
ਨਵੀਂ ਦਿੱਲੀ, 18 ਜੂਨ 2026: ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅਯੋਧਿਆ ਸਥਿਤ ਰਾਮ ਮੰਦਰ ਵਿੱਚ ਚੜ੍ਹਾਵੇ ਅਤੇ ਦਾਨ ਨਾਲ ਜੁੜੇ ਕਥਿਤ ਚੋਰੀ ਦੇ ਮਾਮਲੇ ਨੂੰ ਲੈ ਕੇ ਭਾਜਪਾ ਅਤੇ ਕੇਂਦਰ ਸਰਕਾਰ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਕਈ ਤੱਥ, ਬਰਾਮਦਗੀਆਂ ਅਤੇ ਸ਼ੱਕੀ ਗਤੀਵਿਧੀਆਂ ਸਾਹਮਣੇ ਆਉਣ ਦੇ ਬਾਵਜੂਦ ਹੁਣ ਤੱਕ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ।
ਸੰਜੇ ਸਿੰਘ ਨੇ ਇਸ ਸਬੰਧੀ ਅਯੋਧਿਆ ਦੇ ਸ਼੍ਰੀ ਰਾਮ ਜਨਮਭੂਮੀ ਪੁਲਿਸ ਥਾਣੇ ਨੂੰ ਇੱਕ ਰਸਮੀ ਸ਼ਿਕਾਇਤ ਭੇਜਦਿਆਂ ਮਾਮਲੇ ਦੀ ਐਫਆਈਆਰ ਦਰਜ ਕਰਨ ਅਤੇ ਸੁਤੰਤਰ ਜਾਂਚ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਚੋਰੀ ਦਾ ਮਾਮਲਾ ਨਹੀਂ, ਸਗੋਂ ਕਰੋੜਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਮੰਦਰ ਪ੍ਰਬੰਧਨ ਦੀ ਪਾਰਦਰਸ਼ਤਾ ਨਾਲ ਜੁੜਿਆ ਗੰਭੀਰ ਮੁੱਦਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਰਾਮ ਮੰਦਰ ਟਰੱਸਟ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਪਹਿਲਾਂ ਵੀ ਬੇਨਿਯਮੀਆਂ ਦੇ ਦੋਸ਼ ਸਾਹਮਣੇ ਆ ਚੁੱਕੇ ਹਨ। ਸੰਜੇ ਸਿੰਘ ਨੇ ਯਾਦ ਦਿਵਾਇਆ ਕਿ ਸਾਲ 2021 ਵਿੱਚ ਉਨ੍ਹਾਂ ਨੇ ਜ਼ਮੀਨ ਖਰੀਦ ਨਾਲ ਜੁੜੇ ਕਥਿਤ ਵਿੱਤੀ ਘਪਲਿਆਂ ਦੇ ਦਸਤਾਵੇਜ਼ ਅਤੇ ਸਬੂਤ ਜਨਤਕ ਕੀਤੇ ਸਨ, ਪਰ ਉਸ ਵੇਲੇ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਉਸ ਸਮੇਂ ਦੋਸ਼ਾਂ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰਾਂ ਖ਼ਿਲਾਫ਼ ਕਦਮ ਚੁੱਕੇ ਜਾਂਦੇ, ਤਾਂ ਅੱਜ ਅਜਿਹੇ ਵਿਵਾਦ ਦੁਬਾਰਾ ਸਾਹਮਣੇ ਨਾ ਆਉਂਦੇ।
ਰਾਜ ਸਭਾ ਮੈਂਬਰ ਨੇ ਕਿਹਾ ਕਿ ਮੰਦਰ ਵਿੱਚ ਆਉਣ ਵਾਲੇ ਚੜ੍ਹਾਵੇ, ਦਾਨ ਬਕਸਿਆਂ ਵਿੱਚ ਜਮ੍ਹਾਂ ਹੋਣ ਵਾਲੀ ਰਕਮ ਅਤੇ ਕੀਮਤੀ ਵਸਤੂਆਂ ਦੇ ਪ੍ਰਬੰਧਨ ਨੂੰ ਲੈ ਕੇ ਲਗਾਤਾਰ ਸਵਾਲ ਉਠ ਰਹੇ ਹਨ। ਇਸ ਤੋਂ ਇਲਾਵਾ ਕੁਝ ਜ਼ਮੀਨੀ ਸੌਦਿਆਂ ਵਿੱਚ ਵਿੱਤੀ ਬੇਨਿਯਮੀਆਂ ਦੇ ਦੋਸ਼ ਵੀ ਲੱਗਦੇ ਰਹੇ ਹਨ। ਉਨ੍ਹਾਂ ਨੇ ਆਪਣੀ ਸ਼ਿਕਾਇਤ ਵਿੱਚ ਇਨ੍ਹਾਂ ਸਾਰੇ ਮੁੱਦਿਆਂ ਨੂੰ ਸ਼ਾਮਲ ਕਰਦਿਆਂ ਪੂਰੇ ਮਾਮਲੇ ਦੀ ਪਾਰਦਰਸ਼ੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਕੁਝ ਵਿਅਕਤੀਆਂ ਕੋਲੋਂ ਨਕਦੀ ਦੀ ਬਰਾਮਦਗੀ ਅਤੇ ਕਈ ਕਰਮਚਾਰੀਆਂ ਦੇ ਸ਼ੱਕ ਦੇ ਘੇਰੇ ਵਿੱਚ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਵਿਰੋਧੀ ਧਿਰ ਵੱਲੋਂ ਇਹ ਮੁੱਦਾ ਉਠਾਇਆ ਗਿਆ ਤਾਂ ਧਿਆਨ ਅਸਲ ਜਾਂਚ ਤੋਂ ਹਟਾ ਕੇ ਰਾਜਨੀਤਿਕ ਦੋਸ਼-ਪ੍ਰਤੀਦੋਸ਼ਾਂ ਵੱਲ ਮੋੜ ਦਿੱਤਾ ਗਿਆ, ਜਦਕਿ ਮੁੱਖ ਸਵਾਲ ਚੜ੍ਹਾਵੇ ਅਤੇ ਦਾਨ ਨਾਲ ਜੁੜੀਆਂ ਕਥਿਤ ਗੜਬੜੀਆਂ ਦੀ ਜਾਂਚ ਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਮਾਮਲੇ ਨਾਲ ਸਬੰਧਤ ਹਰ ਤੱਥ ਦੀ ਬਿਨਾਂ ਕਿਸੇ ਰਾਜਨੀਤਿਕ ਦਖ਼ਲਅੰਦਾਜ਼ੀ ਦੇ ਜਾਂਚ ਕੀਤੀ ਜਾਵੇ। ਜੇਕਰ ਜਾਂਚ ਦੌਰਾਨ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਨਾਲ ਹੀ, ਰਾਮ ਮੰਦਰ ਟਰੱਸਟ ਦੇ ਕੰਮਕਾਜ ਅਤੇ ਵਿੱਤੀ ਲੈਣ-ਦੇਣ ਦੀ ਵੀ ਵਿਸਥਾਰਪੂਰਵਕ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਲੋਕਾਂ ਦਾ ਭਰੋਸਾ ਬਣਿਆ ਰਹੇ।
