Wednesday, July 29Punjabi People

ਪੀਐਸਪੀਸੀਐਲ ਵਿੱਚ 665 ਨੌਜਵਾਨਾਂ ਨੂੰ ਮਿਲਿਆ ਰੁਜ਼ਗਾਰ, ਮੁੱਖ ਮੰਤਰੀ ਭਗਵੰਤ ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ/ਬਠਿੰਡਾ, 23 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ 68,268 ਨੌਜਵਾਨਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਯੋਗਤਾ ਅਧਾਰਿਤ ਪ੍ਰਕਿਰਿਆ ਰਾਹੀਂ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉਹ ਬਠਿੰਡਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ ਨਵ-ਨਿਯੁਕਤ 665 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸੰਬੋਧਨ ਕਰ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਸਰਕਾਰੀ ਨੌਕਰੀਆਂ ਲਈ ਸਿਫ਼ਾਰਸ਼ ਅਤੇ ਰਿਸ਼ਵਤਖੋਰੀ ਦਾ ਬੋਲਬਾਲਾ ਸੀ, ਜਿਸ ਕਾਰਨ ਬਹੁਤ ਸਾਰੇ ਯੋਗ ਨੌਜਵਾਨਾਂ ਨੂੰ ਆਪਣੇ ਸੁਪਨੇ ਛੱਡ ਕੇ ਵਿਦੇਸ਼ਾਂ ਦਾ ਰੁਖ ਕਰਨਾ ਪਿਆ। ਪਰ ਮੌਜੂਦਾ ਸਰਕਾਰ ਨੇ ਇਸ ਪ੍ਰਥਾ ਨੂੰ ਪੂਰੀ ਤਰ੍ਹਾਂ ਖਤਮ ਕਰਦਿਆਂ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਹੈ, ਜਿਸ ਕਾਰਨ ਹੁਣ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਮਿਲ ਰਹੀਆਂ ਹਨ।

ਉਨ੍ਹਾਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਰੁਜ਼ਗਾਰ ਦੇ ਮੌਕੇ ਲਗਾਤਾਰ ਵਧ ਰਹੇ ਹਨ ਅਤੇ ਸਰਕਾਰ ਉਨ੍ਹਾਂ ਨੂੰ ਵਾਪਸ ਆਪਣੇ ਵਤਨ ਆ ਕੇ ਸੂਬੇ ਦੀ ਤਰੱਕੀ ਵਿੱਚ ਭਾਗੀਦਾਰ ਬਣਨ ਲਈ ਉਤਸ਼ਾਹਿਤ ਕਰਦੀ ਹੈ।

ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ

ਮੁੱਖ ਮੰਤਰੀ ਨੇ ਸਰਕਾਰੀ ਕਰਮਚਾਰੀਆਂ, ਖਾਸ ਕਰਕੇ ਮਹਿਲਾ ਕਰਮਚਾਰੀਆਂ ਲਈ ਇੱਕ ਅਹਿਮ ਫ਼ੈਸਲੇ ਦਾ ਵੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਪਰਖ-ਕਾਲ (ਪ੍ਰੋਬੇਸ਼ਨ ਪੀਰੀਅਡ) ਪੂਰਾ ਹੋਣ ਤੋਂ ਬਾਅਦ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰ ਤੋਂ 40 ਕਿਲੋਮੀਟਰ ਦੇ ਘੇਰੇ ਅੰਦਰ ਤਾਇਨਾਤ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਨਾਲ ਉਹ ਆਪਣੇ ਪਰਿਵਾਰਕ ਅਤੇ ਪੇਸ਼ੇਵਰ ਜੀਵਨ ਵਿੱਚ ਬਿਹਤਰ ਸੰਤੁਲਨ ਬਣਾ ਸਕਣਗੀਆਂ।

