Monday, June 22Punjabi People

24 ਜੂਨ ਨੂੰ ਮੋਹਾਲੀ ਵਿੱਚ ਹੋਵੇਗਾ ਐਨਆਰਆਈ ਮਿਲਣ 2026 ਦਾ ਆਯੋਜਨ : ਡਾ. ਰਵਜੋਤ ਸਿੰਘ

ਚੰਡੀਗੜ੍ਹ, 22 ਜੂਨ 2026: ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਲਈ 24 ਜੂਨ 2026 ਨੂੰ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਐਨਆਰਆਈ ਮਿਲਾਨ 2026’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਦਿੱਤੀ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਐਨਆਰਆਈ ਭਾਈਚਾਰੇ ਦੀ ਭਲਾਈ ਅਤੇ ਉਨ੍ਹਾਂ ਨਾਲ ਨਜ਼ਦੀਕੀ ਸਾਂਝ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ। ਇਸੇ ਦਿਸ਼ਾ ਵਿੱਚ ‘ਐਨਆਰਆਈ ਮਿਲਾਨ 2026’ ਇੱਕ ਅਹਿਮ ਕਦਮ ਹੈ, ਜੋ ਐਨਆਰਆਈਜ਼ ਅਤੇ ਪੰਜਾਬ ਸਰਕਾਰ ਵਿਚਕਾਰ ਸਿੱਧੇ ਸੰਵਾਦ ਦਾ ਪ੍ਰਭਾਵਸ਼ਾਲੀ ਮੰਚ ਸਾਬਤ ਹੋਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਚਿੰਤਾਵਾਂ ਨੂੰ ਸਿੱਧੇ ਤੌਰ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ਨਾਲ ਤੁਰੰਤ ਤਾਲਮੇਲ ਸਥਾਪਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਮੰਚ ਐਨਆਰਆਈ ਭਾਈਚਾਰੇ ਨੂੰ ਆਪਣੇ ਜ਼ਿਲ੍ਹਿਆਂ ਅਤੇ ਪੰਜਾਬ ਨਾਲ ਸਬੰਧਤ ਮਸਲਿਆਂ ਨੂੰ ਸਰਕਾਰ ਦੇ ਉੱਚ ਅਧਿਕਾਰੀਆਂ ਸਾਹਮਣੇ ਰੱਖਣ ਦਾ ਵਿਲੱਖਣ ਮੌਕਾ ਪ੍ਰਦਾਨ ਕਰੇਗਾ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਐਨਆਰਆਈਜ਼ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦਰਿਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਐਨਆਰਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਮਦਦਗਾਰ ਸਾਬਤ ਹੋਵੇਗਾ, ਸਗੋਂ ਪੰਜਾਬ ਅਤੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਵਿਚਕਾਰ ਭਾਵਨਾਤਮਕ ਅਤੇ ਸਮਾਜਿਕ ਰਿਸ਼ਤਿਆਂ ਨੂੰ ਵੀ ਹੋਰ ਮਜ਼ਬੂਤ ਕਰੇਗਾ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਐਸ.ਏ.ਐਸ. ਨਗਰ (ਮੋਹਾਲੀ), ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਐਨਆਰਆਈਜ਼ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਇਨ੍ਹਾਂ ਜ਼ਿਲ੍ਹਿਆਂ ਦੇ ਸਮੂਹ ਯੋਗ ਐਨਆਰਆਈਜ਼ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ ਅਤੇ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਾਂਝੇ ਕਰਨ।

ਕੈਬਨਿਟ ਮੰਤਰੀ ਨੇ ਦਿਲਚਸਪੀ ਰੱਖਣ ਵਾਲੇ ਭਾਗੀਦਾਰਾਂ ਨੂੰ ਪਹਿਲਾਂ ਤੋਂ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ, ਤਾਂ ਜੋ ਸਮਾਗਮ ਦੇ ਸੁਚਾਰੂ ਪ੍ਰਬੰਧ ਅਤੇ ਪ੍ਰਭਾਵਸ਼ਾਲੀ ਯੋਜਨਾਬੰਦੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਦੌਰਾਨ ਭਾਗੀਦਾਰਾਂ ਨੂੰ ਆਪਣਾ ਨਾਮ, ਪਤਾ, ਸੰਪਰਕ ਵੇਰਵੇ, ਈ-ਮੇਲ ਅਤੇ ਪਹਿਲਾਂ ਤੋਂ ਦਰਜ ਕੀਤੀਆਂ ਸ਼ਿਕਾਇਤਾਂ ਜਾਂ ਮੁੱਦਿਆਂ ਦੀ ਜਾਣਕਾਰੀ ਦੇਣੀ ਹੋਵੇਗੀ, ਜਿਸ ਨਾਲ ਵਿਭਾਗ ਨੂੰ ਉਨ੍ਹਾਂ ਦੇ ਮਾਮਲਿਆਂ ਦੇ ਤੇਜ਼ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਵਿੱਚ ਮਦਦ ਮਿਲੇਗੀ।

ਡਾ. ਰਵਜੋਤ ਸਿੰਘ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਐਨਆਰਆਈ ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ‘ਐਨਆਰਆਈ ਮਿਲਾਨ 2026’ ਸੰਵਾਦ, ਸਹਿਯੋਗ ਅਤੇ ਭਰੋਸੇ ਦੀ ਇੱਕ ਨਵੀਂ ਮਿਸਾਲ ਕਾਇਮ ਕਰੇਗਾ ਅਤੇ ਪੰਜਾਬ ਤੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।

Leave a Reply

Your email address will not be published. Required fields are marked *