
ਬਠਿੰਡਾ, 15 ਜੂਨ 2026: ਬਠਿੰਡਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀ ਸਾਂਝੀ ਕਾਰਵਾਈ ਦੌਰਾਨ ਇੱਕ ਸ਼ੱਕੀ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਹੋਇਆ ਹੈ। ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।
ਪੁਲਿਸ ਮੁਤਾਬਕ ਮੁਲਜ਼ਮਾਂ ਨੇ ਬਿਨਾਂ ਮਨਜ਼ੂਰੀ ਸੰਵੇਦਨਸ਼ੀਲ ਅਤੇ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਖੇਤਰਾਂ ਵਿੱਚ ਸੂਰਜੀ ਊਰਜਾ ਨਾਲ ਚੱਲਣ ਵਾਲੇ ਨਿਗਰਾਨੀ ਕੈਮਰੇ ਲਗਾਏ ਹੋਏ ਸਨ। ਇਨ੍ਹਾਂ ਕੈਮਰਿਆਂ ਰਾਹੀਂ ਫੌਜ, ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਰਹੀ ਸੀ। ਇਕੱਠੀ ਕੀਤੀ ਗਈ ਫੁਟੇਜ ਪਾਕਿਸਤਾਨ ਅਤੇ ਕੈਨੇਡਾ ਵਿੱਚ ਬੈਠੇ ਰਾਸ਼ਟਰ ਵਿਰੋਧੀ ਤੱਤਾਂ ਅਤੇ ਉਨ੍ਹਾਂ ਦੇ ਏਜੰਟਾਂ ਤੱਕ ਪਹੁੰਚਾਈ ਜਾ ਰਹੀ ਸੀ।
ਇਹ ਕੇਸ 9 ਜੂਨ ਨੂੰ ਥਰਮਲ ਥਾਣਾ, ਬਠਿੰਡਾ ਵਿੱਚ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਖ਼ਿਲਾਫ਼ ਸਰਕਾਰੀ ਗੁਪਤ ਕਾਨੂੰਨ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਜਾਂਚ ਦੌਰਾਨ ਸਾਹਮਣੇ ਆਇਆ ਕਿ ਮਾਰਚ ਮਹੀਨੇ ਵਿੱਚ ਬਠਿੰਡਾ-ਮਲੋਟ ਮੁੱਖ ਮਾਰਗ ‘ਤੇ ਅੰਬੂਜਾ ਫੈਕਟਰੀ ਦੇ ਸਾਹਮਣੇ ਸਰਕਾਰੀ ਬਿਜਲੀ ਦੇ ਖੰਭੇ ‘ਤੇ ਇੱਕ ਸੂਰਜੀ ਊਰਜਾ ਨਾਲ ਚੱਲਣ ਵਾਲਾ ਕੈਮਰਾ ਲਗਾਇਆ ਗਿਆ ਸੀ। ਇਹ ਕੈਮਰਾ ਸਰਗਰਮ ਸਿਮ ਕਾਰਡ ਨਾਲ ਜੁੜਿਆ ਹੋਇਆ ਸੀ, ਜਿਸ ਰਾਹੀਂ ਲਾਈਵ ਨਿਗਰਾਨੀ ਸੰਭਵ ਸੀ।
ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਇਸ ਨੈੱਟਵਰਕ ਦਾ ਮੁੱਖ ਮਕਸਦ ਰਾਜਸਥਾਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸਰਹੱਦਾਂ ਨੇੜੇ ਫੌਜੀ ਹਲਚਲ, ਸੁਰੱਖਿਆ ਬਲਾਂ ਦੀ ਤਾਇਨਾਤੀ ਅਤੇ ਹੋਰ ਸੰਵੇਦਨਸ਼ੀਲ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕਰਨਾ ਸੀ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਸਐਸਪੀ ਡਾ. ਜੋਤੀ ਯਾਦਵ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ। ਸੀਸੀਟੀਵੀ ਫੁਟੇਜ, ਤਕਨੀਕੀ ਸਬੂਤਾਂ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੀ ਮਦਦ ਨਾਲ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਗਿਆ।
ਪੁਲਿਸ ਨੇ 10 ਜੂਨ ਨੂੰ ਅੰਮ੍ਰਿਤਸਰ ਦੇ ਅਜਨਾਲਾ ਖੇਤਰ ਦੇ ਪਿੰਡ ਸਰਾਏ ਦੇ ਰਹਿਣ ਵਾਲੇ 40 ਸਾਲਾ ਅਸ਼ੋਕ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਉਸ ਤੋਂ ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ 14 ਜੂਨ ਨੂੰ 22 ਸਾਲਾ ਆਕਾਸ਼ਦੀਪ ਸਿੰਘ ਨੂੰ ਵੀ ਕਾਬੂ ਕਰ ਲਿਆ ਗਿਆ।
ਪੁਲਿਸ ਅਨੁਸਾਰ ਪੁੱਛਗਿੱਛ ਵਿੱਚ ਦੋ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਹੈ। ਹੁਣ ਤੱਕ ਚਾਰ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਦੋ ਗ੍ਰਿਫ਼ਤਾਰ ਹੋ ਚੁੱਕੇ ਹਨ ਅਤੇ ਦੋ ਦੀ ਭਾਲ ਜਾਰੀ ਹੈ।
ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਕੈਮਰੇ ਅਜਿਹੇ ਸਥਾਨਾਂ ‘ਤੇ ਲਗਾਏ ਗਏ ਸਨ ਜਿੱਥੋਂ ਰਾਸ਼ਟਰੀ ਰਾਜਮਾਰਗ ‘ਤੇ ਫੌਜੀ ਅਤੇ ਸੁਰੱਖਿਆ ਏਜੰਸੀਆਂ ਦੇ ਵਾਹਨਾਂ ਦੀ ਆਵਾਜਾਈ ‘ਤੇ ਲਗਾਤਾਰ ਨਜ਼ਰ ਰੱਖੀ ਜਾ ਸਕੇ।
ਪੁਲਿਸ ਦਾ ਮੰਨਣਾ ਹੈ ਕਿ ਇਹ ਮਾਮਲਾ ਸਿਰਫ਼ ਸਥਾਨਕ ਪੱਧਰ ਤੱਕ ਸੀਮਤ ਨਹੀਂ, ਸਗੋਂ ਇਸ ਦੇ ਤਾਰ ਕਿਸੇ ਅੰਤਰਰਾਸ਼ਟਰੀ ਨੈੱਟਵਰਕ ਨਾਲ ਵੀ ਜੁੜੇ ਹੋ ਸਕਦੇ ਹਨ। ਜਾਂਚ ਜਾਰੀ ਹੈ ਅਤੇ ਹੋਰ ਅਹਿਮ ਖੁਲਾਸਿਆਂ ਦੀ ਉਮੀਦ ਕੀਤੀ ਜਾ ਰਹੀ ਹੈ।
