
ਚੰਡੀਗੜ੍ਹ, 22 ਜੂਨ 2026: ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸੂਬਾ ਵਾਸੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਵੱਲੋਂ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਹੱਤਵਪੂਰਨ ਜੰਕਸ਼ਨਾਂ ਅਤੇ ਸੰਵੇਦਨਸ਼ੀਲ ਸਥਾਨਾਂ ’ਤੇ ਰਣਨੀਤਕ ਨਾਕੇ ਲਗਾ ਕੇ ਪੁਲਿਸਿੰਗ ਨੂੰ ਨਵੀਂ ਮਜ਼ਬੂਤੀ ਦਿੱਤੀ ਜਾ ਰਹੀ ਹੈ। ਇਸ ਪਹਿਲ ਨਾਲ ਨਾ ਸਿਰਫ਼ ਅਪਰਾਧਿਕ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਨਜ਼ਰ ਰੱਖੀ ਜਾ ਰਹੀ ਹੈ, ਸਗੋਂ ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਦੀ ਆਵਾਜਾਈ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਵੀ ਕਰਾਰਾ ਝਟਕਾ ਦਿੱਤਾ ਗਿਆ ਹੈ।
ਪੰਜਾਬ ਪੁਲਿਸ ਵੱਲੋਂ ਲਗਾਏ ਗਏ ਇਹ ਨਾਕੇ ਆਮ ਲੋਕਾਂ ਅਤੇ ਯਾਤਰੀਆਂ ਨੂੰ ਘੱਟੋ-ਘੱਟ ਅਸੁਵਿਧਾ ਪਹੁੰਚਾਉਂਦੇ ਹੋਏ ਚਲਾਏ ਜਾ ਰਹੇ ਹਨ। ਨਾਕਿਆਂ ’ਤੇ ਪੁਲਿਸ ਦੀ ਵਧੀ ਹੋਈ ਮੌਜੂਦਗੀ ਨੇ ਐਮਰਜੈਂਸੀ ਹਾਲਾਤਾਂ ਵਿੱਚ ਤੁਰੰਤ ਕਾਰਵਾਈ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕੀਤਾ ਹੈ, ਜਿਸ ਨਾਲ ਅਪਰਾਧਿਕ ਤੱਤਾਂ ਦੀਆਂ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਵਿੱਚ ਸਫਲਤਾ ਮਿਲੀ ਹੈ।
ਹਾਲ ਹੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਾਕਿਆਂ ਦੌਰਾਨ ਕੀਤੀਆਂ ਕਾਰਵਾਈਆਂ ਨੇ ਇਸ ਰਣਨੀਤੀ ਦੀ ਸਫਲਤਾ ਨੂੰ ਸਾਬਤ ਕੀਤਾ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੋਟਰਸਾਈਕਲ ’ਤੇ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਦੋ 9 ਐੱਮਐੱਮ ਸਬ-ਮਸ਼ੀਨ ਗੰਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕੀਤੀ। ਇਸ ਤੋਂ ਇਲਾਵਾ ਇੱਕ ਹੋਰ ਆਪ੍ਰੇਸ਼ਨ ਦੌਰਾਨ ਪੁਲਿਸ ਨੇ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਵਿਦੇਸ਼ੀ ਨਿਰਮਾਣ ਵਾਲੇ ਕਈ ਆਧੁਨਿਕ ਪਿਸਤੌਲ ਸ਼ਾਮਲ ਹਨ, ਜੋ ਅਪਰਾਧਿਕ ਗਿਰੋਹਾਂ ਦੀ ਵਧ ਰਹੀ ਪਹੁੰਚ ਨੂੰ ਦਰਸਾਉਂਦੇ ਹਨ।
ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਨਾਕਿਆਂ ਨੇ ਮਹੱਤਵਪੂਰਨ ਸਫਲਤਾਵਾਂ ਹਾਸਲ ਕੀਤੀਆਂ ਹਨ। ਦੀਨਾਨਗਰ ਵਿਖੇ ਇੱਕ ਸਕੂਟਰ ਨੂੰ ਰੋਕ ਕੇ ਪਤੀ-ਪਤਨੀ ਨੂੰ 253 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਪਨਿਆਰ ਸ਼ੂਗਰ ਮਿੱਲ ਨੇੜੇ ਲਗਾਏ ਨਾਕੇ ਦੌਰਾਨ ਇੱਕ ਹੋਰ ਮੁਲਜ਼ਮ ਨੂੰ ਤਿੰਨ ਕਿਲੋਗ੍ਰਾਮ ਹੈਰੋਇਨ ਅਤੇ 2.25 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ।
ਇਸੇ ਤਰ੍ਹਾਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਤਿੰਨ ਗੈਰ-ਕਾਨੂੰਨੀ ਪਿਸਤੌਲ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਪੁਲਿਸ ਨੇ ਦੋਸ਼ੀਆਂ ਵੱਲੋਂ ਵਰਤਿਆ ਜਾ ਰਿਹਾ ਬਿਨਾਂ ਰਜਿਸਟ੍ਰੇਸ਼ਨ ਨੰਬਰ ਵਾਲਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਰਣਨੀਤਕ ਨਾਕਿਆਂ ਦੀ ਸਥਾਪਨਾ ਸੂਬੇ ਵਿੱਚ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਨਾਕਿਆਂ ਰਾਹੀਂ ਅਪਰਾਧੀਆਂ, ਗੈਂਗਸਟਰਾਂ ਅਤੇ ਅਸਮਾਜਿਕ ਤੱਤਾਂ ਦੀ ਹਰ ਗਤੀਵਿਧੀ ’ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਅਪਰਾਧੀ ਨੂੰ ਪੰਜਾਬ ਵਿੱਚ ਸੁਰੱਖਿਅਤ ਪਨਾਹ ਨਹੀਂ ਮਿਲਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰ ’ਤੇ ਖੁਫੀਆ ਜਾਣਕਾਰੀ ਆਧਾਰਿਤ ਕਾਰਵਾਈਆਂ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸ ਮੁਹਿੰਮ ਅਧੀਨ ਪੰਜਾਬ ਪੁਲਿਸ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ, ਜਿਸ ਨਾਲ ਅਪਰਾਧਿਕ ਨੈੱਟਵਰਕਾਂ ਨੂੰ ਤੋੜਨ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿੱਚ ਮਹੱਤਵਪੂਰਨ ਸਫਲਤਾ ਮਿਲ ਰਹੀ ਹੈ।
ਪੰਜਾਬ ਪੁਲਿਸ ਦਾ ਮੰਨਣਾ ਹੈ ਕਿ ਇਹ ਰਣਨੀਤਕ ਨਾਕੇ ਨਾ ਸਿਰਫ਼ ਅਪਰਾਧ ਦੀ ਰੋਕਥਾਮ ਲਈ ਇੱਕ ਪ੍ਰਭਾਵਸ਼ਾਲੀ ਸਾਧਨ ਸਾਬਤ ਹੋ ਰਹੇ ਹਨ, ਸਗੋਂ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਵੀ ਮਜ਼ਬੂਤ ਕਰ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਨੂੰ ਹੋਰ ਤੇਜ਼ ਕਰਕੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ।
