Wednesday, July 29Punjabi People

ਪੰਜਾਬ ‘ਚ ਖੁਸ਼ਕ ਮੌਸਮ ਕਾਰਨ ਗਰਮੀ ਦਾ ਕਹਿਰ, ਯੈਲੋ ਅਲਰਟ ਜਾਰੀ

ਚੰਡੀਗੜ੍ਹ, 27 ਜੂਨ 2026: ਪੰਜਾਬ ਵਿੱਚ ਖੁਸ਼ਕ ਮੌਸਮ ਕਾਰਨ ਗਰਮੀ ਦੀ ਲਹਿਰ ਹੋਰ ਤੇਜ਼ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤ 1.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਆਮ ਨਾਲੋਂ ਲਗਭਗ 1.7 ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਵਧਦੀ ਗਰਮੀ ਅਤੇ ਨਮੀ ਕਾਰਨ ਲੋਕਾਂ ਨੂੰ ਦਿਨ ਦੇ ਸਮੇਂ ਭਾਰੀ ਉਮਸ ਅਤੇ ਤਪਸ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੂਬੇ ਵਿੱਚ ਪਟਿਆਲਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵਿੱਚ ਵੀ 0.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਅਤੇ ਇਹ ਵੀ ਆਮ ਨਾਲੋਂ 1.7 ਡਿਗਰੀ ਵੱਧ ਦਰਜ ਕੀਤਾ ਗਿਆ ਹੈ, ਜਿਸ ਕਾਰਨ ਰਾਤ ਸਮੇਂ ਵੀ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਨਹੀਂ ਮਿਲ ਰਹੀ।

ਮੌਸਮ ਵਿਭਾਗ ਨੇ ਸ਼ਨੀਵਾਰ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਕਈ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ, ਜਿਸ ਨਾਲ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਮਿਲਣ ਦੀ ਉਮੀਦ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 28 ਅਤੇ 29 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ ਅਤੇ ਮੋਹਾਲੀ ਸਮੇਤ ਉੱਤਰ-ਪੂਰਬੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 1 ਅਤੇ 2 ਜੁਲਾਈ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਦੇ ਸਮੇਂ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਗਰਮੀ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਕਿਸਾਨਾਂ ਨੂੰ ਵੀ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਤੀਬਾੜੀ ਨਾਲ ਜੁੜੇ ਕੰਮਾਂ ਦੀ ਯੋਜਨਾ ਬਣਾਉਣ ਦੀ ਅਪੀਲ ਕੀਤੀ ਗਈ ਹੈ।

Leave a Reply

Your email address will not be published. Required fields are marked *