Wednesday, July 29Punjabi People

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਬਜ਼ੁਰਗਾਂ ਲਈ ਬਣੀ ਵਰਦਾਨ, ਲੱਖਾਂ ਸ਼ਰਧਾਲੂਆਂ ਨੂੰ ਮਿਲਿਆ ਲਾਭ

ਚੰਡੀਗੜ੍ਹ, 25 ਜੂਨ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸੂਬੇ ਦੇ ਹਜ਼ਾਰਾਂ ਬਜ਼ੁਰਗ ਸ਼ਰਧਾਲੂਆਂ ਲਈ ਵੱਡਾ ਸਹਾਰਾ ਬਣ ਕੇ ਉਭਰੀ ਹੈ। ਇਹ ਯੋਜਨਾ ਨਾ ਸਿਰਫ਼ ਲੋਕਾਂ ਨੂੰ ਦੇਸ਼ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾ ਰਹੀ ਹੈ, ਸਗੋਂ ਪੰਜਾਬ ਵਿੱਚ ਆਪਸੀ ਭਾਈਚਾਰੇ, ਸਦਭਾਵਨਾ ਅਤੇ ਧਾਰਮਿਕ ਸਾਂਝ ਨੂੰ ਵੀ ਹੋਰ ਮਜ਼ਬੂਤ ਕਰ ਰਹੀ ਹੈ।

ਮਾਨ ਸਰਕਾਰ ਵੱਲੋਂ ਇਹ ਲੋਕ-ਭਲਾਈ ਸਕੀਮ 27 ਨਵੰਬਰ 2023 ਨੂੰ ਸਿੱਖ ਧਰਮ ਦੇ ਸੰਸਥਾਪਕ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਤਹਿਤ ਹੁਣ ਤੱਕ ਹਜ਼ਾਰਾਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਦਾ ਲਾਭ ਮਿਲ ਚੁੱਕਾ ਹੈ।

ਸੂਬੇ ਵਿੱਚ ਵੱਡੀ ਗਿਣਤੀ ਅਜਿਹੇ ਬਜ਼ੁਰਗਾਂ ਦੀ ਹੈ ਜੋ ਆਰਥਿਕ, ਸਿਹਤ ਜਾਂ ਹੋਰ ਨਿੱਜੀ ਕਾਰਨਾਂ ਕਰਕੇ ਆਪਣੀ ਜ਼ਿੰਦਗੀ ਦੌਰਾਨ ਮਨਪਸੰਦ ਧਾਰਮਿਕ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕੇ। ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅਜਿਹੇ ਬਜ਼ੁਰਗਾਂ ਲਈ ਉਮੀਦ ਦੀ ਨਵੀਂ ਕਿਰਨ ਬਣੀ ਹੈ ਅਤੇ ਉਨ੍ਹਾਂ ਦੇ ਲੰਬੇ ਸਮੇਂ ਤੋਂ ਪਾਲੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਯੋਜਨਾ ਅਧੀਨ 50 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਕੋਈ ਵੀ ਯੋਗ ਵਿਅਕਤੀ ਧਾਰਮਿਕ ਯਾਤਰਾ ਲਈ ਅਰਜ਼ੀ ਦੇ ਸਕਦਾ ਹੈ।

ਇਸ ਯੋਜਨਾ ਦੀ ਖ਼ਾਸ ਗੱਲ ਇਹ ਹੈ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦਾ ਖ਼ਰਚਾ ਨਹੀਂ ਕਰਨਾ ਪੈਂਦਾ। ਪੰਜਾਬ ਸਰਕਾਰ ਵੱਲੋਂ ਯਾਤਰਾ, ਭੋਜਨ, ਰਿਹਾਇਸ਼ ਅਤੇ ਹੋਰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਦੇ ਨਾਲ-ਨਾਲ ਯਾਤਰੀਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਕਟਰਾਂ, ਵਲੰਟੀਅਰਾਂ ਅਤੇ ਸਰਕਾਰੀ ਅਧਿਕਾਰੀਆਂ ਦੀਆਂ ਵਿਸ਼ੇਸ਼ ਟੀਮਾਂ ਵੀ ਯਾਤਰਾ ਦੌਰਾਨ ਉਨ੍ਹਾਂ ਦੇ ਨਾਲ ਰਹਿੰਦੀਆਂ ਹਨ।

