Saturday, May 23Punjabi People

16 ਜਨਵਰੀ ਨੂੰ ਮੋਹਾਲੀ ਤੋਂ ਪੰਜਾਬ ਸਰਕਾਰ ‘ਸਾਡੇ ਬਜ਼ੁਰਗ, ਸਾਡਾ ਮਾਣ’ ਸੂਬਾ ਪੱਧਰੀ ਮੁਹਿੰਮ ਦਾ ਆਗਾਜ਼ ਕਰੇਗੀ: ਡਾ. ਬਲਜੀਤ ਕੌਰ

ਚੰਡੀਗੜ੍ਹ 14 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 16 ਜਨਵਰੀ 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਤੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਨਾਮਕ ਰਾਜ ਪੱਧਰੀ ਮੁਹਿੰਮ ਦੀ ਸਰਕਾਰੀ ਸ਼ੁਰੂਆਤ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਮਕਸਦ ਬਿਰਧ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਯਕੀਨੀ ਬਣਾਉਣਾ ਹੈ।

ਪੰਜਾਬ ਸਰਕਾਰ ਨੇ ਜਨਤਕ ਹਿੱਤ ਵਿੱਚ ਅਗਾਊਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਰਾਹੀਂ ਸੂਬੇ ਭਰ ਦੇ ਵੱਧ ਤੋਂ ਵੱਧ ਬਜ਼ੁਰਗ ਨਾਗਰਿਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।ਮੁਹਿੰਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ‘ਸਾਡੇ ਬਜ਼ੁਰਗ, ਸਾਡਾ ਮਾਣ’ ਦਾ ਮੁੱਖ ਉਦੇਸ਼ ਸੀਨੀਅਰ ਨਾਗਰਿਕਾਂ ਨੂੰ ਜ਼ਰੂਰੀ ਸਿਹਤ ਸੇਵਾਵਾਂ, ਕਾਨੂੰਨੀ ਜਾਗਰੂਕਤਾ ਅਤੇ ਸਰਕਾਰੀ ਭਲਾਈ ਸਕੀਮਾਂ ਨਾਲ ਜੋੜਨਾ ਹੈ, ਤਾਂ ਜੋ ਉਹ ਸੁਰੱਖਿਅਤ ਅਤੇ ਇਜ਼ਤਦਾਰ ਜੀਵਨ ਜੀ ਸਕਣ।

ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਵਿੱਤੀ ਸਾਲ 2025-26 ਲਈ ਤਿਆਰ ਕੀਤੀ ਗਈ ਸੀਨੀਅਰ ਨਾਗਰਿਕਾਂ ਦੀ ਰਾਜ ਕਾਰਜ ਯੋਜਨਾ ਤਹਿਤ ਲਾਗੂ ਕੀਤੀ ਜਾ ਰਹੀ ਹੈ, ਜਿਸ ਅਧੀਨ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ। ਮੰਤਰੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਿਹਤ ਵਿਭਾਗ ਵੱਲੋਂ ਬਜ਼ੁਰਗ ਨਾਗਰਿਕਾਂ ਲਈ ਮੁਫ਼ਤ ਆਮ ਸਿਹਤ ਜਾਂਚ, ਆਰਥੋਪੀਡਿਕ ਇਲਾਜ, ਈਐਨਟੀ ਅਤੇ ਅੱਖਾਂ ਦੀ ਜਾਂਚ ਸਮੇਤ ਹੋਮਿਓਪੈਥਿਕ ਅਤੇ ਆਯੁਰਵੇਦਿਕ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਮੌਕੇ ‘ਤੇ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ ਨਾਮਾਂਕਣ, ਸੀਨੀਅਰ ਸਿਟੀਜ਼ਨ ਕਾਰਡ ਅਤੇ ਅਲੀਮਕੋ ਕਾਰਡ ਜਾਰੀ ਕੀਤੇ ਜਾਣਗੇ, ਨਾਲ ਹੀ ਰਾਸ਼ਟਰੀ ਵਯੋਸ਼੍ਰੀ ਯੋਜਨਾ ਸਬੰਧੀ ਜਾਣਕਾਰੀ ਅਤੇ ਸਹਾਇਤਾ ਵੀ ਦਿੱਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਿਰਧ ਨਾਗਰਿਕਾਂ ਨੂੰ ਮਾਪਿਆਂ ਅਤੇ ਸੀਨੀਅਰ ਸਿਟੀਜ਼ਨਜ਼ ਦੀ ਦੇਖਭਾਲ ਅਤੇ ਭਲਾਈ ਐਕਟ, 2007 ਅਤੇ ਹੋਰ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਉਹ ਆਪਣੇ ਹੱਕਾਂ ਪ੍ਰਤੀ ਸਚੇਤ ਅਤੇ ਸਸ਼ਕਤ ਬਣ ਸਕਣ। ਉਨ੍ਹਾਂ ਕਿਹਾ ਕਿ ਆਯੂਸ਼ ਅਤੇ ਯੁਵਾ ਮਾਮਲਿਆਂ ਦੇ ਵਿਭਾਗਾਂ ਦੇ ਸਹਿਯੋਗ ਨਾਲ ਯੋਗਾ ਸੈਸ਼ਨ ਅਤੇ ਨੁੱਕੜ ਨਾਟਕਾਂ ਰਾਹੀਂ ਸਿਹਤ ਜਾਗਰੂਕਤਾ, ਅੰਤਰ-ਪੀੜ੍ਹੀ ਸਬੰਧ ਅਤੇ ਸਮਾਜਿਕ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾਵੇਗਾ।

