Saturday, June 20Punjabi People

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਫਰੀਦਕੋਟ ਵਿੱਚ ਨਵੇਂ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਉਦਘਾਟਨ

ਫਰੀਦਕੋਟ, 15 ਜੂਨ 2026: ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਆਪਣੇ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ ਸਨ ਫਾਊਂਡੇਸ਼ਨ ਵੱਲੋਂ ਸਥਾਪਿਤ ਕੀਤੇ ਗਏ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਨੌਜਵਾਨਾਂ ਨੂੰ ਸਿਰਫ਼ ਡਿਗਰੀਆਂ ਹੀ ਨਹੀਂ, ਸਗੋਂ ਸਮੇਂ ਦੀ ਮੰਗ ਅਨੁਸਾਰ ਹੁਨਰਮੰਦ ਬਣਾਉਣਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਆਤਮ ਨਿਰਭਰ ਬਣ ਸਕਣ ਅਤੇ ਦੇਸ਼ ਦੇ ਵਿਕਾਸ ਵਿੱਚ ਆਪਣਾ ਸਰਗਰਮ ਯੋਗਦਾਨ ਪਾ ਸਕਣ।

ਰਾਜਪਾਲ ਸ੍ਰੀ ਕਟਾਰੀਆ ਨੇ ਕਿਹਾ ਕਿ ਇਹ ਸਕਿੱਲ ਡਿਵੈਲਪਮੈਂਟ ਸੈਂਟਰ ਫਰੀਦਕੋਟ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਲਈ ਇੱਕ ਵੱਡਾ ਮੌਕਾ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇੱਥੇ ਵੱਖ-ਵੱਖ ਕਿੱਤਾਮੁਖੀ ਅਤੇ ਰੁਜ਼ਗਾਰਮੁਖੀ ਕੋਰਸਾਂ ਦੀ ਮੁਫ਼ਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਨੌਜਵਾਨ ਆਪਣੀ ਯੋਗਤਾ ਅਤੇ ਰੁਚੀ ਅਨੁਸਾਰ ਹੁਨਰ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਹਰ ਨੌਜਵਾਨ ਲਈ ਸਰਕਾਰੀ ਨੌਕਰੀ ਸੰਭਵ ਨਹੀਂ ਹੁੰਦੀ, ਪਰ ਅਜਿਹੇ ਸੈਂਟਰਾਂ ਤੋਂ ਪ੍ਰਾਪਤ ਹੁਨਰ ਰਾਹੀਂ ਉਹ ਆਪਣਾ ਕਾਰੋਬਾਰ ਜਾਂ ਸਵੈ-ਰੁਜ਼ਗਾਰ ਸ਼ੁਰੂ ਕਰ ਸਕਦੇ ਹਨ ਅਤੇ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਦੇ ਹਨ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੇਰੁਜ਼ਗਾਰੀ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਨਾਲ ਨਜਿੱਠਣ ਲਈ ਹੁਨਰ ਵਿਕਾਸ ਇੱਕ ਪ੍ਰਭਾਵਸ਼ਾਲੀ ਸਾਧਨ ਹੈ। ਜਦੋਂ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਉੱਜਵਲ ਭਵਿੱਖ ਦੀ ਦਿਸ਼ਾ ਮਿਲਦੀ ਹੈ ਤਾਂ ਉਹ ਨਕਾਰਾਤਮਕ ਰੁਝਾਨਾਂ ਤੋਂ ਦੂਰ ਰਹਿੰਦੇ ਹਨ ਅਤੇ ਸਮਾਜ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਸ ਤੋਂ ਬਾਅਦ ਸਥਾਨਕ ਸੱਭਿਆਚਾਰਕ ਕੇਂਦਰ ਵਿੱਚ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਨ ਫਾਊਂਡੇਸ਼ਨ ਵੱਲੋਂ ਸਿੱਖਿਆ, ਹੁਨਰ ਵਿਕਾਸ ਅਤੇ ਸਮਾਜਿਕ ਭਲਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਫਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੁੰਦਾ ਅਤੇ ਨਿਰੰਤਰ ਮਿਹਨਤ ਹੀ ਉਨ੍ਹਾਂ ਨੂੰ ਉੱਚਾਈਆਂ ਤੱਕ ਲੈ ਜਾ ਸਕਦੀ ਹੈ।

ਪੱਤਰਕਾਰਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਰਾਜਪਾਲ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਕਾਨੂੰਨੀ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਸਖ਼ਤ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੇ ਮੁਕਾਬਲੇ ਨਸ਼ਿਆਂ ਦੀ ਰੋਕਥਾਮ ਵਿੱਚ ਕਾਫ਼ੀ ਹੱਦ ਤੱਕ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਇੱਕ ਜਨ ਅੰਦੋਲਨ ਦਾ ਰੂਪ ਦਿੱਤਾ ਗਿਆ ਹੈ, ਜਿਸ ਕਾਰਨ ਕਈ ਥਾਵਾਂ ’ਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ’ਤੇ ਰੋਕ ਲੱਗੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਡਰੋਨਾਂ ਰਾਹੀਂ ਹੋਣ ਵਾਲੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਵੀ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਲਦੀ ਹੀ ਇਸ ਸਮੱਸਿਆ ’ਤੇ ਵੀ ਪ੍ਰਭਾਵਸ਼ਾਲੀ ਕਾਬੂ ਪਾ ਲਿਆ ਜਾਵੇਗਾ।

ਸਨ ਫਾਊਂਡੇਸ਼ਨ ਦੇ ਚੇਅਰਮੈਨ ਡਾ. ਵਿਕਰਮਜੀਤ ਸਾਹਨੀ ਨੇ ਦੱਸਿਆ ਕਿ ਪੰਜਾਬ ਵਿੱਚ ਸਥਾਪਿਤ ਕੀਤਾ ਗਿਆ ਇਹ ਪੰਜਵਾਂ ਸਕਿੱਲ ਡਿਵੈਲਪਮੈਂਟ ਸੈਂਟਰ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਹਰ ਸਾਲ ਕਰੀਬ 1,000 ਨੌਜਵਾਨਾਂ ਨੂੰ ਮੁਫ਼ਤ ਹੁਨਰ ਸਿਖਲਾਈ ਅਤੇ ਰੁਜ਼ਗਾਰ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸੈਂਟਰ ਫਰੀਦਕੋਟ ਦੇ ਨੌਜਵਾਨਾਂ ਨੂੰ ਸਮਰਪਿਤ ਹੈ ਅਤੇ ਇਸ ਦਾ ਮਕਸਦ ਉਨ੍ਹਾਂ ਨੂੰ ਆਧੁਨਿਕ ਹੁਨਰਾਂ ਨਾਲ ਲੈਸ ਕਰਕੇ ਰੁਜ਼ਗਾਰ ਦੇ ਬਿਹਤਰ ਮੌਕੇ ਉਪਲਬਧ ਕਰਵਾਉਣਾ ਹੈ।

ਆਪਣੇ ਦੌਰੇ ਦੌਰਾਨ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਟਿੱਲਾ ਬਾਬਾ ਫਰੀਦ ਵਿਖੇ ਵੀ ਨਤਮਸਤਕ ਹੋਏ ਅਤੇ ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ।

ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ। ਫਰੀਦਕੋਟ ਵਿੱਚ ਪਹਿਲੀ ਵਾਰ ਪਹੁੰਚਣ ’ਤੇ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਰਾਜਪਾਲ ਨੂੰ ਗਾਰਡ ਆਫ ਆਨਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Leave a Reply

Your email address will not be published. Required fields are marked *