ਸਿੱਖਿਆ ਖੇਤਰ ਵਿੱਚ ਪੰਜਾਬ ਨੇ ਬਣਾਈ ਨਵੀਂ ਪਛਾਣ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸਿੱਖਿਆ ਨੂੰ ਆਪਣੀ ਸਭ ਤੋਂ ਵੱਡੀ ਤਰਜੀਹ ਬਣਾਇਆ ਹੈ ਅਤੇ ਇਸ ਦੇ ਨਤੀਜੇ ਅੱਜ ਸਪੱਸ਼ਟ ਤੌਰ ‘ਤੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਵਰਗੇ ਸੂਬਿਆਂ ਨੂੰ ਪਿੱਛੇ ਛੱਡ ਕੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਮਾਰਟ ਕਲਾਸਰੂਮ, ਅਧਿਆਪਕਾਂ ਦੀ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ, ਡਿਜੀਟਲ ਸਹੂਲਤਾਂ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਉੱਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਨਤੀਜੇ ਵਜੋਂ ਪੰਜਾਬ ਅੱਜ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਚੁੱਕਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੇ 99.9 ਫੀਸਦੀ ਸਕੂਲਾਂ ਵਿੱਚ ਬਿਜਲੀ ਅਤੇ 99 ਫੀਸਦੀ ਸਕੂਲਾਂ ਵਿੱਚ ਕੰਪਿਊਟਰ ਉਪਲਬਧ ਹਨ। ਉਨ੍ਹਾਂ ਯਾਦ ਕਰਵਾਇਆ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਸਕੂਲ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ‘ਤੇ ਸੀ, ਪਰ ਅੱਜ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ।

ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ‘ਤੇ ਖਰਚ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਵੱਲੋਂ ਦਿੱਤੇ ਟੈਕਸ ਦੇ ਪੈਸੇ ਨੂੰ ਲੋਕ-ਭਲਾਈ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਰਾਹੀਂ ਜਨਤਾ ਦਾ ਪੈਸਾ ਮੁੜ ਲੋਕਾਂ ‘ਤੇ ਹੀ ਖਰਚ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਕਈ ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਦਾ ਵੱਡਾ ਆਰਥਿਕ ਬੋਝ ਘਟਾਇਆ ਗਿਆ ਹੈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕੰਮ ਜਾਰੀ ਹੈ।

ਕਿਸਾਨਾਂ ਲਈ ਨਹਿਰੀ ਪਾਣੀ ਅਤੇ ਬਿਜਲੀ ਸਪਲਾਈ ਵਿੱਚ ਸੁਧਾਰ

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਬਣੀ ਸੀ ਤਾਂ ਸਿੰਚਾਈ ਲਈ ਸਿਰਫ਼ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਹੋ ਰਹੀ ਸੀ, ਜੋ ਹੁਣ ਵਧ ਕੇ 80 ਫੀਸਦੀ ਤੋਂ ਉੱਪਰ ਪਹੁੰਚ ਗਈ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ 14,000 ਕਿਲੋਮੀਟਰ ਤੋਂ ਵੱਧ ਨਹਿਰਾਂ, ਖਾਲਾਂ ਅਤੇ ਪਾਈਪਲਾਈਨਾਂ ਦਾ ਨਿਰਮਾਣ ਕੀਤਾ ਗਿਆ ਹੈ ਤਾਂ ਜੋ ਹਰ ਖੇਤ ਤੱਕ ਪਾਣੀ ਪਹੁੰਚ ਸਕੇ। ਇਸ ਦੇ ਨਾਲ ਹੀ ਭੂਗਰਭ ਜਲ ਪੱਧਰ ਨੂੰ ਸੁਧਾਰਨ ਲਈ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਨਾਲ ਕਈ ਇਲਾਕਿਆਂ ਵਿੱਚ ਪਾਣੀ ਦਾ ਪੱਧਰ 2 ਤੋਂ 4 ਮੀਟਰ ਤੱਕ ਵਧਿਆ ਹੈ।

ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਹਿਲੀ ਵਾਰ ਅੱਠ ਘੰਟਿਆਂ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਨਾਲ ਖੇਤੀਬਾੜੀ ਕੰਮਾਂ ਵਿੱਚ ਵੱਡੀ ਸਹੂਲਤ ਮਿਲੀ ਹੈ।

65 ਲੱਖ ਪਰਿਵਾਰਾਂ ਲਈ ਸਿਹਤ ਸੁਰੱਖਿਆ

ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ 30 ਲੱਖ ਤੋਂ ਵੱਧ ਲੋਕ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ ਅਤੇ ਲੱਖਾਂ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਰਹੇ ਹਨ।

1 ਜੁਲਾਈ ਤੋਂ ਸ਼ੁਰੂ ਹੋਵੇਗੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 1 ਜੁਲਾਈ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਯੋਗ ਮਹਿਲਾ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਸਨਮਾਨ ਨੂੰ ਹੋਰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ।

ਸਮਾਗਮ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਸੇਵਾ ਨੂੰ ਆਪਣਾ ਧਿਆਨ ਬਣਾਉਣਗੇ।

Leave a Reply

Your email address will not be published. Required fields are marked *