
ਚੰਡੀਗੜ੍ਹ, 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗਰੁੱਪ ਸੀ ਅਤੇ ਡੀ ਅਸਾਮੀਆਂ ‘ਤੇ ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਤੋਂ ਵੱਧ ਦੂਰ ਤਾਇਨਾਤ ਨਹੀਂ ਕੀਤਾ ਜਾਵੇਗਾ। ਇਸ ਫ਼ੈਸਲੇ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਰਮਚਾਰੀ ਆਪਣੀ ਡਿਊਟੀ ਖ਼ਤਮ ਹੋਣ ਤੋਂ ਥੋੜ੍ਹੇ ਸਮੇਂ ਬਾਅਦ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਸਕਣ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਵਿਸਥਾਰਤ ਯੋਜਨਾ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਕੁਝ ਦਿਨਾਂ ਵਿੱਚ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਬੰਧ ਅਧਿਆਪਕਾਂ, ਸਿਹਤ ਕਰਮਚਾਰੀਆਂ, ਪੁਲਿਸ ਵਿਭਾਗ ਦੇ ਕਾਂਸਟੇਬਲਾਂ ਅਤੇ ਵੱਖ-ਵੱਖ ਵਿਭਾਗਾਂ ਦੇ ਗਰੁੱਪ ਸੀ ਤੇ ਡੀ ਕਰਮਚਾਰੀਆਂ ‘ਤੇ ਲਾਗੂ ਹੋਵੇਗਾ।
ਸੋਸ਼ਲ ਮੀਡੀਆ ਪੋਸਟ ਰਾਹੀਂ ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਅੱਜ 523 ਹੋਰ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ ਗਏ ਹਨ। ਇਸ ਨਾਲ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੁੱਲ 67,563 ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਪ੍ਰੋਬੇਸ਼ਨ ਪੀਰੀਅਡ ਪੂਰਾ ਹੋਣ ਤੋਂ ਬਾਅਦ ਨਰਸਾਂ, ਕਾਂਸਟੇਬਲਾਂ ਅਤੇ ਗਰੁੱਪ ਸੀ ਤੇ ਡੀ ਦੇ ਮੁਲਾਜ਼ਮਾਂ ਦੀ ਤਾਇਨਾਤੀ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ 990 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰ ਰਹੇ ਹਨ, ਜਦਕਿ 400 ਨਵੇਂ ਕਲੀਨਿਕਾਂ ਦਾ ਨਿਰਮਾਣ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਟੈਕਸ ਦਾ ਪੈਸਾ ਸਿੱਧੇ ਤੌਰ ‘ਤੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਵਰਗੇ ਖੇਤਰਾਂ ਵਿੱਚ ਖਰਚ ਕਰ ਰਹੀ ਹੈ ਅਤੇ ਮੁਲਾਜ਼ਮਾਂ ਤੇ ਨੌਜਵਾਨਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।