ਸਰਕਾਰੀ ਅੰਕੜਿਆਂ ਅਨੁਸਾਰ ਹਰ ਰੋਜ਼ 1100 ਤੋਂ ਵੱਧ ਬਜ਼ੁਰਗ ਸ਼ਰਧਾਲੂ ਇਸ ਯੋਜਨਾ ਤਹਿਤ ਵੱਖ-ਵੱਖ ਤੀਰਥ ਅਸਥਾਨਾਂ ਦੀ ਯਾਤਰਾ ਕਰ ਰਹੇ ਹਨ। ਯਾਤਰੀਆਂ ਦੀ ਸਹੂਲਤ ਅਤੇ ਸੁਰੱਖਿਆ ਲਈ 900 ਤੋਂ ਵੱਧ ਸਟਾਫ਼ ਮੈਂਬਰ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਹਰ ਸ਼ਰਧਾਲੂ ਨੂੰ ਚਾਦਰ, ਕੰਬਲ, ਤੌਲੀਆ, ਤੇਲ ਅਤੇ ਕੰਘੀ ਸਮੇਤ ਇੱਕ ਵਿਸ਼ੇਸ਼ ਕਿੱਟ ਵੀ ਮੁਫ਼ਤ ਦਿੱਤੀ ਜਾਂਦੀ ਹੈ।

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਨੂੰ ਦੇਸ਼ ਦੇ ਕਈ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿੱਚ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ, ਵਾਰਾਣਸੀ, ਮਥੁਰਾ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੂਰਨੀ, ਮਾਤਾ ਨੈਣਾ ਦੇਵੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ ਅਤੇ ਅਜਮੇਰ ਸ਼ਰੀਫ਼ ਸਮੇਤ ਹੋਰ ਕਈ ਮਹੱਤਵਪੂਰਨ ਧਾਰਮਿਕ ਸਥਾਨ ਸ਼ਾਮਲ ਹਨ।

ਸਰਕਾਰ ਵੱਲੋਂ ਯੋਜਨਾ ਲਈ ਆਨਲਾਈਨ ਅਰਜ਼ੀ ਪ੍ਰਕਿਰਿਆ ਵੀ ਸੌਖੀ ਬਣਾਈ ਗਈ ਹੈ। ਅਰਜ਼ੀ ਦੇਣ ਲਈ ਪੰਜਾਬ ਵਿੱਚ ਰਿਹਾਇਸ਼ ਦਾ ਸਬੂਤ, ਆਧਾਰ ਕਾਰਡ, ਉਮਰ ਦਾ ਪ੍ਰਮਾਣ ਪੱਤਰ, ਵੋਟਰ ਆਈਡੀ ਕਾਰਡ, ਮੋਬਾਈਲ ਨੰਬਰ, ਈ-ਮੇਲ ਆਈਡੀ ਅਤੇ ਸਿਹਤ ਸਰਟੀਫਿਕੇਟ ਲੋੜੀਂਦੇ ਹਨ।

ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਹੋਰ ਵਿਸ਼ਾਲ ਪੱਧਰ ‘ਤੇ ਲਾਗੂ ਕਰਨ ਲਈ ਵਿੱਤੀ ਸਾਲ 2026-27 ਦੌਰਾਨ ਕਰੀਬ 7.15 ਲੱਖ ਨਾਗਰਿਕਾਂ ਨੂੰ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਹੈ। ਇਸ ਮੰਤਵ ਲਈ ਸਰਕਾਰ ਵੱਲੋਂ 312 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਵੀ ਰਾਖਵਾਂ ਰੱਖਿਆ ਗਿਆ ਹੈ।

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅੱਜ ਪੰਜਾਬ ਦੇ ਬਜ਼ੁਰਗਾਂ ਲਈ ਕੇਵਲ ਇੱਕ ਸਰਕਾਰੀ ਸਕੀਮ ਨਹੀਂ, ਸਗੋਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਇੱਕ ਅਜਿਹਾ ਉਪਰਾਲਾ ਬਣ ਚੁੱਕੀ ਹੈ ਜੋ ਉਨ੍ਹਾਂ ਨੂੰ ਆਤਮਿਕ ਸੰਤੁਸ਼ਟੀ ਅਤੇ ਖੁਸ਼ੀ ਪ੍ਰਦਾਨ ਕਰ ਰਿਹਾ ਹੈ।

Leave a Reply

Your email address will not be published. Required fields are marked *