
ਚੰਡੀਗੜ੍ਹ, 11 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨਵੀਂ ਦਿੱਲੀ ਪਹੁੰਚੇ ਹਨ, ਜਿੱਥੇ ਉਹ ਨੀਤੀ ਆਯੋਗ ਦੀ 11ਵੀਂ ਗਵਰਨਿੰਗ ਕੌਂਸਲ ਦੀ ਅਹਿਮ ਬੈਠਕ ਵਿੱਚ ਹਿੱਸਾ ਲੈਣਗੇ। ਇਸ ਉੱਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਪੰਜਾਬ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਰੱਖਣਗੇ ਅਤੇ ਸੂਬਾ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਵੀ ਪੇਸ਼ ਕਰਨਗੇ।
ਮੁੱਖ ਮੰਤਰੀ ਮਾਨ ਸਿੱਖਿਆ, ਸਿਹਤ, ਉਦਯੋਗ, ਰੁਜ਼ਗਾਰ ਅਤੇ ਹੁਨਰ ਵਿਕਾਸ ਵਰਗੇ ਅਹਿਮ ਖੇਤਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ ਅਤੇ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ। ਇਸ ਦੇ ਨਾਲ ਹੀ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਨੌਜਵਾਨਾਂ ਨੂੰ ਮੁਹੱਈਆ ਕਰਵਾਏ ਗਏ ਰੁਜ਼ਗਾਰ ਸਬੰਧੀ ਤਾਜ਼ਾ ਅੰਕੜੇ ਵੀ ਬੈਠਕ ਵਿੱਚ ਪੇਸ਼ ਕੀਤੇ ਜਾਣਗੇ।
ਨੀਤੀ ਆਯੋਗ ਦੀ ਇਸ ਬੈਠਕ ਵਿੱਚ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਕੇਂਦਰ ਸਰਕਾਰ ਕੋਲ ਲੰਬਿਤ ਪਏ ਵੱਖ-ਵੱਖ ਫੰਡਾਂ ਦਾ ਮੁੱਦਾ ਵੀ ਉਠਾਏ ਜਾਣ ਦੀ ਸੰਭਾਵਨਾ ਹੈ। ਨਾਲ ਹੀ ਸੂਬੇ ਦੇ ਵਿਕਾਸ ਨਾਲ ਸਬੰਧਤ ਅਹਿਮ ਪ੍ਰੋਜੈਕਟਾਂ ਅਤੇ ਮਸਲਿਆਂ ਦੇ ਹੱਲ ਲਈ ਕੇਂਦਰ ਤੋਂ ਵਧੇਰੇ ਸਹਿਯੋਗ ਦੀ ਮੰਗ ਕੀਤੀ ਜਾਵੇਗੀ। ਉਦਯੋਗਿਕ ਵਿਕਾਸ ਨੂੰ ਹੋਰ ਗਤੀ ਦੇਣ ਲਈ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਵੀ ਬੈਠਕ ਦੇ ਏਜੰਡੇ ਦਾ ਹਿੱਸਾ ਬਣ ਸਕਦੀ ਹੈ।
ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਦਰਪੇਸ਼ ਸੁਰੱਖਿਆ ਅਤੇ ਭੂਗੋਲਿਕ ਚੁਣੌਤੀਆਂ ਨੂੰ ਵੀ ਮੁੱਖ ਮੰਤਰੀ ਵੱਲੋਂ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਇਸ ਤੋਂ ਇਲਾਵਾ, ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜਿਆਂ ਅਤੇ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਗੌਰਤਲਬ ਹੈ ਕਿ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਪਿਛਲੀ ਬੈਠਕ 24 ਮਈ 2025 ਨੂੰ ਹੋਈ ਸੀ।
