
ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 22 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਸੂਬੇ ਦੀਆਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਨੂੰ ਨਵੀਂ ਦਿਸ਼ਾ ਦਿੰਦੇ ਹੋਏ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਪਹਿਲੀ ਜੁਲਾਈ ਨੂੰ ਹਰ ਯੋਗ ਮਹਿਲਾ ਦੇ ਬੈਂਕ ਖਾਤੇ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਸਿੱਧੀ ਤੌਰ ‘ਤੇ ਜਮ੍ਹਾਂ ਕਰਵਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਚਨਾਰਥਲ ਕਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ‘ਲੋਕ ਮਿਲਣੀ’ ਦੌਰਾਨ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਦੀ ਉਸ ਨੀਤੀ ਦਾ ਹਿੱਸਾ ਹੈ ਜਿਸਦਾ ਉਦੇਸ਼ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ, ਸਮਾਜਿਕ ਤੌਰ ‘ਤੇ ਸਨਮਾਨਿਤ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਸਹਿਭਾਗੀ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ ₹4,500 ਅਤੇ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਮਹਿਲਾਵਾਂ ਨੂੰ ₹3,000 ਦੀ ਤਿੰਨ ਮਹੀਨਿਆਂ ਦੀ ਇਕੱਠੀ ਰਕਮ ਦਿੱਤੀ ਜਾਵੇਗੀ। ਇਹ ਰਕਮ ਬਿਨਾਂ ਕਿਸੇ ਵਿਚੋਲੇ ਦੇ ਸਿੱਧੀ DBT ਰਾਹੀਂ ਖਾਤਿਆਂ ਵਿੱਚ ਪਹੁੰਚੇਗੀ। ਸਰਕਾਰ ਨੇ ਇਸ ਯੋਜਨਾ ਲਈ ₹9,300 ਕਰੋੜ ਦਾ ਵੱਡਾ ਬਜਟ ਵੀ ਰੱਖਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 97 ਫੀਸਦੀ ਮਹਿਲਾਵਾਂ ਇਸ ਯੋਜਨਾ ਨਾਲ ਜੁੜਣਗੀਆਂ, ਜਿਸ ਨਾਲ ਘਰਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਅਤੇ ਸਮਾਜ ਵਿੱਚ ਲਿੰਗ ਸਮਾਨਤਾ ਨੂੰ ਵਧਾਵਾ ਮਿਲੇਗਾ। ਉਨ੍ਹਾਂ ਕਿਹਾ ਕਿ ਔਰਤਾਂ ਸਿਰਫ਼ ਪਰਿਵਾਰ ਦੀ ਰੀੜ੍ਹ ਨਹੀਂ, ਸਗੋਂ ਸਮਾਜ ਦੀ ਤਰੱਕੀ ਦਾ ਕੇਂਦਰ ਹਨ।
ਇਸ ਮੌਕੇ ਉਨ੍ਹਾਂ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਤੋਂ ਦੂਰੀ ਬਣਾਈ ਰੱਖੀ ਅਤੇ ਸੱਤਾ ਨੂੰ ਨਿੱਜੀ ਲਾਭ ਲਈ ਵਰਤਿਆ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਲੋਕਾਂ ਨਾਲ ਸਿੱਧਾ ਸੰਪਰਕ ਰੱਖਦੀ ਹੈ ਅਤੇ ਹਰ ਨੀਤੀ ਜ਼ਮੀਨੀ ਹਕੀਕਤਾਂ ਦੇ ਅਧਾਰ ‘ਤੇ ਬਣਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਜ਼ਿੰਮੇਵਾਰੀ ਨਾਲ ਪੂਰਾ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਸਰਕਾਰ ਦਾ ਧਿਆਨ ਸਿਰਫ਼ ਐਲਾਨਾਂ ‘ਤੇ ਨਹੀਂ, ਸਗੋਂ ਉਨ੍ਹਾਂ ਦੇ ਪ੍ਰਭਾਵਸ਼ਾਲੀ ਲਾਗੂ ਕਰਨ ‘ਤੇ ਹੈ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰੀ ਹੀ ਪਰਿਵਾਰਾਂ ਦੀ ਖੁਸ਼ਹਾਲੀ ਅਤੇ ਸਮਾਜ ਦੀ ਮਜ਼ਬੂਤੀ ਦਾ ਅਧਾਰ ਹੈ। ਇਹ ਯੋਜਨਾ ਮਹਿਲਾਵਾਂ ਨੂੰ ਆਤਮ-ਵਿਸ਼ਵਾਸ ਅਤੇ ਆਰਥਿਕ ਸੁਰੱਖਿਆ ਦੋਵੇਂ ਪ੍ਰਦਾਨ ਕਰੇਗੀ।
ਅੰਤ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕ-ਕੇਂਦ੍ਰਿਤ ਯੋਜਨਾਵਾਂ ਲਿਆਂਦੀਆਂ ਜਾਣਗੀਆਂ।
