
ਚੰਡੀਗੜ੍ਹ, 14 ਜੂਨ 2026: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਚਲਾਈ ਜਾ ਰਹੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦੇ ਸਾਰਥਕ ਨਤੀਜੇ ਹੁਣ ਸੂਬੇ ਭਰ ਵਿੱਚ ਸਪੱਸ਼ਟ ਤੌਰ ’ਤੇ ਨਜ਼ਰ ਆਉਣ ਲੱਗੇ ਹਨ। ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਨੈੱਟਵਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਛੁਡਾਊ, ਪੁਨਰਵਾਸ ਅਤੇ ਜਨਤਕ ਜਾਗਰੂਕਤਾ ਨੂੰ ਵੀ ਬਰਾਬਰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਕਾਰਨ ਹਜ਼ਾਰਾਂ ਨੌਜਵਾਨ ਮੁੜ ਸਿਹਤਮੰਦ ਅਤੇ ਆਮ ਜੀਵਨ ਵੱਲ ਵਾਪਸ ਆ ਰਹੇ ਹਨ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦਾ ਸਥਾਈ ਹੱਲ ਸਿਰਫ਼ ਕਾਨੂੰਨੀ ਕਾਰਵਾਈ ਨਾਲ ਸੰਭਵ ਨਹੀਂ ਹੈ। ਇਸ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਖ਼ਾਸ ਕਰਕੇ ਅਧਿਆਪਕਾਂ, ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਦੀ ਭੂਮਿਕਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸ਼ੁਰੂਆਤੀ ਪੜਾਅ ’ਤੇ ਲਤ ਦੀ ਪਛਾਣ ਕਰਨ ਲਈ ਬੇਹੱਦ ਮਹੱਤਵਪੂਰਨ ਹੈ।
ਉਨ੍ਹਾਂ ਦੱਸਿਆ ਕਿ 1 ਮਾਰਚ 2025 ਨੂੰ ਸ਼ੁਰੂ ਕੀਤੀ ਗਈ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਤਹਿਤ ਮਈ 2026 ਤੱਕ ਪੰਜਾਬ ਭਰ ਦੇ ਨਸ਼ਾ ਛੁਡਾਊ ਕੇਂਦਰਾਂ ਅਤੇ ਓਪੀਓਇਡ ਅਸਿਸਟਡ ਟ੍ਰੀਟਮੈਂਟ (OOAT) ਕੇਂਦਰਾਂ ਵਿੱਚ 90 ਹਜ਼ਾਰ ਤੋਂ ਵੱਧ ਨਸ਼ਾ ਪੀੜਤ ਵਿਅਕਤੀਆਂ ਦਾ ਇਲਾਜ ਕੀਤਾ ਗਿਆ ਹੈ। ਇਹ ਅੰਕੜਾ ਪੰਜਾਬ ਸਰਕਾਰ ਦੀ ਉਸ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ਦਾ ਉਦੇਸ਼ ਸਿਰਫ਼ ਨਸ਼ਾ ਤਸਕਰੀ ਨੂੰ ਰੋਕਣਾ ਹੀ ਨਹੀਂ, ਸਗੋਂ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਅਤੇ ਪੁਨਰਵਾਸ ਰਾਹੀਂ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣਾ ਵੀ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਲਤ ਦੇ ਸ਼ੁਰੂਆਤੀ ਸੰਕੇਤਾਂ ਨੂੰ ਅਕਸਰ ਅਣਡਿੱਠਾ ਕਰ ਦਿੱਤਾ ਜਾਂਦਾ ਹੈ, ਜਿਸ ਕਾਰਨ ਸਮੱਸਿਆ ਗੰਭੀਰ ਰੂਪ ਧਾਰ ਲੈਂਦੀ ਹੈ। ਉਨ੍ਹਾਂ ਅਨੁਸਾਰ ਵਿਵਹਾਰ ਵਿੱਚ ਅਚਾਨਕ ਤਬਦੀਲੀ, ਚਿੜਚਿੜਾਪਣ, ਪੜ੍ਹਾਈ ਜਾਂ ਕੰਮ ’ਤੇ ਧਿਆਨ ਨਾ ਲੱਗਣਾ, ਪਰਿਵਾਰ ਤੋਂ ਦੂਰ ਰਹਿਣਾ, ਗੁਪਤ ਸੁਭਾਅ, ਵਾਰ-ਵਾਰ ਪੈਸੇ ਮੰਗਣਾ, ਨਵੇਂ ਅਤੇ ਸ਼ੱਕੀ ਦੋਸਤਾਂ ਨਾਲ ਸੰਗਤ, ਨੀਂਦ ਦੀਆਂ ਸਮੱਸਿਆਵਾਂ ਅਤੇ ਖੇਡਾਂ ਜਾਂ ਰਚਨਾਤਮਕ ਗਤੀਵਿਧੀਆਂ ਤੋਂ ਦਿਲਚਸਪੀ ਖ਼ਤਮ ਹੋਣਾ ਨਸ਼ੇ ਦੀ ਲਤ ਦੇ ਮੁੱਢਲੇ ਲੱਛਣ ਹੋ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਰੀਰਕ ਤੌਰ ’ਤੇ ਵੀ ਕੁਝ ਸੰਕੇਤ ਨਜ਼ਰ ਆ ਸਕਦੇ ਹਨ, ਜਿਵੇਂ ਕਿ ਨਿੱਜੀ ਸਫ਼ਾਈ ਦੀ ਅਣਦੇਖੀ, ਲਗਾਤਾਰ ਥਕਾਵਟ, ਅੱਖਾਂ ਦਾ ਲਾਲ ਰਹਿਣਾ, ਬਹੁਤ ਜ਼ਿਆਦਾ ਨੀਂਦ ਆਉਣਾ, ਖਾਣ-ਪੀਣ ਦੀਆਂ ਆਦਤਾਂ ਵਿੱਚ ਬਦਲਾਅ ਅਤੇ ਅਚਾਨਕ ਭਾਰ ਦਾ ਵਧਣਾ ਜਾਂ ਘਟਣਾ। ਅਜਿਹੇ ਹਾਲਾਤਾਂ ਵਿੱਚ ਮਾਪਿਆਂ ਨੂੰ ਬੱਚਿਆਂ ਨਾਲ ਪਿਆਰ, ਸਹਿਯੋਗ ਅਤੇ ਸਮਝਦਾਰੀ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਲੋੜ ਪੈਣ ’ਤੇ ਮਾਹਿਰ ਡਾਕਟਰਾਂ ਜਾਂ ਮਨੋਵਿਗਿਆਨੀਆਂ ਦੀ ਮਦਦ ਲੈਣੀ ਚਾਹੀਦੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਮੁਹਿੰਮ ਦੇ ਤਹਿਤ ਚਲਾਏ ਜਾ ਰਹੇ ਨਸ਼ਾ ਛੁਡਾਊ ਅਤੇ ਪੁਨਰਵਾਸ ਪ੍ਰੋਗਰਾਮਾਂ ਨੇ ਹਜ਼ਾਰਾਂ ਲੋਕਾਂ ਦੀ ਜ਼ਿੰਦਗੀ ਵਿੱਚ ਨਵੀਂ ਉਮੀਦ ਜਗਾਈ ਹੈ। ਕਈ ਵਿਅਕਤੀ ਇਲਾਜ ਤੋਂ ਬਾਅਦ ਮੁੜ ਆਪਣੇ ਪਰਿਵਾਰਾਂ ਅਤੇ ਸਮਾਜ ਨਾਲ ਜੁੜ ਕੇ ਸਨਮਾਨਜਨਕ ਜੀਵਨ ਬਤੀਤ ਕਰ ਰਹੇ ਹਨ।
ਅੰਮ੍ਰਿਤਸਰ ਦੇ ਇੱਕ ਨੌਜਵਾਨ, ਜਿਸ ਨੇ ਨਸ਼ੇ ਦੀ ਲਤ ਤੋਂ ਛੁਟਕਾਰਾ ਹਾਸਲ ਕੀਤਾ ਹੈ, ਨੇ ਦੱਸਿਆ ਕਿ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਮਿਲੇ ਇਲਾਜ ਅਤੇ ਸਲਾਹ-ਮਸ਼ਵਰੇ ਨੇ ਉਸ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ। ਉਸ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਉਸ ਨੇ ਸਾਰੀਆਂ ਉਮੀਦਾਂ ਛੱਡ ਦਿੱਤੀਆਂ ਸਨ, ਪਰ ਹੁਣ ਉਹ ਨਸ਼ਾ ਮੁਕਤ ਹੋ ਕੇ ਬਿਹਤਰ ਭਵਿੱਖ ਵੱਲ ਵੱਧ ਰਿਹਾ ਹੈ।
