
ਚੰਡੀਗੜ੍ਹ, 27 ਜੂਨ 2026: ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਵੀ.ਬੀ.ਜੀ. ਰਾਮ ਜੀ (ਵਿਕਸਤ ਭਾਰਤ ਰੁਜ਼ਗਾਰ ਅਤੇ ਆਜੀਵਿਕਾ ਗਰੰਟੀ ਮਿਸ਼ਨ) ਯੋਜਨਾ ਨੂੰ ਸੂਬੇ ਵਿੱਚ ਲਾਗੂ ਕਰਨ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਨਾਲ ਯੋਜਨਾ ਨੂੰ ਪੰਜਾਬ ਵਿੱਚ ਲਾਗੂ ਕਰਨ ਦਾ ਰਸਤਾ ਸਾਫ਼ ਹੋ ਗਿਆ ਹੈ ਅਤੇ ਹੁਣ ਸਬੰਧਤ ਵਿਭਾਗ ਇਸ ਦੇ ਅਮਲ ਲਈ ਅਗਲੀ ਪ੍ਰਕਿਰਿਆ ਸ਼ੁਰੂ ਕਰਨਗੇ।
ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਸ਼ੁਰੂਆਤੀ ਪੜਾਅ ਵਿੱਚ ਇਸ ਯੋਜਨਾ ਦਾ ਵਿਰੋਧ ਕੀਤਾ ਸੀ। ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਵੀ ਪਾਸ ਕੀਤਾ ਗਿਆ ਸੀ, ਜਿਸ ਵਿੱਚ ਕੇਂਦਰ ਦੀ ਨਵੀਂ ਯੋਜਨਾ ‘ਤੇ ਇਤਰਾਜ਼ ਜਤਾਇਆ ਗਿਆ ਸੀ। ਹਾਲਾਂਕਿ ਹੁਣ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ ਇਹ ਯੋਜਨਾ ਸੂਬੇ ਵਿੱਚ ਲਾਗੂ ਹੋ ਜਾਵੇਗੀ।
ਵੀ.ਬੀ.ਜੀ. ਰਾਮ ਜੀ ਯੋਜਨਾ ਤਹਿਤ ਪੇਂਡੂ ਖੇਤਰਾਂ ਦੇ ਯੋਗ ਪਰਿਵਾਰਾਂ ਨੂੰ ਇੱਕ ਵਿੱਤੀ ਸਾਲ ਦੌਰਾਨ 125 ਦਿਨਾਂ ਦੇ ਰੁਜ਼ਗਾਰ ਦੀ ਗਰੰਟੀ ਦੇਣ ਦੀ ਵਿਵਸਥਾ ਕੀਤੀ ਗਈ ਹੈ। ਇਸ ਦਾ ਉਦੇਸ਼ ਪੇਂਡੂ ਇਲਾਕਿਆਂ ਵਿੱਚ ਰੁਜ਼ਗਾਰ ਦੇ ਮੌਕੇ ਵਧਾਉਣਾ, ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰਨਾ ਅਤੇ ਆਜੀਵਿਕਾ ਨੂੰ ਮਜ਼ਬੂਤ ਕਰਨਾ ਹੈ।
ਕੇਂਦਰ ਸਰਕਾਰ ਨੇ ਇਸ ਤੋਂ ਪਹਿਲਾਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਨੂੰ ਰੱਦ ਕਰਕੇ ਉਸ ਦੀ ਥਾਂ ਵਿਕਸਤ ਭਾਰਤ ਰੁਜ਼ਗਾਰ ਅਤੇ ਆਜੀਵਿਕਾ ਗਰੰਟੀ ਮਿਸ਼ਨ (ਵੀ.ਬੀ.ਜੀ. ਰਾਮ ਜੀ) ਪੇਂਡੂ ਐਕਟ ਲਿਆਂਦਾ ਸੀ। ਇਹ ਬਿੱਲ ਪਿਛਲੇ ਸਾਲ ਦਸੰਬਰ ਮਹੀਨੇ ਦੌਰਾਨ ਸੰਸਦ ਦੇ ਦੋਵੇਂ ਸਦਨਾਂ ਤੋਂ ਪਾਸ ਹੋਇਆ ਸੀ ਅਤੇ ਬਾਅਦ ਵਿੱਚ ਇਸ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਵੀ ਮਿਲ ਗਈ ਸੀ।
ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਇਸ ਯੋਜਨਾ ਨੂੰ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ। ਯੋਜਨਾ ਦੇ ਲਾਭਪਾਤਰੀਆਂ ਦੀ ਪਛਾਣ, ਕੰਮਾਂ ਦੀ ਚੋਣ ਅਤੇ ਹੋਰ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਲਦ ਜਾਰੀ ਕੀਤੇ ਜਾ ਸਕਦੇ ਹਨ।
