Wednesday, June 10Punjabi People

ਮਾਨ ਸਰਕਾਰ ਦਾ ‘ਮਿਸ਼ਨ ਕਲੀਨ ਪੰਜਾਬ’ ਸ਼ੁਰੂ, ਅਧਿਕਾਰੀ ਰੋਜ਼ਾਨਾ ਕਰਨਗੇ ਸਫ਼ਾਈ ਪ੍ਰਬੰਧਾਂ ਦੀ ਸਮੀਖਿਆ

ਚੰਡੀਗੜ੍ਹ /ਲੁਧਿਆਣਾ, 8 ਜੂਨ 20226: ਪੰਜਾਬ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਨੇ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲ ਤਹਿਤ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਮੰਤਰੀਆਂ ਤੋਂ ਲੈ ਕੇ ਸੀਨੀਅਰ ਅਧਿਕਾਰੀਆਂ ਤੱਕ ਸਾਰੇ ਅਧਿਕਾਰੀ ਹਰ ਰੋਜ਼ ਸਵੇਰੇ ਇੱਕ ਘੰਟਾ ਮੈਦਾਨ ਵਿੱਚ ਰਹਿ ਕੇ ਸ਼ਹਿਰਾਂ ਅਤੇ ਕਸਬਿਆਂ ਦੀ ਸਫ਼ਾਈ ਦੀ ਨਿਗਰਾਨੀ ਕਰਨਗੇ ਅਤੇ ਸਫ਼ਾਈ ਪ੍ਰਬੰਧਾਂ ਨੂੰ ਯਕੀਨੀ ਬਣਾਉਣਗੇ।

ਮੁਹਿੰਮ ਦੀ ਪ੍ਰਭਾਵਸ਼ਾਲੀ ਨਿਗਰਾਨੀ ਲਈ ਸਥਾਨਕ ਸਰਕਾਰਾਂ ਵਿਭਾਗ ਦੇ ਹੈੱਡ ਆਫ਼ਿਸ ਵਿੱਚ ਵਿਸ਼ੇਸ਼ ਵਾਰ ਰੂਮ ਸਥਾਪਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਨਗਰ ਨਿਗਮ ਕਮਿਸ਼ਨਰਾਂ, ਸੰਯੁਕਤ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ ਅਤੇ ਹੋਰ ਅਧਿਕਾਰੀਆਂ ਨੂੰ ਨਿਯਮਿਤ ਤੌਰ ’ਤੇ ਫੀਲਡ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਉਨ੍ਹਾਂ ਦੇ ਸਫ਼ਾਈ ਪ੍ਰਦਰਸ਼ਨ ਦੇ ਆਧਾਰ ’ਤੇ ਹਰ ਹਫ਼ਤੇ ਰੈਂਕਿੰਗ ਵੀ ਦਿੱਤੀ ਜਾਵੇਗੀ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਭਰ ਦੇ ਨਗਰ ਨਿਗਮ ਕਮਿਸ਼ਨਰਾਂ ਅਤੇ ਕਾਰਜਕਾਰੀ ਅਧਿਕਾਰੀਆਂ ਦੀ ਹਾਜ਼ਰੀ ਅਤੇ ਕੰਮਕਾਜ ਦੀ ਸਮੀਖਿਆ ਕੀਤੀ। ਮੁਹਿੰਮ ਦੀ ਜ਼ਮੀਨੀ ਹਕੀਕਤ ਦੀ ਜਾਂਚ ਲਈ ਉਨ੍ਹਾਂ ਨੇ ਕਈ ਅਧਿਕਾਰੀਆਂ ਤੋਂ ਵੀਡੀਓ ਕਾਨਫਰੰਸ ਦੌਰਾਨ ਆਪਣੀ ਲਾਈਵ ਲੋਕੇਸ਼ਨ ਸਾਂਝੀ ਕਰਨ ਲਈ ਵੀ ਕਿਹਾ।

ਸਮੀਖਿਆ ਦੌਰਾਨ ਲੁਧਿਆਣਾ ਨਗਰ ਨਿਗਮ ਦੀ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਬੱਸ ਸਟੈਂਡ ਨੇੜੇ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ ਕਰਦੀ ਨਜ਼ਰ ਆਈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਲੁਧਿਆਣਾ ਦੇ ਚਾਰੇ ਜ਼ੋਨਾਂ ਦੇ ਜ਼ੋਨਲ ਕਮਿਸ਼ਨਰ ਵੀ ਆਪਣੇ-ਆਪਣੇ ਖੇਤਰਾਂ ਵਿੱਚ ਸਫ਼ਾਈ ਦੀ ਨਿਗਰਾਨੀ ਕਰ ਰਹੇ ਹਨ। ਮੰਤਰੀ ਬੈਂਸ ਨੇ ਕਿਹਾ ਕਿ ਹਰ ਰੋਜ਼ ਸਵੇਰੇ 7 ਤੋਂ 8 ਵਜੇ ਤੱਕ ਵੀਡੀਓ ਕਾਨਫਰੰਸਿੰਗ ਰਾਹੀਂ ਅਧਿਕਾਰੀਆਂ ਦੀ ਮੌਜੂਦਗੀ ਅਤੇ ਕੰਮਕਾਜ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਹ ਖੁਦ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਅਚਾਨਕ ਫੀਲਡ ਦੌਰੇ ਕਰਕੇ ਪ੍ਰਬੰਧਾਂ ਦੀ ਪੜਤਾਲ ਕਰਨਗੇ।

ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਲੁਧਿਆਣਾ ਨਗਰ ਨਿਗਮ ਨੇ ਸ਼ਹਿਰ ਨੂੰ 10-10 ਕਿਲੋਮੀਟਰ ਦੇ ਖੇਤਰਾਂ ਵਿੱਚ ਵੰਡਿਆ ਹੈ ਅਤੇ ਹਰ ਖੇਤਰ ਲਈ ਇੱਕ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਇਹ ਅਧਿਕਾਰੀ ਸੜਕਾਂ ਕਿਨਾਰੇ ਪਏ ਮਲਬੇ ਨੂੰ ਹਟਾਉਣ, ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਦਾ ਨਿਪਟਾਰਾ ਕਰਨ ਅਤੇ ਆਪਣੇ ਅਧੀਨ ਆਉਂਦੇ ਖੇਤਰਾਂ ਵਿੱਚ ਸੜਕਾਂ, ਖਾਲੀ ਪਲਾਟਾਂ ਅਤੇ ਜਨਤਕ ਥਾਵਾਂ ਦੀ ਪੂਰੀ ਸਫ਼ਾਈ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੇ।

ਸਫ਼ਾਈ ਮੁਹਿੰਮ ਦੇ ਨਾਲ-ਨਾਲ ਨਗਰ ਨਿਗਮ ਵੱਲੋਂ ਮਾਨਸੂਨ ਸੀਜ਼ਨ ਦੀਆਂ ਤਿਆਰੀਆਂ ਵੀ ਜ਼ੋਰ-ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ। ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਦੱਸਿਆ ਕਿ ਬਰਸਾਤ ਦੌਰਾਨ ਪਾਣੀ ਭਰਨ ਅਤੇ ਸੀਵਰੇਜ ਜਾਮ ਹੋਣ ਦੀਆਂ ਸਮੱਸਿਆਵਾਂ ਤੋਂ ਬਚਣ ਲਈ ਪਹਿਲਾਂ ਹੀ ਯੋਜਨਾਬੱਧ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਖਾਸ ਤੌਰ ’ਤੇ ਬੁੱਢਾ ਦਰਿਆ ਦੇ ਆਲੇ-ਦੁਆਲੇ ਦੇ ਨੀਵੇਂ ਇਲਾਕਿਆਂ ’ਤੇ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਅਧਿਕਾਰੀਆਂ ਨੂੰ ਮਾਨਸੂਨ ਤੋਂ ਪਹਿਲਾਂ ਡਰੇਨੇਜ ਅਤੇ ਸੀਵਰ ਲਾਈਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ।

ਕਮਿਸ਼ਨਰ ਨੇ ਚੇਤਾਵਨੀ ਦਿੱਤੀ ਕਿ ਸਫ਼ਾਈ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਿਸੇ ਵੀ ਵੇਲੇ ਅਚਾਨਕ ਨਿਰੀਖਣ ਕੀਤਾ ਜਾ ਸਕਦਾ ਹੈ ਅਤੇ ਜੇਕਰ ਕਿਸੇ ਅਧਿਕਾਰੀ ਦੇ ਖੇਤਰ ਵਿੱਚ ਕੂੜੇ ਦੇ ਢੇਰ, ਸੀਵਰੇਜ ਜਾਮ ਹੋਣ ਜਾਂ ਹੋਰ ਸਫ਼ਾਈ ਸੰਬੰਧੀ ਖਾਮੀਆਂ ਮਿਲਦੀਆਂ ਹਨ ਤਾਂ ਸਬੰਧਤ ਅਧਿਕਾਰੀ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਲੁਧਿਆਣਾ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਖੁੱਲ੍ਹੀਆਂ ਥਾਵਾਂ, ਸੜਕਾਂ ਦੇ ਕਿਨਾਰਿਆਂ ਜਾਂ ਖਾਲੀ ਪਲਾਟਾਂ ਵਿੱਚ ਕੂੜਾ ਸੁੱਟਣ ਤੋਂ ਗੁਰੇਜ਼ ਕਰਨ, ਤਾਂ ਜੋ “ਮਿਸ਼ਨ ਕਲੀਨ ਪੰਜਾਬ” ਨੂੰ ਸਫ਼ਲ ਬਣਾਇਆ ਜਾ ਸਕੇ।

Leave a Reply

Your email address will not be published. Required fields are marked *