਿਲੇਗੀ, ਸਗੋਂ ਸਰਕਾਰੀ ਸਰੋਤਾਂ ਦੀ ਵੀ ਬਚਤ ਹੋਵੇਗੀ।

ਉਨ੍ਹਾਂ ਵਿਭਾਗ ਦੇ ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ ਨੂੰ ਸਾਰੇ ਪ੍ਰੋਜੈਕਟਾਂ ਦੀ ਰੋਜ਼ਾਨਾ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਨਾਲ ਹੀ ਹਰ ਪ੍ਰੋਜੈਕਟ ਲਈ ਰੋਜ਼ਾਨਾ ਪ੍ਰਗਤੀ ਨਿਗਰਾਨੀ ਸ਼ੀਟ ਤਿਆਰ ਕਰਨ ਲਈ ਕਿਹਾ ਗਿਆ, ਤਾਂ ਜੋ ਕੰਮਾਂ ਦੀ ਅਸਲ ਸਥਿਤੀ ‘ਤੇ ਨਜ਼ਰ ਰੱਖੀ ਜਾ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਰੁਕਾਵਟ ਨੂੰ ਤੁਰੰਤ ਦੂਰ ਕੀਤਾ ਜਾ ਸਕੇ।

ਲੋਕ ਨਿਰਮਾਣ ਮੰਤਰੀ ਨੇ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਲੋੜੀਂਦੀ ਉਸਾਰੀ ਸਮੱਗਰੀ, ਮਸ਼ੀਨਰੀ ਅਤੇ ਹੋਰ ਸਾਧਨ ਪਹਿਲਾਂ ਤੋਂ ਹੀ ਉਪਲਬਧ ਕਰਵਾਏ ਜਾਣ ਤਾਂ ਜੋ ਕਿਸੇ ਵੀ ਪ੍ਰੋਜੈਕਟ ਦੀ ਰਫ਼ਤਾਰ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਯੋਜਨਾਬੱਧ ਢੰਗ ਨਾਲ ਕੰਮ ਕਰਨ ਨਾਲ ਹੀ ਵਿਕਾਸ ਕਾਰਜ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਪੂਰੇ ਕੀਤੇ ਜਾ ਸਕਦੇ ਹਨ।

ਗੁਣਵੱਤਾ ਦੇ ਮਾਮਲੇ ਵਿੱਚ ਸਖ਼ਤ ਰੁਖ ਅਪਣਾਉਂਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਅਧਿਕਾਰੀਆਂ ਨੂੰ ਸਰਕਾਰ ਦੀ ‘ਜ਼ੀਰੋ ਟੌਲਰੈਂਸ’ ਨੀਤੀ ਦੀ ਯਾਦ ਦਿਵਾਈ। ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਘਟੀਆ ਮਿਆਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਪੱਧਰ ‘ਤੇ ਨਿਯਮਤ ਜਾਂਚ, ਨਿਰੀਖਣ ਅਤੇ ਗੁਣਵੱਤਾ ਟੈਸਟਿੰਗ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜਨਤਾ ਦੇ ਪੈਸੇ ਦੀ ਸਹੀ ਵਰਤੋਂ ਹੋ ਸਕੇ ਅਤੇ ਟਿਕਾਊ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਸਕੇ।

ਉਨ੍ਹਾਂ ਅਧਿਕਾਰੀਆਂ ਨੂੰ ਸੜਕ ਸੁਰੱਖਿਆ ਨਾਲ ਜੁੜੇ ਸਾਰੇ ਮਾਪਦੰਡਾਂ ਦੀ ਪਾਲਣਾ ਕਰਨ ਲਈ ਵੀ ਕਿਹਾ। ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਹਰ ਪ੍ਰੋਜੈਕਟ ‘ਤੇ ਲੋੜੀਂਦੇ ਸਾਈਨਬੋਰਡ, ਸੜਕ ਚਿੰਨ੍ਹ, ਲੇਨ ਮਾਰਕਿੰਗ, ਰਿਫਲੈਕਟਰ ਅਤੇ ਹੋਰ ਸੁਰੱਖਿਆ ਪ੍ਰਬੰਧ ਸਮੇਂ ਸਿਰ ਮੁਹੱਈਆ ਕਰਵਾਏ ਜਾਣ, ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਦੇ ਅੰਤ ਵਿੱਚ ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਬਕਾਇਆ ਫੰਡਾਂ ਦੀ ਮੰਗ ਅਤੇ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿੱਤੀ ਪ੍ਰਕਿਰਿਆਵਾਂ ਵਿੱਚ ਦੇਰੀ ਕਾਰਨ ਕਿਸੇ ਵੀ ਵਿਕਾਸ ਪ੍ਰੋਜੈਕਟ ਦੀ ਰਫ਼ਤਾਰ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ ਅਤੇ ਸਾਰੇ ਕੰਮ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਹੋਣੇ ਚਾਹੀਦੇ ਹਨ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਵਿਸ਼ਵ ਪੱਧਰੀ ਸੜਕ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ।

Leave a Reply

Your email address will not be published. Required fields are marked *