
ਚੰਡੀਗੜ੍ਹ, 10 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ, ਭਲਾਈ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਸਰਕਾਰ ਵੱਲੋਂ ਬਜ਼ੁਰਗਾਂ ਨਾਲ ਕਿਸੇ ਵੀ ਤਰ੍ਹਾਂ ਦੇ ਦੁਰਵਿਵਹਾਰ, ਅਣਗਹਿਲੀ ਜਾਂ ਸ਼ੋਸ਼ਣ ਪ੍ਰਤੀ ਜ਼ੀਰੋ ਟੌਲਰੈਂਸ ਨੀਤੀ ਅਪਣਾਈ ਗਈ ਹੈ, ਜਿਸ ਤਹਿਤ ਹਰ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਨੀਤੀ ਤਹਿਤ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਮਾਨਸਾ ਜ਼ਿਲ੍ਹੇ ਵਿੱਚ ਇੱਕ ਬਜ਼ੁਰਗ ਮਹਿਲਾ ਨਾਲ ਹੋਏ ਦੁਰਵਿਵਹਾਰ ਦੇ ਮਾਮਲੇ ਵਿੱਚ ਤੁਰੰਤ ਦਖ਼ਲਅੰਦਾਜ਼ੀ ਕਰਦਿਆਂ ਨਾ ਸਿਰਫ਼ ਜਾਂਚ ਕਰਵਾਈ, ਸਗੋਂ ਦੋਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਵੀ ਯਕੀਨੀ ਬਣਾਇਆ। ਵਿਭਾਗ ਦੀ ਇਸ ਤੁਰੰਤ ਕਾਰਵਾਈ ਨਾਲ ਪੀੜਤ ਮਹਿਲਾ ਨੂੰ ਇਨਸਾਫ਼ ਮਿਲਿਆ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਸੰਭਵ ਹੋ ਸਕੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗ ਮਹਿਲਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਪਰਿਵਾਰਕ ਵਿਵਾਦ ਅਤੇ ਜਾਇਦਾਦ ਨਾਲ ਜੁੜੇ ਮਸਲਿਆਂ ਕਾਰਨ ਉਸ ਨਾਲ ਮਾਨਸਿਕ ਤੌਰ ‘ਤੇ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਸਦਾ ਦੁਰਵਿਵਹਾਰ ਕੀਤਾ ਜਾ ਰਿਹਾ ਹੈ। ਸ਼ਿਕਾਇਤ ਪ੍ਰਾਪਤ ਹੁੰਦੇ ਹੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮਾਨਸਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਾਂਚ ਸ਼ੁਰੂ ਕਰਵਾਈ।
ਉਨ੍ਹਾਂ ਦੱਸਿਆ ਕਿ ਪੁਲਿਸ ਜਾਂਚ ਦੌਰਾਨ ਸ਼ਿਕਾਇਤ ਵਿੱਚ ਦਰਜ ਦੋਸ਼ਾਂ ਦੀ ਪੁਸ਼ਟੀ ਹੋਣ ਉਪਰੰਤ ਐਫਆਈਆਰ ਦਰਜ ਕੀਤੀ ਗਈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਬਜ਼ੁਰਗ ਨਾਗਰਿਕ ਨੂੰ ਆਪਣੇ ਹੀ ਘਰ ਜਾਂ ਸਮਾਜ ਵਿੱਚ ਅਸੁਰੱਖਿਅਤ ਮਹਿਸੂਸ ਨਾ ਕਰਨਾ ਪਵੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਮਾਪਿਆਂ ਅਤੇ ਸੀਨੀਅਰ ਨਾਗਰਿਕਾਂ ਨਾਲ ਦੁਰਵਿਵਹਾਰ ਕਰਨਾ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਇਹ ਸਾਡੀਆਂ ਸਮਾਜਿਕ, ਨੈਤਿਕ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਦੇ ਵੀ ਉਲਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਪੱਸ਼ਟ ਨੀਤੀ ਹੈ ਕਿ ਹਰ ਬਜ਼ੁਰਗ ਵਿਅਕਤੀ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਡਰ-ਮੁਕਤ ਜੀਵਨ ਜਿਉਣ ਦਾ ਪੂਰਾ ਹੱਕ ਹੈ ਅਤੇ ਇਸ ਹੱਕ ਦੀ ਰਾਖੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਮੰਤਰੀ ਨੇ ਦੱਸਿਆ ਕਿ ਮਾਮਲੇ ਦੀ ਕਾਰਵਾਈ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਪੀੜਤ ਮਹਿਲਾ ਨਾਲ ਮੁਲਾਕਾਤ ਕਰਕੇ ਉਸਦੀ ਸਿਹਤ ਅਤੇ ਹਾਲਾਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਨਾਲ ਹੀ ਉਸਨੂੰ ਹਰ ਸੰਭਵ ਸਰਕਾਰੀ ਸਹਾਇਤਾ ਅਤੇ ਸੁਰੱਖਿਆ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ ਗਿਆ। ਅਧਿਕਾਰੀਆਂ ਵੱਲੋਂ ਉਸਨੂੰ ਮਾਨਸਾ ਵਿਖੇ ਚੱਲ ਰਹੇ “ਸਤਕਾਰ ਘਰ” ਬਾਰੇ ਵੀ ਜਾਣੂ ਕਰਵਾਇਆ ਗਿਆ, ਜਿੱਥੇ ਲੋੜ ਪੈਣ ‘ਤੇ ਬਜ਼ੁਰਗਾਂ ਨੂੰ ਸੁਰੱਖਿਅਤ ਰਿਹਾਇਸ਼, ਭੋਜਨ, ਸਿਹਤ ਸਹੂਲਤਾਂ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਇਸ ਮੌਕੇ ਅਧਿਕਾਰੀਆਂ ਨੇ ਸਤਕਾਰ ਘਰ ਵਿੱਚ ਰਹਿ ਰਹੇ ਹੋਰ ਬਜ਼ੁਰਗ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਬਜ਼ੁਰਗਾਂ ਦੀ ਦੇਖਭਾਲ, ਸਿਹਤ ਸੇਵਾਵਾਂ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਬੰਧਤ ਪ੍ਰਬੰਧਕਾਂ ਨੂੰ ਲੋੜੀਂਦੇ ਨਿਰਦੇਸ਼ ਵੀ ਜਾਰੀ ਕੀਤੇ ਗਏ।
ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕਿਸੇ ਵੀ ਬਜ਼ੁਰਗ ਨਾਗਰਿਕ ਨਾਲ ਦੁਰਵਿਵਹਾਰ, ਅਣਗਹਿਲੀ, ਮਾਨਸਿਕ ਪ੍ਰੇਸ਼ਾਨੀ ਜਾਂ ਜਾਇਦਾਦੀ ਸ਼ੋਸ਼ਣ ਦਾ ਕੋਈ ਮਾਮਲਾ ਆਉਂਦਾ ਹੈ ਤਾਂ ਉਸਦੀ ਤੁਰੰਤ ਜਾਣਕਾਰੀ ਸਬੰਧਤ ਅਧਿਕਾਰੀਆਂ ਜਾਂ ਸੀਨੀਅਰ ਸਿਟੀਜ਼ਨ ਹੈਲਪਲਾਈਨ ਨੰਬਰ 14567 ‘ਤੇ ਦਿੱਤੀ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਪੀੜਤ ਨੂੰ ਰਾਹਤ ਪਹੁੰਚਾਈ ਜਾ ਸਕੇ।
ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਮਾਜ ਦੇ ਇਸ ਅਹਿਮ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ।
