Wednesday, July 29Punjabi People

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ 15 ਜਨਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੰਗੇ ਪੈਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅਰਦਾਸ ਕੀਤੀ ਅਤੇ ਇਕ ਨਿਮਾਣੇ ਸਿੱਖ ਵਜੋਂ ਨਤਮਸਤਕ ਹੋਏ। ਮੁੱਖ ਮੰਤਰੀ ਨੇ ਆਪਣਾ ਪੂਰਾ ਦਿਨ ਸਿੱਖ ਧਰਮ ਦੇ ਸਰਵਉੱਚ ਅਸਥਾਨ ਨੂੰ ਸਮਰਪਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਦੇ ਸਾਹਮਣੇ ਪੇਸ਼ ਹੋ ਕੇ ਉਨ੍ਹਾਂ ਨੇ ਆਪਣੇ ਪਹਿਲੇ ਬਿਆਨਾਂ ਬਾਰੇ ਵਿਸਥਾਰ ਨਾਲ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਦੁਬਾਰਾ ਯਕੀਨ ਦਿਲਾਇਆ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ‘ਤੇ ਪੂਰਾ ਵਿਸ਼ਵਾਸ ਰੱਖਦੇ ਹਨ ਅਤੇ ਹਰ ਫੈਸਲੇ ਨੂੰ ਸਿਰ ਮੱਥੇ ਰੱਖ ਕੇ ਮਨਜ਼ੂਰ ਕਰਦੇ ਹਨ। ਉਹ ਇਸ ਪਵਿੱਤਰ ਅਸਥਾਨ ਦੀ ਸਰਵਉੱਚਤਾ ਨੂੰ ਕਿਸੇ ਤਰੀਕੇ ਨਾਲ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੋਣ ਦਿੰਦੇ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਹ ਜਥੇਦਾਰ ਸਾਹਿਬ ਦੇ ਹੁਕਮਾਂ ਅਨੁਸਾਰ ਨਿੱਜੀ ਤੌਰ ‘ਤੇ ਪੇਸ਼ ਹੋਏ। ਉਨ੍ਹਾਂ ਕਿਹਾ, “ਮੈਂ ਇੱਥੇ ਇੱਕ ਨਿਮਾਣੇ ਸਿੱਖ ਵਜੋਂ ਪੇਸ਼ ਹੋਇਆ ਅਤੇ ਚੁੱਕੇ ਗਏ ਸਵਾਲਾਂ ਦੇ ਜਵਾਬ ਵਿੱਚ ਆਪਣਾ ਸਪੱਸ਼ਟੀਕਰਨ ਦਿੱਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਾਰੇ ਸਿੱਖ ਭਾਈਚਾਰੇ ਲਈ ਸਰਵਉੱਚ ਹੈ ਅਤੇ ਮੇਰੇ ਲਈ ਵੀ ਇਹ ਅਤਿ ਮਹੱਤਵਪੂਰਨ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਉਨ੍ਹਾਂ ਦਾ ਬਿਆਨ ਦਰਜ ਕਰ ਲਿਆ ਹੈ ਅਤੇ ਸਿੰਘ ਸਾਹਿਬਾਨ ਨਾਲ ਵਿਚਾਰ-ਚਰਚਾ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਫੈਸਲੇ ਦਾ ਪੂਰਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ “ਅੱਜ ਇੱਥੇ ਪੇਸ਼ ਹੋਣ ਨਾਲ ਮੇਰੇ ਮਨ ਨੂੰ ਅੰਦਰੂਨੀ ਸ਼ਾਂਤੀ ਅਤੇ ਸੰਤੁਸ਼ਟੀ ਮਿਲੀ ਹੈ”। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਵਿਚਕਾਰ ਕਿਸੇ ਵੀ ਕਥਿਤ ਟਕਰਾਅ ਬਾਰੇ ਵਿਰੋਧੀ ਤਾਕਤਾਂ ਵੱਲੋਂ ਬਣਾਏ ਜਾ ਰਹੇ ਕਥਨ ਬੇਬੁਨਿਆਦ ਅਤੇ ਝੂਠੇ ਹਨ। ਉਨ੍ਹਾਂ ਨੇ ਦੋਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਕੋਈ ਸਵਾਲ ਹੀ ਨਹੀਂ ਪੈਦਾ ਹੋ ਸਕਦਾ ਅਤੇ ਪੰਜਾਬ ਸਰਕਾਰ ਸਿਰਫ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ‘ਤੇ ਕੇਂਦ੍ਰਿਤ ਹੈ।

ਭਗਵੰਤ ਸਿੰਘ ਮਾਨ ਨੇ ਖੁਦ ਨੂੰ ਪੰਜਾਬ ਦਾ ਸੇਵਾਦਾਰ ਦੱਸਿਆ ਅਤੇ ਕਿਹਾ ਕਿ ਉਹ ਸੂਬੇ ਅਤੇ ਪੰਜਾਬੀਆਂ ਦੀ ਭਲਾਈ ਲਈ ਕੋਈ ਕਸਰ ਨਹੀਂ ਛੱਡਣਗੇ। “ਮੈਂ ਹਰ ਰੋਜ਼ ਸੂਬੇ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦਾ ਹਾਂ ਅਤੇ ਮੇਰਾ ਸਿਰ ਹਰ ਧਾਰਮਿਕ ਸਥਾਨ ਦੇ ਸਾਹਮਣੇ ਹਮੇਸ਼ਾ ਝੁਕਦਾ ਹੈ। ਮੇਰੇ ਕਿਸੇ ਕੰਮ ਦਾ ਨਤੀਜਾ ਸੂਬੇ ਜਾਂ ਲੋਕਾਂ ਦੇ ਵਿਰੁੱਧ ਨਹੀਂ ਹੋ ਸਕਦਾ”।

