
ਚੰਡੀਗੜ੍ਹ, 10 ਜੂਨ 2026: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਹੈ। ਪਾਰਟੀ ਵੱਲੋਂ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ‘ਤੇ ਆਪਣੀ ਪਕੜ ਵਧਾਉਣ ਲਈ ਰਣਨੀਤਕ ਯੋਜਨਾਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਕੜੀ ਤਹਿਤ ਭਾਜਪਾ ਦੇ ਨਵ-ਨਿਯੁਕਤ ਰਾਸ਼ਟਰੀ ਅਹੁਦੇਦਾਰਾਂ ਅਤੇ ਸੀਨੀਅਰ ਆਗੂਆਂ ਦੇ ਪੰਜਾਬ ਦੌਰਿਆਂ ਦੀ ਲੜੀ ਵੀ ਜਲਦ ਸ਼ੁਰੂ ਹੋਣ ਜਾ ਰਹੀ ਹੈ।
ਜਾਣਕਾਰੀ ਅਨੁਸਾਰ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ 20 ਤੋਂ 22 ਜੂਨ ਤੱਕ ਤਿੰਨ ਦਿਨਾਂ ਦੇ ਪੰਜਾਬ ਦੌਰੇ ‘ਤੇ ਆ ਸਕਦੇ ਹਨ। ਰਾਸ਼ਟਰੀ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦਾ ਪੰਜਾਬ ਦਾ ਪਹਿਲਾ ਦੌਰਾ ਹੋਵੇਗਾ, ਜਿਸ ਕਾਰਨ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਖਾਸ ਉਤਸ਼ਾਹ ਦੇਖਿਆ ਜਾ ਰਿਹਾ ਹੈ। ਸਿਆਸੀ ਮਾਹਿਰ ਇਸ ਦੌਰੇ ਨੂੰ 2027 ਦੀਆਂ ਚੋਣਾਂ ਲਈ ਭਾਜਪਾ ਦੀ ਤਿਆਰੀ ਦਾ ਇੱਕ ਮਹੱਤਵਪੂਰਨ ਕਦਮ ਮੰਨ ਰਹੇ ਹਨ।
ਸੂਤਰਾਂ ਮੁਤਾਬਕ, ਨਿਤਿਨ ਨਬੀਨ ਆਪਣੇ ਦੌਰੇ ਦੀ ਸ਼ੁਰੂਆਤ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਕਰ ਸਕਦੇ ਹਨ। ਇਸ ਤੋਂ ਬਾਅਦ ਉਹ ਪਾਰਟੀ ਆਗੂਆਂ, ਵਰਕਰਾਂ ਅਤੇ ਵੱਖ-ਵੱਖ ਸਮਾਜਿਕ ਵਰਗਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤਾਂ ਕਰਨਗੇ। ਹਾਲਾਂਕਿ ਪਾਰਟੀ ਨੇ ਅਜੇ ਤੱਕ ਇਸ ਦੌਰੇ ਦੇ ਪੂਰੇ ਪ੍ਰੋਗਰਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਹੈ।
ਇਸ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਾਲ ਹੀ ਵਿੱਚ ਦਿੱਲੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਕਈ ਕੇਂਦਰੀ ਮੰਤਰੀਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਮੀਟਿੰਗਾਂ ਤੋਂ ਬਾਅਦ ਢਿੱਲੋਂ ਨੇ ਕਿਹਾ ਕਿ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਪੰਜਾਬ ਵਿੱਚ ਭਾਜਪਾ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕਈ ਰਾਸ਼ਟਰੀ ਆਗੂ ਪੰਜਾਬ ਦਾ ਦੌਰਾ ਕਰਨਗੇ।
ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਪੰਜਾਬ ਵਿੱਚ ਪਾਰਟੀ ਦੇ ਵਿਸਥਾਰ, ਨਵੇਂ ਮੈਂਬਰਾਂ ਦੀ ਭਰਤੀ ਅਤੇ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਭਾਜਪਾ ਦਾ ਮੰਨਣਾ ਹੈ ਕਿ 2027 ਦੀਆਂ ਚੋਣਾਂ ਵਿੱਚ ਮਜ਼ਬੂਤ ਦਾਅਵੇਦਾਰੀ ਪੇਸ਼ ਕਰਨ ਲਈ ਜ਼ਮੀਨੀ ਪੱਧਰ ‘ਤੇ ਲਗਾਤਾਰ ਕੰਮ ਕਰਨਾ ਜ਼ਰੂਰੀ ਹੈ।
ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਸਪੱਸ਼ਟ ਕੀਤਾ ਕਿ ਰਾਸ਼ਟਰੀ ਪ੍ਰਧਾਨ ਦਾ ਪੰਜਾਬ ਦੌਰਾ ਫਿਲਹਾਲ ਪ੍ਰਸਤਾਵਿਤ ਹੈ ਅਤੇ ਇਸ ਦੇ ਵੇਰਵਿਆਂ ‘ਤੇ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਦੌਰੇ ਦੇ ਪੂਰੇ ਸ਼ਡਿਊਲ ਅਤੇ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ, ਉਸ ਦੀ ਅਧਿਕਾਰਤ ਜਾਣਕਾਰੀ ਮੀਡੀਆ ਅਤੇ ਜਨਤਾ ਨਾਲ ਸਾਂਝੀ ਕੀਤੀ ਜਾਵੇਗੀ।
ਰਾਜਨੀਤਿਕ ਹਲਕਿਆਂ ਵਿੱਚ ਇਸ ਦੌਰੇ ਨੂੰ ਭਾਜਪਾ ਦੀ 2027 ਵਿਧਾਨ ਸਭਾ ਚੋਣਾਂ ਲਈ ਸ਼ੁਰੂਆਤੀ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਆਉਣ ਵਾਲੇ ਮਹੀਨਿਆਂ ਵਿੱਚ ਪਾਰਟੀ ਵੱਲੋਂ ਪੰਜਾਬ ਵਿੱਚ ਆਪਣੀ ਸਿਆਸੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
