
ਜੈਤੋ, 12 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਵਿੱਚ ਲੋਕ ਭਲਾਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਨਾਲ ਸਬੰਧਤ ਕਈ ਮਹੱਤਵਪੂਰਨ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਫ਼ੈਸਲਿਆਂ ਨਾਲ ਵਿਦਿਆਰਥੀਆਂ, ਨੌਜਵਾਨਾਂ, ਬੇਰੁਜ਼ਗਾਰਾਂ ਅਤੇ ਆਮ ਲੋਕਾਂ ਨੂੰ ਸਿੱਧਾ ਲਾਭ ਮਿਲਣ ਦੀ ਉਮੀਦ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕੈਬਿਨੇਟ ਵੱਲੋਂ ਲਏ ਗਏ ਤਾਜ਼ਾ ਫ਼ੈਸਲੇ ਇਸ ਵਚਨਬੱਧਤਾ ਨੂੰ ਸਪੱਸ਼ਟ ਤੌਰ ’ਤੇ ਦਰਸਾਉਂਦੇ ਹਨ।
ਰਾਮੇਆਣਾ ਨੇ ਦੱਸਿਆ ਕਿ ਐੱਨਈਈਟੀ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਦੀ ਸਹੂਲਤ ਲਈ 20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼ ਅਤੇ ਹੋਰ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਕਦਮ ਨਾਲ ਹਜ਼ਾਰਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ।
ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੈਬਿਨੇਟ ਨੇ 1,013 ਲੈਕਚਰਾਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਵਿੱਚ ਉਮੀਦਵਾਰਾਂ ਨੂੰ ਇੱਕ ਵਾਰ ਲਈ ਉਮਰ ਸੀਮਾ ਵਿੱਚ ਪੰਜ ਸਾਲ ਤੱਕ ਦੀ ਛੋਟ ਦੇਣ ਦਾ ਫ਼ੈਸਲਾ ਵੀ ਕੀਤਾ ਹੈ। ਇਸ ਨਾਲ ਲੰਬੇ ਸਮੇਂ ਤੋਂ ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਯੋਗ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਹੋਣਗੇ।
ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਵਿੱਚ 156 ਜੂਨੀਅਰ ਇੰਜੀਨੀਅਰਾਂ ਦੀ ਸਿੱਧੀ ਭਰਤੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਹ ਭਰਤੀ ਨਾ ਸਿਰਫ਼ ਵਿਭਾਗੀ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਏਗੀ, ਸਗੋਂ ਤਕਨੀਕੀ ਖੇਤਰ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਵਧਾਏਗੀ।
ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੈਬਿਨੇਟ ਨੇ ਨਾਲਿਆਂ ਅਤੇ ਡਰੇਨਾਂ ਦੀ ਸਫ਼ਾਈ ਸਬੰਧੀ ਵੀ ਅਹਿਮ ਫ਼ੈਸਲੇ ਲਏ ਹਨ। ਹੁਣ ਡੀਸਿਲਟਿੰਗ ਦੇ ਕੰਮਾਂ ਲਈ ਸਿੰਗਲ ਬਿਡਰ ਨੂੰ ਵੀ ਟੈਂਡਰ ਜਾਰੀ ਕੀਤਾ ਜਾ ਸਕੇਗਾ, ਜਿਸ ਨਾਲ ਵਿਕਾਸ ਕਾਰਜਾਂ ਵਿੱਚ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇਗਾ ਅਤੇ ਕੰਮ ਨਿਰਧਾਰਤ ਸਮੇਂ ਅੰਦਰ ਪੂਰੇ ਹੋ ਸਕਣਗੇ।
ਇਸ ਤੋਂ ਇਲਾਵਾ, ਜਿੱਥੇ ਤੁਰੰਤ ਡੀਸਿਲਟਿੰਗ ਦੀ ਲੋੜ ਹੋਵੇਗੀ, ਉੱਥੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਅਧਿਕਾਰ ਦਿੱਤੇ ਗਏ ਹਨ, ਤਾਂ ਜੋ ਮੀਂਹਾਂ ਦੌਰਾਨ ਪਾਣੀ ਭਰਨ ਅਤੇ ਹੋਰ ਸਮੱਸਿਆਵਾਂ ਤੋਂ ਲੋਕਾਂ ਨੂੰ ਰਾਹਤ ਮਿਲ ਸਕੇ।
ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਲੋਕ-ਪੱਖੀ ਅਤੇ ਵਿਕਾਸਮੁਖੀ ਫ਼ੈਸਲੇ ਪੰਜਾਬ ਨੂੰ ਤਰੱਕੀ, ਵਿਕਾਸ ਅਤੇ ਖੁਸ਼ਹਾਲੀ ਦੇ ਨਵੇਂ ਰਾਹ ’ਤੇ ਅੱਗੇ ਲੈ ਕੇ ਜਾਣਗੇ।