ਉਨ੍ਹਾਂ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਦਾ ਪ੍ਰਤੀਨਿਧਿਤਵ ਕਰਦਿਆਂ ਜਥੇਦਾਰ ਸਾਹਿਬ ਨੂੰ 25,000 ਤੋਂ 30,000 ਪੰਨਿਆਂ ਦੀਆਂ ਸ਼ਿਕਾਇਤਾਂ ਦਿੱਤੀਆਂ। ਇਹ ਸ਼ਿਕਾਇਤਾਂ ਸ਼੍ਰੋਮਣੀ ਕਮੇਟੀ ਦੇ ਕੰਮਕਾਜ ਵਿੱਚ ਹੋਈਆਂ ਬੇਨਿਯਮੀਆਂ ਬਾਰੇ ਹਨ। ਮੁੱਖ ਮੰਤਰੀ ਨੇ ਨਿਮਰਤਾ ਨਾਲ ਬੇਨਤੀ ਕੀਤੀ ਕਿ ਇਨ੍ਹਾਂ ਦੀ ਜਾਂਚ ਕੀਤੀ ਜਾਵੇ ਕਿਉਂਕਿ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਇਸ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਸੰਸਥਾਵਾਂ ਸਰਵਉੱਚ ਹੁੰਦੀਆਂ ਹਨ ਪਰ ਮੁਖੀ ਆਪਣੇ ਫੈਸਲਿਆਂ ਵਿੱਚ ਗਲਤੀ ਕਰ ਸਕਦੇ ਹਨ, ਅਤੇ ਅਜਿਹੇ ਵਿਅਕਤੀਆਂ ਪ੍ਰਤੀ ਕਿਸੇ ਤਰ੍ਹਾਂ ਦੀ ਨਰਮੀ ਨਹੀਂ ਵਰਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਹੁਕਮ ਸਿਰ ਮੱਥੇ ਪ੍ਰਵਾਨ ਹੈ ਕਿਉਂਕਿ ਇਹ ਸਿੱਖਾਂ ਦੀ ਸਰਵਉੱਚ ਸੰਸਥਾ ਹੈ। ਮੈਂ ਅਤੇ ਮੇਰਾ ਪਰਿਵਾਰ ਸਦਾ ਇਸ ਦੀ ਪਾਲਣਾ ਕਰਦਾ ਹੈ।” ਉਨ੍ਹਾਂ ਜਥੇਦਾਰ ਸਾਹਿਬ ਦੇ ਧੰਨਵਾਦੀ ਹੋਏ ਕਿ ਉਨ੍ਹਾਂ ਨੂੰ ਸਿੱਖ ਰਹਿਤ ਮਰਿਆਦਾ ਅਤੇ ਗੁਰਦੁਆਰਾ ਐਕਟ ਨਾਲ ਸਬੰਧਤ ਦੋ ਕੀਮਤੀ ਕਿਤਾਬਾਂ ਦਿੱਤੀਆਂ।

ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਸਰੂਪਾਂ ਦੀ ਜਾਂਚ ਲਈ ਵਿਸ਼ੇਸ਼ ਟੀਮ (SIT) ਬਣਾਉਣ ਬਾਰੇ ਸਪੱਸ਼ਟ ਕੀਤਾ ਕਿ ਇਸ ਦੇ ਪਿੱਛੇ ਕੋਈ ਸਿਆਸੀ ਮਨਸ਼ਾ ਨਹੀਂ ਹੈ। ਇਹ ਟੀਮ ਸਿਰਫ ਲਾਪਤਾ ਸਰੂਪਾਂ ਦਾ ਪਤਾ ਲਗਾਉਣ ਲਈ ਹੈ, ਤਾਂ ਜੋ ਉਨ੍ਹਾਂ ਦੀ ਦੁਰਵਰਤੋਂ ਨਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਕਿ ਗੁੰਮ ਹੋਏ ਹਰ ਸਰੂਪ ਲਈ ਵੱਖ-ਵੱਖ ਯੂਨੀਕ ਕੋਡ ਦਿੱਤੇ ਜਾਣ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਅਤੇ ਸੂਬਾ ਸਰਕਾਰ ਪਾਵਿੱਤਰ ਸਰੂਪਾਂ ਦਾ ਪਤਾ ਲਗਾਏਗੀ ਅਤੇ ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਜਾਣੂ ਕਰਵਾਏਗੀ, ਤਾਂ ਜੋ ਰਹਿਤ ਮਰਿਆਦਾ ਦੇ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਹੁਕਮ ਦਿੱਤਾ ਗਿਆ ਹੈ ਕਿ ਜਿੱਥੇ ਵੀ ਸਰੂਪ ਮਿਲਣ, ਧਾਰਮਿਕ ਥਾਵਾਂ ਦੀ ਇਮਾਰਤ ਦੇ ਅੰਦਰ ਪ੍ਰਵੇਸ਼ ਨਾ ਕੀਤਾ ਜਾਵੇ। ਮੁੱਖ ਮੰਤਰੀ ਨੇ ਦੱਸਿਆ ਕਿ 1998 ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਿੰਟਿੰਗ ਵੱਖ-ਵੱਖ ਥਾਵਾਂ ‘ਤੇ ਹੁੰਦੀ ਸੀ।

Leave a Reply

Your email address will not be published. Required fields are marked *