Friday, June 19Punjabi People

“ਪੰਜਾਬੀ ਇਮੋਸ਼ਨਲੀ ਬਲੱਡੀ ਫੂਲ” ਟਿੱਪਣੀ ‘ਤੇ ਛਿੜਿਆ ਵਿਵਾਦ, ਚੰਡੀਗੜ੍ਹ ਭਾਜਪਾ ਪ੍ਰਧਾਨ ਘਿਰੇ

ਚੰਡੀਗੜ੍ਹ, 18 ਜੂਨ 2026: ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੀ ਇੱਕ ਟਿੱਪਣੀ ਨੂੰ ਲੈ ਕੇ ਪੰਜਾਬ ਅਤੇ ਚੰਡੀਗੜ੍ਹ ਦੀ ਸਿਆਸਤ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇੱਕ ਪ੍ਰੋਗਰਾਮ ਦੌਰਾਨ ਦਿੱਤੇ ਗਏ ਉਨ੍ਹਾਂ ਦੇ ਬਿਆਨ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ “ਪੰਜਾਬੀ ਇਮੋਸ਼ਨਲੀ ਬਲੱਡੀ ਫੂਲ ਹੁੰਦੇ ਹਨ”, ਨੂੰ ਲੈ ਕੇ ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਤਿੱਖੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ।

ਸੋਸ਼ਲ ਮੀਡੀਆ ‘ਤੇ ਇਸ ਬਿਆਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਾਂਗਰਸ ਨੇ ਭਾਜਪਾ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਸ ਟਿੱਪਣੀ ਨੂੰ ਪੰਜਾਬੀਆਂ ਦੀ ਤੌਹੀਨ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਆਗੂ ਨੇ ਇੱਕ ਪੂਰੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਉਨ੍ਹਾਂ ਨੂੰ ਇਸ ਲਈ ਜਨਤਕ ਤੌਰ ‘ਤੇ ਮੁਆਫ਼ੀ ਮੰਗਣੀ ਚਾਹੀਦੀ ਹੈ।

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀਡੀਓ ਸਾਂਝੀ ਕਰਦਿਆਂ ਲਿਖਿਆ ਕਿ ਪੰਜਾਬੀਆਂ ਨੂੰ ਭਾਵੁਕ ਅਤੇ ਮੂਰਖ ਕਹਿ ਕੇ ਭਾਜਪਾ ਨੇ ਇੱਕ ਵਾਰ ਫਿਰ ਪੰਜਾਬ ਅਤੇ ਪੰਜਾਬੀ ਸੱਭਿਆਚਾਰ ਪ੍ਰਤੀ ਆਪਣੀ ਸੋਚ ਨੂੰ ਉਜਾਗਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਉਹ ਲੋਕ ਹਨ ਜੋ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹਨ, ਅੰਨ ਪੈਦਾ ਕਰਕੇ ਦੇਸ਼ ਦਾ ਪੇਟ ਭਰਦੇ ਹਨ ਅਤੇ ਹਰ ਮੁਸ਼ਕਲ ਘੜੀ ਵਿੱਚ ਸਭ ਤੋਂ ਪਹਿਲਾਂ ਮਦਦ ਲਈ ਅੱਗੇ ਆਉਂਦੇ ਹਨ। ਅਜਿਹੇ ਭਾਈਚਾਰੇ ਦਾ ਅਪਮਾਨ ਕਰਨਾ ਕਦੇ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ।

ਇਸ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਕਾਂਗਰਸ ਵੀ ਸਰਗਰਮ ਹੋ ਗਈ ਹੈ। ਪਾਰਟੀ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਭਾਜਪਾ ਦੇ ਸਥਾਨਕ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਗੇ ਅਤੇ ਪੰਜਾਬੀਆਂ ਖ਼ਿਲਾਫ਼ ਕੀਤੀ ਗਈ ਟਿੱਪਣੀ ਲਈ ਭਾਜਪਾ ਤੋਂ ਸਪੱਸ਼ਟੀਕਰਨ ਮੰਗਣਗੇ।

ਵਿਵਾਦ ਵਧਣ ਤੋਂ ਬਾਅਦ ਜਤਿੰਦਰ ਪਾਲ ਮਲਹੋਤਰਾ ਨੇ ਆਪਣੇ ਬਿਆਨ ‘ਤੇ ਖੇਦ ਪ੍ਰਗਟ ਕਰਦਿਆਂ ਮੁਆਫ਼ੀ ਵੀ ਮੰਗੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਖੁਦ ਪੰਜਾਬ ਨਾਲ ਸਬੰਧਤ ਹਨ ਅਤੇ ਪੰਜਾਬੀ ਭਾਈਚਾਰੇ ਪ੍ਰਤੀ ਪੂਰਾ ਸਤਿਕਾਰ ਰੱਖਦੇ ਹਨ। ਮਲਹੋਤਰਾ ਨੇ ਸਵਾਲ ਉਠਾਇਆ ਕਿ ਇਹ ਵੀਡੀਓ ਕਰੀਬ 17 ਦਿਨ ਪੁਰਾਣੀ ਹੈ ਅਤੇ ਹੁਣ ਅਚਾਨਕ ਕਿਵੇਂ ਵਾਇਰਲ ਹੋ ਗਈ, ਇਸ ਬਾਰੇ ਵੀ ਜਾਂਚ ਹੋਣੀ ਚਾਹੀਦੀ ਹੈ।

ਹਾਲਾਂਕਿ ਉਨ੍ਹਾਂ ਦੀ ਮੁਆਫ਼ੀ ਦੇ ਬਾਵਜੂਦ ਸਿਆਸੀ ਤਕਰਾਰ ਠੰਢੀ ਪੈਂਦੀ ਨਜ਼ਰ ਨਹੀਂ ਆ ਰਹੀ। ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਅਜਿਹੇ ਬਿਆਨ ਨਾ ਸਿਰਫ਼ ਪੰਜਾਬੀਆਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ, ਸਗੋਂ ਸਮਾਜ ਵਿੱਚ ਗਲਤ ਸੰਦੇਸ਼ ਵੀ ਦਿੰਦੇ ਹਨ।

ਇਸ ਵਿਵਾਦ ਨੇ ਪੰਜਾਬ ਅਤੇ ਚੰਡੀਗੜ੍ਹ ਦੀ ਰਾਜਨੀਤੀ ਵਿੱਚ ਇੱਕ ਨਵੀਂ ਚਰਚਾ ਨੂੰ ਜਨਮ ਦਿੱਤਾ ਹੈ, ਜਿੱਥੇ ਇੱਕ ਪਾਸੇ ਭਾਜਪਾ ਇਸ ਮਾਮਲੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ ਵਿਰੋਧੀ ਪਾਰਟੀਆਂ ਇਸ ਮੁੱਦੇ ਨੂੰ ਪੰਜਾਬੀ ਅਸਮਿਤਾ ਅਤੇ ਸਵੈ-ਮਾਣ ਨਾਲ ਜੋੜ ਕੇ ਉਠਾ ਰਹੀਆਂ ਹਨ। ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਹੋਰ ਸਿਆਸੀ ਰੰਗ ਫੜ ਸਕਦਾ ਹੈ।

Leave a Reply

Your email address will not be published. Required fields are marked *