
ਚੰਡੀਗੜ੍ਹ, 19 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਨਾਲ ਜੁੜੇ ਦੋ ਲੋੜੀਂਦੇ ਕਾਰਕੁੰਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਵਾਪਸ ਲਿਆਂਦਾ ਗਿਆ ਹੈ।
ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ ਨੇ ਅੱਜ ਚੰਡੀਗੜ੍ਹ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਡਿਪੋਰਟ ਕੀਤੇ ਗਏ ਦੋਵੇਂ ਵਿਅਕਤੀਆਂ ਨੂੰ ਨਵੀਂ ਦਿੱਲੀ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਅਤੇ ਹੋਰ ਪੁੱਛਗਿੱਛ ਲਈ ਪੰਜਾਬ ਲਿਆਂਦਾ ਗਿਆ ਹੈ।
ਡੀਜੀਪੀ ਅਨੁਸਾਰ, ਦੋਵੇਂ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ (ਅੰਬਾਲਾ ਵਾਸੀ) ਅਤੇ ਮਨਜੀਤ ਸਿੰਘ (ਪਟਿਆਲਾ ਵਾਸੀ) ਵਜੋਂ ਹੋਈ ਹੈ। ਇਹ ਦੋਵੇਂ ਮਲੇਸ਼ੀਆ ਅਧਾਰਿਤ KZF-ਸਮਰਥਿਤ ਮਾਡਿਊਲ ਨਾਲ ਜੁੜੇ ਹੋਏ ਸਨ ਅਤੇ ਪੰਜਾਬ ਵਿੱਚ ਖ਼ਾਸ ਕਰਕੇ ਰੇਲਵੇ ਦੇ ਮਹੱਤਵਪੂਰਨ ਢਾਂਚੇ—ਜਿਵੇਂ ਸਮਰਪਿਤ ਮਾਲ ਕਾਰੀਡੋਰ ਅਤੇ ਹੋਰ ਲਾਈਨਾਂ—ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਵਿੱਚ ਸ਼ਾਮਲ ਸਨ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮਾਡਿਊਲ ਪਹਿਲਾਂ ਹੋਈਆਂ ਕੁਝ ਵੱਡੀਆਂ ਅਪਰਾਧਿਕ ਘਟਨਾਵਾਂ ਨਾਲ ਵੀ ਜੁੜਿਆ ਹੋਇਆ ਹੈ। ਇਨ੍ਹਾਂ ਵਿੱਚ 23 ਜਨਵਰੀ 2026 ਨੂੰ ਸਰਹਿੰਦ ਰੇਲਵੇ ਲਾਈਨ ‘ਤੇ ਹੋਇਆ IED ਧਮਾਕਾ ਅਤੇ 27 ਅਪ੍ਰੈਲ 2026 ਨੂੰ ਪਟਿਆਲਾ ਦੇ ਸ਼ੰਭੂ ਨੇੜੇ ਰੇਲਵੇ ਲਾਈਨ ‘ਤੇ ਕੀਤੀ ਗਈ ਧਮਾਕੇ ਦੀ ਅਸਫਲ ਕੋਸ਼ਿਸ਼ ਸ਼ਾਮਲ ਹੈ। ਇਨ੍ਹਾਂ ਮਾਮਲਿਆਂ ਵਿੱਚ ਪਹਿਲਾਂ ਹੀ ਚਾਰ ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਤੋਂ ਪੁੱਛਗਿੱਛ ਦੌਰਾਨ ਵੱਡੇ ਨੈੱਟਵਰਕ ਦਾ ਖੁਲਾਸਾ ਹੋਇਆ ਸੀ।
ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੀ ਤਫ਼ਤੀਸ਼ ਦੌਰਾਨ ਪੁਲਿਸ ਨੂੰ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਸਮੱਗਰੀ ਵੀ ਬਰਾਮਦ ਹੋਈ ਸੀ, ਜਿਸ ਵਿੱਚ ਰਾਕੇਟ ਪ੍ਰੋਪੈਲਡ ਗ੍ਰੇਨੇਡ (RPG) ਲਾਂਚਰ, IED, RDX ਪੈਕੇਟ, ਹੈਂਡ ਗ੍ਰਨੇਡ ਅਤੇ ਆਧੁਨਿਕ ਪਿਸਤੌਲ ਸ਼ਾਮਲ ਸਨ। ਇਹ ਸਾਰਾ ਹਥਿਆਰ ਪੰਜਾਬ ਵਿੱਚ ਵੱਡੇ ਪੱਧਰ ‘ਤੇ ਹਿੰਸਕ ਕਾਰਵਾਈਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ।
ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਵਿਦੇਸ਼ਾਂ ਵਿੱਚ ਬੈਠੇ KZF ਹੈਂਡਲਰ ਅਤੇ ਵਿੱਤੀ ਸਹਾਇਕ ਇਸ ਪੂਰੇ ਨੈੱਟਵਰਕ ਨੂੰ ਚਲਾ ਰਹੇ ਸਨ। ਡਿਪੋਰਟ ਕੀਤੇ ਗਏ ਦੋਵੇਂ ਕਾਰਕੁੰਨ ਆਫਸ਼ੋਰ ਖਾਤਿਆਂ ਰਾਹੀਂ ਫੰਡ ਭੇਜਣ ਅਤੇ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਵਿੱਤੀ ਸਹਾਇਤਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਸਨ।
ਇਸ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਵੀਰਵਾਰ ਨੂੰ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਜਾਂਚ ਹੁਣ ਅੰਤਰਰਾਸ਼ਟਰੀ ਪੱਧਰ ਤੱਕ ਫੈਲੇ ਨੈੱਟਵਰਕ ਦੀ ਪੂਰੀ ਲੜੀ ਤੱਕ ਪਹੁੰਚਣ ਵੱਲ ਵਧ ਰਹੀ ਹੈ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਬਣਾਇਆ ਗਿਆ Overseas Fugitive Tracking and Extradition Cell (OFTEC) ਵਿਦੇਸ਼ਾਂ ਵਿੱਚ ਲੁਕੇ ਅਪਰਾਧੀਆਂ ਦੀ ਪਛਾਣ ਅਤੇ ਉਨ੍ਹਾਂ ਦੀ ਵਾਪਸੀ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾ ਸਕੇ।
ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਅਮਨ-ਕਾਨੂੰਨ ਨੂੰ ਖ਼ਤਰਾ ਪੈਦਾ ਕਰਨ ਵਾਲੇ ਕਿਸੇ ਵੀ ਤੱਤ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੀਆਂ ਅੰਤਰਰਾਸ਼ਟਰੀ ਸਾਜ਼ਿਸ਼ਾਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ।