ਇਸੇ ਤਰ੍ਹਾਂ ਤਰਨਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਦੇ ਇੱਕ ਹੋਰ ਨੌਜਵਾਨ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਮਿਲੇ ਇਲਾਜ ਅਤੇ ਕਾਊਂਸਲਿੰਗ ਨੇ ਉਸ ਨੂੰ ਆਮ ਜ਼ਿੰਦਗੀ ਵਿੱਚ ਵਾਪਸ ਆਉਣ ਵਿੱਚ ਮਦਦ ਕੀਤੀ ਹੈ। ਉਸ ਨੇ ਕਿਹਾ ਕਿ ਹੁਣ ਉਸ ਦਾ ਧਿਆਨ ਆਪਣੇ ਪਰਿਵਾਰ, ਰੁਜ਼ਗਾਰ ਅਤੇ ਸਿਹਤਮੰਦ ਭਵਿੱਖ ਵੱਲ ਹੈ।
ਮਾਪਿਆਂ ਲਈ ਅਹਿਮ ਸੁਝਾਅ
- ਬੱਚਿਆਂ ਅਤੇ ਨੌਜਵਾਨਾਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਓ।
- ਉਨ੍ਹਾਂ ਨਾਲ ਖੁੱਲ੍ਹਾ ਅਤੇ ਦੋਸਤਾਨਾ ਸੰਚਾਰ ਬਣਾਈ ਰੱਖੋ।
- ਉਨ੍ਹਾਂ ਦੇ ਦੋਸਤਾਂ ਅਤੇ ਰੋਜ਼ਾਨਾ ਗਤੀਵਿਧੀਆਂ ਬਾਰੇ ਜਾਣਕਾਰੀ ਰੱਖੋ।
- ਵਿਵਹਾਰ, ਭਾਵਨਾਤਮਕ ਹਾਲਤ ਅਤੇ ਖਰਚਿਆਂ ਵਿੱਚ ਆਉਣ ਵਾਲੇ ਬਦਲਾਵਾਂ ’ਤੇ ਨਜ਼ਰ ਰੱਖੋ।
- ਬੱਚਿਆਂ ਨੂੰ ਖੇਡਾਂ, ਸੱਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰੋ।
- ਕਿਸੇ ਵੀ ਸ਼ੱਕੀ ਲੱਛਣ ਦੇਖਣ ’ਤੇ ਤੁਰੰਤ ਮਾਹਿਰਾਂ ਨਾਲ ਸੰਪਰਕ ਕਰੋ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਆਪਣੀ ਜੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਤਿੰਨ ਮੁੱਖ ਥੰਮ੍ਹਾਂ—ਨਸ਼ਾ ਛੁਡਾਊ, ਪੁਨਰਵਾਸ ਅਤੇ ਕਾਊਂਸਲਿੰਗ—’ਤੇ ਕੇਂਦਰਿਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ, ਪਰਿਵਾਰ, ਸਕੂਲਾਂ, ਕਾਲਜਾਂ, ਸਿਹਤ ਮਾਹਿਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਰੋਕਥਾਮ, ਇਲਾਜ ਅਤੇ ਪੁਨਰਵਾਸ ਦੇ ਯਤਨਾਂ ਨੂੰ ਲਗਾਤਾਰ ਜਾਰੀ ਰੱਖਣਾ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਕੁੰਜੀ ਹੈ।
ਉਨ੍ਹਾਂ ਕਿਹਾ ਕਿ “ਨਸ਼ਿਆਂ ਵਿਰੁੱਧ ਜੰਗ” ਸਿਰਫ਼ ਇੱਕ ਸਰਕਾਰੀ ਮੁਹਿੰਮ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਇੱਕ ਸਮਾਜਿਕ ਅੰਦੋਲਨ ਹੈ, ਜਿਸ ਵਿੱਚ ਹਰ ਨਾਗਰਿਕ ਦੀ ਭਾਗੀਦਾਰੀ ਲਾਜ਼ਮੀ ਹੈ।
