Wednesday, July 29Punjabi People

‘ਬ੍ਰਾਈਟ ਮਾਈਂਡਜ਼ ਪੰਜਾਬ 2026’ ਤਹਿਤ ਸ੍ਰੀ ਮੁਕਤਸਰ ਸਾਹਿਬ ਵਿੱਚ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 23 ਜੂਨ: ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਾਪਤੀਆਂ ਨੂੰ ਮਾਣ ਦੇਣ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ 2026’ ਸਮਾਗਮ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 85 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 1050 ਤੋਂ ਵੱਧ ਮੇਧਾਵੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਉਪਲਬਧੀਆਂ ਦਾ ਜਸ਼ਨ ਮਨਾਇਆ ਗਿਆ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਹ ਪ੍ਰੋਗਰਾਮ ਸਿੱਖਿਆ ਖੇਤਰ ਵਿੱਚ ਪੰਜਾਬ ਸਰਕਾਰ ਦੀ ਵਚਨਬੱਧਤਾ ਅਤੇ ਨੌਜਵਾਨ ਪੀੜ੍ਹੀ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਦਾ ਪ੍ਰਤੀਕ ਬਣਿਆ।

ਸਿੱਖਿਆ ਹੀ ਸਮਾਜਿਕ ਬਦਲਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ: ਹਰਜੋਤ ਬੈਂਸ

ਇਸ ਮੌਕੇ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਹਰ ਸਮਾਜਿਕ ਸਮੱਸਿਆ ਦਾ ਸਭ ਤੋਂ ਪ੍ਰਭਾਵਸ਼ਾਲੀ ਹੱਲ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਣ, ਕਿਉਂਕਿ ਸਿੱਖਿਆ ਹੀ ਉਹ ਤਾਕਤ ਹੈ ਜੋ ਬੱਚਿਆਂ ਨੂੰ ਜੀਵਨ ਵਿੱਚ ਕਾਮਯਾਬੀ ਦੇ ਨਵੇਂ ਰਾਹ ਦਿਖਾਉਂਦੀ ਹੈ ਅਤੇ ਉਨ੍ਹਾਂ ਨੂੰ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੇ ਯੋਗ ਬਣਾਉਂਦੀ ਹੈ।

ਨਿੱਜੀ ਸਕੂਲਾਂ ਦੀਆਂ ਫੀਸਾਂ ‘ਤੇ ਸਰਕਾਰ ਦੀ ਸਖ਼ਤ ਨਿਗਰਾਨੀ

ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਵਿੱਚ ਸੋਧ ਕਰਨ ਲਈ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਨਵੇਂ ਪ੍ਰਬੰਧਾਂ ਅਨੁਸਾਰ ਨਿੱਜੀ ਸਕੂਲਾਂ ਵੱਲੋਂ ਫੀਸਾਂ ਅਤੇ ਹੋਰ ਫੰਡਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਫੀਸਦੀ ਤੱਕ ਹੀ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ ਪਿਛਲੇ ਤਿੰਨ ਸਾਲਾਂ ਦੌਰਾਨ ਗੈਰ-ਵਾਜਬ ਫੀਸ ਵਾਧਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ ਅਤੇ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਵਾਪਸ ਕਰਵਾਈ ਜਾਵੇਗੀ।

ਸਿੱਖਿਆ ਸੂਚਕਾਂਕ ਵਿੱਚ ਪੰਜਾਬ ਦੇਸ਼ ਵਿੱਚ ਪਹਿਲੇ ਸਥਾਨ ‘ਤੇ

ਸਿੱਖਿਆ ਮੰਤਰੀ ਨੇ ਮਾਣ ਨਾਲ ਦੱਸਿਆ ਕਿ ਪੰਜਾਬ ਨੇ ਸਕੂਲ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਉਪਲਬਧੀ ਹਾਸਲ ਕਰਦਿਆਂ ਕੇਰਲਾ ਵਰਗੇ ਸੂਬਿਆਂ ਨੂੰ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਸਰਕਾਰ ਦੀ ਪੀਜੀਆਈ 2.0 ਰੈਂਕਿੰਗ ਮੁਤਾਬਕ ਪੰਜਾਬ ਦੇ ਸਕੂਲਾਂ ਨੇ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸਮਾਰਟ ਕਲਾਸਰੂਮ, ਡਿਜੀਟਲ ਸਿੱਖਿਆ, ਅਧਿਆਪਕਾਂ ਦੀ ਉੱਚ ਪੱਧਰੀ ਸਿਖਲਾਈ ਅਤੇ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ, ਜਿਸ ਦੇ ਨਤੀਜੇ ਅੱਜ ਸਪੱਸ਼ਟ ਤੌਰ ‘ਤੇ ਸਾਹਮਣੇ ਆ ਰਹੇ ਹਨ।

ਉੱਤਰ ਪੱਤਰੀਆਂ ਹੁਣ ਹੋਣਗੀਆਂ ਆਨਲਾਈਨ ਉਪਲਬਧ

ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਵਧਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਸ. ਬੈਂਸ ਨੇ ਐਲਾਨ ਕੀਤਾ ਕਿ ਹੁਣ ਵਿਦਿਆਰਥੀਆਂ ਦੀਆਂ ਉੱਤਰ ਪੱਤਰੀਆਂ ਆਨਲਾਈਨ ਉਪਲਬਧ ਕਰਵਾਈਆਂ ਜਾਣਗੀਆਂ, ਜਿਸ ਨਾਲ ਮੁਲਾਂਕਣ ਪ੍ਰਕਿਰਿਆ ਵਿੱਚ ਵਿਸ਼ਵਾਸ, ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਹੋਰ ਮਜ਼ਬੂਤੀ ਮਿਲੇਗੀ।

