
ਚੰਡੀਗੜ੍ਹ, 25 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਨਾਲ ਜੁੜੇ ਆਰਥਿਕ ਬੋਝ ਨੂੰ ਘਟਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਤਹਿਤ ‘ਅਸ਼ੀਰਵਾਦ ਸਕੀਮ’ ਅਧੀਨ ਚਾਲੂ ਵਿੱਤੀ ਸਾਲ 2026-27 ਲਈ ਅਨੁਸੂਚਿਤ ਜਾਤੀਆਂ ਨਾਲ ਸਬੰਧਤ 3282 ਲਾਭਪਾਤਰੀ ਪਰਿਵਾਰਾਂ ਨੂੰ ਕੁੱਲ ₹16.74 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।
ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਸਾਂਝੀ ਕਰਦਿਆਂ ਕਿਹਾ ਕਿ ਇਹ ਸਕੀਮ ਸਿਰਫ਼ ਵਿੱਤੀ ਮਦਦ ਨਹੀਂ, ਸਗੋਂ ਗਰੀਬ ਪਰਿਵਾਰਾਂ ਦੀਆਂ ਭਾਵਨਾਵਾਂ ਨਾਲ ਜੁੜੀ ਇੱਕ ਮਨੁੱਖੀ ਸੰਵੇਦਨਸ਼ੀਲ ਪਹਿਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਗਰੀਬ ਮਾਪੇ ਨੂੰ ਆਪਣੀ ਧੀ ਦੇ ਵਿਆਹ ਸਮੇਂ ਕਰਜ਼ੇ ਜਾਂ ਚਿੰਤਾ ਦਾ ਸਾਹਮਣਾ ਨਾ ਕਰਨਾ ਪਵੇ।
ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਪੂਰੀ ਪਾਰਦਰਸ਼ਤਾ ਨਾਲ ਅਤੇ ਬਿਨਾਂ ਕਿਸੇ ਦਫਤਰੀ ਖੱਜਲ-ਖੁਆਰੀ ਦੇ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਤੁਰੰਤ ਅਤੇ ਆਸਾਨ ਸਹਾਇਤਾ ਮਿਲ ਸਕੇ। ਉਨ੍ਹਾਂ ਇਸ ਯੋਜਨਾ ਨੂੰ ਸਰਕਾਰ ਦੀ “ਲੋਕ-ਕੇਂਦਰਿਤ ਸੋਚ” ਦਾ ਪ੍ਰਤੀਕ ਦੱਸਿਆ।
ਅਧਿਕਾਰਕ ਅੰਕੜਿਆਂ ਅਨੁਸਾਰ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ 14 ਜ਼ਿਲ੍ਹਿਆਂ ਤੋਂ ਕੁੱਲ 3282 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਨੂੰ ਮਨਜ਼ੂਰੀ ਦੇ ਕੇ ਇਹ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਸਭ ਤੋਂ ਵੱਧ ਲਾਭ ਅੰਮ੍ਰਿਤਸਰ (1178) ਅਤੇ ਜਲੰਧਰ (877) ਦੇ ਪਰਿਵਾਰਾਂ ਨੂੰ ਮਿਲਿਆ ਹੈ। ਇਸ ਤੋਂ ਇਲਾਵਾ ਕਪੂਰਥਲਾ, ਐਸ.ਬੀ.ਐਸ. ਨਗਰ, ਪਠਾਨਕੋਟ, ਪਟਿਆਲਾ, ਮਾਨਸਾ, ਬਠਿੰਡਾ, ਬਰਨਾਲਾ, ਫਤਹਿਗੜ੍ਹ ਸਾਹਿਬ, ਐਸ.ਏ.ਐਸ. ਨਗਰ, ਫਰੀਦਕੋਟ, ਮਾਲੇਰਕੋਟਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਲਾਭਪਾਤਰੀ ਵੀ ਇਸ ਯੋਜਨਾ ਦਾ ਹਿੱਸਾ ਬਣੇ ਹਨ।
ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਇਹ ਸਹਾਇਤਾ ਰਕਮ ਹਰ ਯੋਗ ਲੜਕੀ ਦੇ ਵਿਆਹ ਲਈ ₹51,000 ਨਿਰਧਾਰਤ ਕੀਤੀ ਗਈ ਹੈ। ਯੋਜਨਾ ਅਨੁਸਾਰ ਸਿਰਫ਼ ਉਹੀ ਪਰਿਵਾਰ ਇਸ ਦਾ ਲਾਭ ਲੈ ਸਕਦੇ ਹਨ ਜੋ ਪੰਜਾਬ ਦੇ ਪੱਕੇ ਵਸਨੀਕ ਹੋਣ, ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਣ ਅਤੇ ਜਿਨ੍ਹਾਂ ਦੀ ਸਾਲਾਨਾ ਆਮਦਨ ₹32,790 ਤੋਂ ਘੱਟ ਹੋਵੇ। ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਰਫ਼ ਵਿੱਤੀ ਸਹਾਇਤਾ ਦੇਣਾ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਹ ਯੋਜਨਾ ਨਾ ਸਿਰਫ਼ ਗਰੀਬ ਪਰਿਵਾਰਾਂ ਲਈ ਆਰਥਿਕ ਸਹਾਰਾ ਹੈ, ਸਗੋਂ ਇਹ ਉਨ੍ਹਾਂ ਦੀਆਂ ਸਮਾਜਿਕ ਚਿੰਤਾਵਾਂ ਨੂੰ ਘਟਾ ਕੇ ਇੱਕ ਸਨਮਾਨਜਨਕ ਜੀਵਨ ਵੱਲ ਵਧਣ ਵਿੱਚ ਵੀ ਮਦਦਗਾਰ ਸਾਬਤ ਹੋ ਰਹੀ ਹੈ।
