
ਜਲੰਧਰ: 15 ਜੂਨ 2026: ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਵਿਰੋਧੀ ਧਿਰਾਂ ’ਤੇ ਤਿੱਖਾ ਹਮਲਾ ਬੋਲਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਹਰ ਚੋਣ ਵਿੱਚ ‘ਆਪ’ ਸਰਕਾਰ ਦੇ ਕੰਮਾਂ ’ਤੇ ਮੋਹਰ ਲਗਾਈ ਹੈ ਅਤੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ।
ਪੰਨੂ ਨੇ ਕਿਹਾ ਕਿ ਜਦੋਂ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਵਿਧਾਇਕ ਅਤੇ ਬਾਅਦ ਵਿੱਚ ਮੁੱਖ ਮੰਤਰੀ ਚੁਣਿਆ ਤਾਂ ਸੂਬੇ ਵਿੱਚ ਖੁਸ਼ੀ ਦੀ ਲਹਿਰ ਸੀ, ਪਰ ਵਿਰੋਧੀ ਪਾਰਟੀਆਂ ਨੂੰ ‘ਆਪ’ ਦੀ ਵਧਦੀ ਲੋਕਪ੍ਰਿਯਤਾ ਕਦੇ ਵੀ ਹਜ਼ਮ ਨਹੀਂ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਲਾਜ ਦੌਰਾਨ ਵੀ ਵਿਰੋਧੀਆਂ ਨੇ ਗੈਰ-ਜ਼ਿੰਮੇਵਾਰਾਨਾ ਅਤੇ ਨੀਵੇਂ ਪੱਧਰ ਦੀ ਬਿਆਨਬਾਜ਼ੀ ਕੀਤੀ, ਜਿਸ ਨੂੰ ਪੰਜਾਬ ਦੇ ਲੋਕਾਂ ਨੇ ਸਖ਼ਤੀ ਨਾਲ ਨਕਾਰ ਦਿੱਤਾ।
ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਦੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਪੰਨੂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਇਨ੍ਹਾਂ ਮਾਮਲਿਆਂ ਦੀ ਫੋਰੈਂਸਿਕ ਜਾਂਚ ਕਰਵਾਈ ਹੈ ਅਤੇ ਰਿਪੋਰਟਾਂ ਹੁਣ ਜਨਤਕ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਖ਼ਤ ਬੇਅਦਬੀ ਕਾਨੂੰਨ ਵੀ ਲਿਆਂਦਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੋਟਕਪੂਰਾ ਗੋਲੀਕਾਂਡ ਨਾਲ ਜੁੜੇ ਦੋਸ਼ੀ ਅੱਜ ਹਾਈਕੋਰਟ ਤੋਂ ਜ਼ਮਾਨਤ ’ਤੇ ਬਾਹਰ ਹਨ, ਪਰ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।
ਚੋਣੀ ਪ੍ਰਦਰਸ਼ਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ, ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਸਮੇਤ ਹਰ ਚੋਣ ਵਿੱਚ ਲੋਕਾਂ ਨੇ ‘ਆਪ’ ਨੂੰ ਭਰਵਾਂ ਸਮਰਥਨ ਦਿੱਤਾ ਹੈ। ਉਨ੍ਹਾਂ ਮੁਤਾਬਕ ਇਹ ਸਮਰਥਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਨਤੀਜਾ ਹੈ।
ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਪੰਨੂ ਨੇ ਕਿਹਾ ਕਿ ਹਾਂ-ਪੱਖੀ ਨੀਤੀਆਂ ਕਾਰਨ ਪੰਜਾਬ ਵਿੱਚ ਭੂ-ਜਲ ਪੱਧਰ ਨੂੰ ਬਚਾਉਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਕਿਸਾਨਾਂ ਨੂੰ ਦਿਨ ਦੇ ਸਮੇਂ ਖੇਤੀਬਾੜੀ ਲਈ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਰਾਤ ਵੇਲੇ ਖੇਤਾਂ ਵਿੱਚ ਜਾਣ ਦੀ ਲੋੜ ਨਹੀਂ ਰਹੀ।
ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਦਕਿ ਲੋੜਵੰਦ ਵਰਗਾਂ ਨੂੰ ਮਹੀਨਾਵਾਰ 1000 ਤੋਂ 1500 ਰੁਪਏ ਤੱਕ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਸੋਚਦੇ ਸਨ ਕਿ ‘ਆਪ’ ਸਰਕਾਰ ਕੋਈ ਵੱਡਾ ਕੰਮ ਨਹੀਂ ਕਰ ਸਕੇਗੀ, ਪਰ ਪੰਜਾਬੀਆਂ ਨੇ ਹਰ ਵੇਲੇ ਸਰਕਾਰ ’ਤੇ ਭਰੋਸਾ ਜਤਾਇਆ ਹੈ।
ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਕਾਸ ਅਤੇ ਤਰੱਕੀ ਦੇ ਰਾਹ ’ਤੇ ਅੱਗੇ ਵੱਧ ਰਿਹਾ ਹੈ ਅਤੇ ਵਿਰੋਧੀਆਂ ਦੇ ਕਥਿਤ ਕੂੜ ਪ੍ਰਚਾਰ ਦਾ ਜਵਾਬ ਲੋਕ ਖੁਦ ਆਪਣੇ ਫ਼ੈਸਲਿਆਂ ਰਾਹੀਂ ਦੇ ਰਹੇ ਹਨ।
