
ਲੁਧਿਆਣਾ, 27 ਜੂਨ 2026: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਟੀਚੇ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਿੱਚ ਆਪਣੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਤਹਿਤ ‘ਸੂਰਮਾ’ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਇਸ ਮੌਕੇ ਨਸ਼ੇ ਦੀ ਲਤ ‘ਤੇ ਜਿੱਤ ਹਾਸਲ ਕਰ ਚੁੱਕੇ ਅਤੇ ਦੋ ਸਾਲ ਤੋਂ ਵੱਧ ਸਮੇਂ ਤੋਂ ਨਸ਼ਾ ਮੁਕਤ ਜੀਵਨ ਬਤੀਤ ਕਰ ਰਹੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀਆਂ ‘ਸੂਰਮਾ’ ਰਿੰਗਾਂ (ਛਾਪਾਂ) ਅਤੇ ਬਾਜ਼ ਦੇ ਚਿੰਨ੍ਹ ਵਾਲੀਆਂ ਟੀ-ਸ਼ਰਟਾਂ ਦੇ ਕੇ ਸਨਮਾਨਿਤ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਇੱਕ ਸਨਮਾਨ ਸਮਾਗਮ ਨਹੀਂ, ਸਗੋਂ ਨਸ਼ਿਆਂ ਵਿਰੁੱਧ ਲੜਾਈ ਦਾ ਨਵਾਂ ਅਧਿਆਇ ਹੈ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਹੁਣ ‘ਅੰਬੈਸਡਰ ਆਫ਼ ਰਿਕਵਰੀ’ ਜਾਂ ‘ਉਮੀਦ ਦੇ ਦੂਤ’ ਵਜੋਂ ਕੰਮ ਕਰਨਗੇ ਅਤੇ ਆਪਣੇ ਤਜਰਬੇ ਸਾਂਝੇ ਕਰਕੇ ਹੋਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਕਰਨਗੇ। ਸਰਕਾਰ ਵੱਲੋਂ ਇਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਹ ਆਤਮਨਿਰਭਰ ਬਣ ਸਕਣ।
ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਨਸ਼ੇ ਦੀ ਲਤ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੇ ਸਮਾਜਿਕ ਦਬਾਅ ਅਤੇ ਮਾਨਸਿਕ ਪੀੜਾ ਦੇ ਬਾਵਜੂਦ ਨਸ਼ਿਆਂ ਨੂੰ ਹਰਾਇਆ ਹੈ, ਉਹ ਅਸਲ ਅਰਥਾਂ ਵਿੱਚ ‘ਸੂਰਮੇ’ ਹਨ ਅਤੇ ਉਨ੍ਹਾਂ ਦੀ ਇਹ ਜਿੱਤ ਹੋਰਨਾਂ ਲਈ ਪ੍ਰੇਰਣਾ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 15 ਜੁਲਾਈ ਤੱਕ ਪੰਜਾਬ ਦੇ ਕਰੀਬ 3,100 ਪਿੰਡਾਂ ਵਿੱਚ ਖੇਡ ਮੈਦਾਨ ਅਤੇ 3,000 ਜਿੰਮ ਚਾਲੂ ਕਰ ਦਿੱਤੇ ਜਾਣਗੇ, ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਵੱਲ ਮੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਡਾਂ ਨਸ਼ਿਆਂ ਖ਼ਿਲਾਫ਼ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹਨ ਅਤੇ ਸਰਕਾਰ ਇਸ ਦਿਸ਼ਾ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ-ਵਸੇਬੇ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਨਸ਼ਾ ਛਡਾਊ ਅਤੇ ਰਿਹੈਬਿਲੀਟੇਸ਼ਨ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ। ਇਨ੍ਹਾਂ ਕੇਂਦਰਾਂ ਵਿੱਚ ਇਲਾਜ ਦੇ ਨਾਲ-ਨਾਲ ਕੌਂਸਲਿੰਗ, ਫਾਲੋਅੱਪ ਅਤੇ ਸਮਾਜਿਕ ਮੁੜ-ਵਸੇਬੇ ਦੀਆਂ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਨਸ਼ਾ ਛਡਾਊ ਇਲਾਜ ਸਫ਼ਲਤਾਪੂਰਵਕ ਪੂਰਾ ਕਰ ਲਿਆ ਹੈ ਅਤੇ ਘੱਟੋ-ਘੱਟ ਦੋ ਸਾਲਾਂ ਤੋਂ ਨਸ਼ਾ ਮੁਕਤ ਜੀਵਨ ਬਤੀਤ ਕਰ ਰਹੇ ਹਨ, ਉਹ ਵਟਸਐਪ ਨੰਬਰ 9779142200 ‘ਤੇ “Soorma” ਲਿਖ ਕੇ ਆਪਣੇ ਆਪ ਨੂੰ ਇਸ ਮੁਹਿੰਮ ਨਾਲ ਜੋੜ ਸਕਦੇ ਹਨ। ਯੋਗ ਵਿਅਕਤੀਆਂ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ ਅਤੇ ਉਹ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ।
ਸੂਬੇ ਦੀਆਂ ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਲੱਖਾਂ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੀ ਕਾਰਗੁਜ਼ਾਰੀ ਨਾਲ ਸੜਕ ਹਾਦਸਿਆਂ ਵਿੱਚ ਮੌਤਾਂ ਵਿੱਚ ਵੱਡੀ ਕਮੀ ਆਈ ਹੈ ਅਤੇ ਹਜ਼ਾਰਾਂ ਕੀਮਤੀ ਜਾਨਾਂ ਬਚਾਈਆਂ ਗਈਆਂ ਹਨ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਤਸਕਰਾਂ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖੇਗੀ, ਜਦਕਿ ਨਸ਼ੇ ਦੀ ਲਤ ਨਾਲ ਜੂਝ ਰਹੇ ਹਰ ਵਿਅਕਤੀ ਨੂੰ ਇਲਾਜ, ਮੁੜ-ਵਸੇਬਾ ਅਤੇ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ‘ਸੂਰਮਾ’ ਪਹਿਲਕਦਮੀ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਸਮਾਜਿਕ ਲਹਿਰ ਬਣਾਉਣ ਦਾ ਉਪਰਾਲਾ ਹੈ, ਜਿਸ ਵਿੱਚ ਨਸ਼ਾ ਮੁਕਤ ਹੋਏ ਨੌਜਵਾਨ ਹੀ ਬਦਲਾਅ ਦੇ ਅਸਲ ਨਾਇਕ ਬਣਨਗੇ। ਮੁੱਖ ਮੰਤਰੀ ਨੇ ਭਰੋਸਾ ਜਤਾਇਆ ਕਿ ਸਰਕਾਰ, ਸਮਾਜ ਅਤੇ ਨੌਜਵਾਨਾਂ ਦੀ ਸਾਂਝੀ ਕੋਸ਼ਿਸ਼ ਨਾਲ ਪੰਜਾਬ ਨੂੰ ਜਲਦੀ ਹੀ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਸਾਕਾਰ ਹੋਵੇਗਾ।