ਬਜ਼ੁਰਗਾਂ ਦੀਆਂ ਖ਼ਾਸ ਲੋੜਾਂ ‘ਤੇ ਧਿਆਨ ਦਿੰਦਿਆਂ ਮੰਤਰੀ ਨੇ ਕਿਹਾ ਕਿ ਕੈਂਪਾਂ ਦੌਰਾਨ ਨੇੜੇ ਦੀ ਨਜ਼ਰ ਦੀਆਂ ਐਨਕਾਂ, ਸੁਣਨ ਵਾਲੀਆਂ ਮਸ਼ੀਨਾਂ, ਤੁਰਨ ਵਿੱਚ ਸਹਾਇਕ ਉਪਕਰਣ, ਸਰਵਾਈਕਲ ਕਾਲਰ, ਬੈਲਟ ਅਤੇ ਵ੍ਹੀਲਚੇਅਰ ਵਰਗੇ ਜ਼ਰੂਰੀ ਸਹਾਇਕ ਸਾਧਨ ਮੌਕੇ ‘ਤੇ ਹੀ ਵੰਡੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮੁਹਿੰਮ ਸਿਰਫ਼ ਸਹੂਲਤਾਂ ਤੱਕ ਸੀਮਿਤ ਨਹੀਂ, ਸਗੋਂ ਬਜ਼ੁਰਗ ਨਾਗਰਿਕਾਂ ਨੂੰ ਇਹ ਅਹਿਸਾਸ ਕਰਵਾਉਣ ਲਈ ਹੈ ਕਿ ਉਹ ਸਮਾਜ ਦੀ ਅਮੂਲ ਧਰੋਹਰ ਅਤੇ ਮਾਰਗਦਰਸ਼ਕ ਹਨ।ਪਿਛਲੇ ਸਾਲਾਂ ਦੇ ਤਜ਼ਰਬੇ ਬਾਰੇ ਗੱਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪਾਂ ਰਾਹੀਂ ਹਜ਼ਾਰਾਂ ਬਿਰਧ ਨਾਗਰਿਕ ਪਹਿਲਾਂ ਹੀ ਲਾਭਾਨਵਿਤ ਹੋ ਚੁੱਕੇ ਹਨ, ਜੋ ਇਸ ਯਤਨ ਦੀ ਸਫਲਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਦੱਸਿਆ ਕਿ ਬਜ਼ੁਰਗ ਨਾਗਰਿਕਾਂ ਦੀ ਮਦਦ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰ 14567 ਵੀ ਚਾਲੂ ਹੈ।ਕੜਾਕੇ ਦੀ ਠੰਢ ਨੂੰ ਧਿਆਨ ਵਿੱਚ ਰੱਖਦਿਆਂ ਮੰਤਰੀ ਨੇ ਕਿਹਾ ਕਿ ਮੁਹਿੰਮ ਦੀ ਸ਼ੁਰੂਆਤ 16 ਜਨਵਰੀ ਨੂੰ ਕੀਤੀ ਜਾਵੇਗੀ, ਜਦਕਿ ਹੋਰ ਜ਼ਿਲ੍ਹਿਆਂ ਵਿੱਚ ਸਿਹਤ ਕੈਂਪਾਂ ਦਾ ਦੂਜਾ ਚਰਨ 26 ਜਨਵਰੀ ਤੋਂ ਬਾਅਦ ਯੋਜਨਾਬੱਧ ਤਰੀਕੇ ਨਾਲ ਸ਼ੁਰੂ ਕੀਤਾ ਜਾਵੇਗਾ, ਤਾਂ ਜੋ ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ ਅਤੇ ਸਿਹਤ ਦਾ ਪੂਰਾ ਖ਼ਿਆਲ ਰੱਖਿਆ ਜਾ ਸਕੇ।

ਅੰਤ ਵਿੱਚ, ਕੈਬਨਿਟ ਮੰਤਰੀ ਨੇ ਬਿਰਧ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ 16 ਜਨਵਰੀ ਤੋਂ ਸ਼ੁਰੂ ਹੋ ਰਹੇ ਜ਼ਿਲ੍ਹਾ ਪੱਧਰੀ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਮੁਫ਼ਤ ਸਿਹਤ, ਕਾਨੂੰਨੀ ਅਤੇ ਭਲਾਈ ਸੇਵਾਵਾਂ ਦਾ ਪੂਰਾ ਲਾਭ ਉਠਾਉਣ।

Leave a Reply

Your email address will not be published. Required fields are marked *