
ਚੰਡੀਗੜ੍ਹ, 11ਜੂਨ 2026: ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲਈ। ਅੰਮ੍ਰਿਤਸਰ ਅਤੇ ਮਾਨਸਾ ਵਿੱਚ ਸ਼ਾਮ ਵੇਲੇ ਭਾਰੀ ਮੀਂਹ ਦਰਜ ਕੀਤਾ ਗਿਆ, ਜਦਕਿ ਅੰਮ੍ਰਿਤਸਰ ਵਿੱਚ ਤੇਜ਼ ਹਨੇਰੀ ਦੇ ਨਾਲ ਮੀਂਹ ਪਿਆ। ਜੰਡਿਆਲਾ ਗੁਰੂ ਵਿੱਚ ਕਰੀਬ 90 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ ਕਾਰਨ ਦੋ ਬਾਈਕ ਸਵਾਰ ਸੰਤੁਲਨ ਗੁਆ ਬੈਠੇ ਅਤੇ ਸੜਕ ‘ਤੇ ਡਿੱਗ ਪਏ।
ਅੰਮ੍ਰਿਤਸਰ ਵਿੱਚ ਦਿਨ ਦਿਹਾੜੇ ਹੀ ਹਨੇਰਾ ਛਾ ਗਿਆ। ਪਹਿਲਾਂ ਤੇਜ਼ ਤੂਫ਼ਾਨ ਆਇਆ ਅਤੇ ਉਸ ਤੋਂ ਬਾਅਦ ਮੋਹਲੇਧਾਰ ਮੀਂਹ ਨੇ ਲੋਕਾਂ ਨੂੰ ਤਪਦੀ ਗਰਮੀ ਤੋਂ ਵੱਡੀ ਰਾਹਤ ਦਿੱਤੀ। ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਸ਼ਰਧਾਲੂਆਂ ਨੇ ਵੀ ਸੁਹਾਵਣੇ ਮੌਸਮ ਦਾ ਆਨੰਦ ਮਾਣਿਆ। ਹਾਲਾਂਕਿ ਤੇਜ਼ ਹਵਾਵਾਂ ਕਾਰਨ ਕਈ ਥਾਵਾਂ ‘ਤੇ ਦਰੱਖਤ ਡਿੱਗ ਗਏ ਅਤੇ ਟੀਨ ਦੇ ਸ਼ੈੱਡ ਉਖੜ ਕੇ ਉੱਡ ਗਏ।
ਮੋਹਾਲੀ ਵਿੱਚ ਸਵੇਰੇ ਗਰਜ-ਚਮਕ ਨਾਲ ਹਲਕੀ ਬਾਰਿਸ਼ ਹੋਈ, ਜਦਕਿ ਲੁਧਿਆਣਾ ਵਿੱਚ ਗੜੇਮਾਰੀ ਦੀਆਂ ਖ਼ਬਰਾਂ ਸਾਹਮਣੇ ਆਈਆਂ। ਖੰਨਾ ਵਿੱਚ ਬਿਜਲੀ ਡਿੱਗਣ ਕਾਰਨ ਲਗਭਗ 150 ਸਾਲ ਪੁਰਾਣਾ ਦਰੱਖਤ ਕਈ ਘਰਾਂ ‘ਤੇ ਆ ਡਿੱਗਿਆ, ਜਿਸ ਨਾਲ ਛੱਤਾਂ ਅਤੇ ਕੰਧਾਂ ਨੂੰ ਨੁਕਸਾਨ ਪਹੁੰਚਿਆ।
ਮੌਸਮ ਵਿਭਾਗ ਮੁਤਾਬਕ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ ਪੰਜਾਬ ਵਿੱਚ ਅਗਲੇ ਤਿੰਨ ਦਿਨ ਮੌਸਮ ਅਸਥਿਰ ਰਹਿਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ 11 ਜੂਨ ਤੋਂ ਸੂਬੇ ਭਰ ਲਈ ਪ੍ਰੀ-ਮਾਨਸੂਨ ਬਾਰਿਸ਼ ਸਬੰਧੀ ਆਰੇਂਜ ਅਲਰਟ ਜਾਰੀ ਕੀਤਾ ਹੈ।
ਬੁੱਧਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੇਵਲ 0.1 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ, ਪਰ ਤਾਪਮਾਨ ਹਾਲੇ ਵੀ ਆਮ ਨਾਲੋਂ 4.4 ਡਿਗਰੀ ਵੱਧ ਰਿਹਾ। ਬਠਿੰਡਾ 46.2 ਡਿਗਰੀ ਸੈਲਸੀਅਸ ਤਾਪਮਾਨ ਨਾਲ ਦੇਸ਼ ਦਾ ਸਭ ਤੋਂ ਗਰਮ ਸ਼ਹਿਰ ਰਿਹਾ।
ਮੌਸਮ ਵਿਭਾਗ ਅਨੁਸਾਰ ਮਾਨਸੂਨ ਲਗਾਤਾਰ ਅੱਗੇ ਵਧ ਰਿਹਾ ਹੈ ਅਤੇ ਅਗਲੇ 3 ਤੋਂ 4 ਦਿਨਾਂ ਵਿੱਚ ਮਹਾਰਾਸ਼ਟਰ, ਤੇਲੰਗਾਨਾ, ਆਂਧਰਾ ਪ੍ਰਦੇਸ਼, ਓਡੀਸ਼ਾ, ਝਾਰਖੰਡ, ਬਿਹਾਰ ਅਤੇ ਪੱਛਮੀ ਬੰਗਾਲ ਦੇ ਹੋਰ ਖੇਤਰਾਂ ਤੱਕ ਪਹੁੰਚ ਸਕਦਾ ਹੈ। ਹਾਲਾਂਕਿ ਮਾਨਸੂਨ ਅਜੇ ਪੰਜਾਬ ਨਹੀਂ ਪਹੁੰਚਿਆ, ਪਰ ਪੰਜਾਬ ਤੋਂ ਬਿਹਾਰ ਤੱਕ ਫੈਲਿਆ ਇੱਕ ਮੌਸਮੀ ਸਿਸਟਮ ਅਤੇ ਸਰਗਰਮ ਪੱਛਮੀ ਗੜਬੜੀ ਕਾਰਨ ਸੂਬੇ ਵਿੱਚ ਅਗਲੇ ਕੁਝ ਦਿਨ ਮੌਸਮ ਬਦਲਦਾ ਰਹੇਗਾ।
ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਇਲਾਕਿਆਂ ਵਿੱਚ ਹਵਾਵਾਂ ਦੀ ਰਫ਼ਤਾਰ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ, ਜੋ ਕੁਝ ਥਾਵਾਂ ‘ਤੇ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੀ ਪਹੁੰਚ ਸਕਦੀ ਹੈ।
ਇਸ ਤੋਂ ਇਲਾਵਾ ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਤਰਨਤਾਰਨ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕੁਝ ਖੇਤਰਾਂ ਵਿੱਚ ਵੀ ਗਰਜ-ਚਮਕ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਵੀ ਬਾਰਿਸ਼ ਹੋ ਸਕਦੀ ਹੈ।