ਯੋਗਤਾ ਦੇ ਆਧਾਰ ‘ਤੇ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ

ਨੌਜਵਾਨਾਂ ਦੇ ਭਵਿੱਖ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 68,000 ਤੋਂ ਵੱਧ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਵਿੱਚ ਨਾ ਤਾਂ ਕਿਸੇ ਸਿਫ਼ਾਰਸ਼ ਦੀ ਲੋੜ ਪਈ ਅਤੇ ਨਾ ਹੀ ਕਿਸੇ ਰਿਸ਼ਵਤ ਦੀ।

ਏਆਈ ਅਤੇ ਨਵੀਂ ਤਕਨਾਲੋਜੀ ਵੱਲ ਨੌਜਵਾਨਾਂ ਨੂੰ ਅੱਗੇ ਵਧਣ ਦਾ ਸੱਦਾ

ਸ. ਬੈਂਸ ਨੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI), ਡਾਟਾ ਸਾਇੰਸ ਅਤੇ ਹੋਰ ਉਭਰ ਰਹੀਆਂ ਤਕਨੀਕਾਂ ਨਾਲ ਜੁੜੇ ਹੁਨਰ ਹਾਸਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਰੁਜ਼ਗਾਰ ਦੇ ਮੌਕੇ ਤੇਜ਼ੀ ਨਾਲ ਬਦਲ ਰਹੇ ਹਨ ਅਤੇ ਏਆਈ ਕਈ ਰਵਾਇਤੀ ਨੌਕਰੀਆਂ ਦੀ ਥਾਂ ਨਵੇਂ ਮੌਕੇ ਪੈਦਾ ਕਰ ਰਿਹਾ ਹੈ। ਇਸ ਲਈ ਪੰਜਾਬ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਦਿਆਂ ਇਸ ਤਕਨੀਕੀ ਕ੍ਰਾਂਤੀ ਦਾ ਹਿੱਸਾ ਬਣਨਾ ਚਾਹੀਦਾ ਹੈ।

ਮਨੀਸ਼ ਸਿਸੋਦੀਆ ਨੇ ਕੀਤੀ ਵਿਦਿਆਰਥੀਆਂ ਨਾਲ ਖੁੱਲ੍ਹੀ ਗੱਲਬਾਤ

ਸਮਾਗਮ ਦੌਰਾਨ ਸ਼੍ਰੀ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਖੁੱਲ੍ਹੀ ਅਤੇ ਪ੍ਰੇਰਣਾਦਾਇਕ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਗੁਣਵੱਤਾ ਭਰਪੂਰ ਸਿੱਖਿਆ ਹਰ ਬੱਚੇ ਦਾ ਬੁਨਿਆਦੀ ਅਧਿਕਾਰ ਹੈ ਅਤੇ ਕਿਸੇ ਵੀ ਦੇਸ਼ ਦੀ ਤਰੱਕੀ ਉਸਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ‘ਤੇ ਨਿਰਭਰ ਕਰਦੀ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਦੇਸ਼ ਦੇ ਕਈ ਸੂਬੇ ਅਜੇ ਵੀ ਸਿੱਖਿਆ ਖੇਤਰ ਦੀਆਂ ਚੁਣੌਤੀਆਂ ਨਾਲ ਜੂਝ ਰਹੇ ਹਨ, ਉੱਥੇ ਪੰਜਾਬ ਨਵੇਂ ਮਾਪਦੰਡ ਸਥਾਪਤ ਕਰ ਰਿਹਾ ਹੈ ਅਤੇ ਸਿੱਖਿਆ ਸੁਧਾਰਾਂ ਦਾ ਮਾਡਲ ਬਣ ਕੇ ਉਭਰ ਰਿਹਾ ਹੈ।

ਵਿਦਿਆਰਥੀਆਂ ਨੇ ਵੀ ਦਿੱਤੇ ਸੁਝਾਅ

ਸਮਾਗਮ ਦੌਰਾਨ ਵਿਦਿਆਰਥੀਆਂ ਨੇ ਬੇਝਿਜਕ ਆਪਣੇ ਵਿਚਾਰ ਸਾਂਝੇ ਕੀਤੇ, ਸਵਾਲ ਪੁੱਛੇ ਅਤੇ ਸਿੱਖਿਆ ਪ੍ਰਣਾਲੀ ਵਿੱਚ ਹੋਰ ਸੁਧਾਰਾਂ ਲਈ ਸੁਝਾਅ ਵੀ ਦਿੱਤੇ। ਇਸ ਨਾਲ ਸਮਾਗਮ ਇੱਕ ਪ੍ਰੇਰਣਾਦਾਇਕ ਸੰਵਾਦ ਦਾ ਰੂਪ ਧਾਰ ਗਿਆ, ਜਿੱਥੇ ਨੀਤੀ ਨਿਰਮਾਤਾਵਾਂ ਅਤੇ ਨੌਜਵਾਨਾਂ ਦਰਮਿਆਨ ਵਿਚਾਰਾਂ ਦਾ ਸਾਰਥਕ ਆਦਾਨ-ਪ੍ਰਦਾਨ ਹੋਇਆ।

ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸ੍ਰੀ ਐਸ.ਐਸ. ਬੱਲ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *