
ਅੰਮ੍ਰਿਤਸਰ, 28 ਜੂਨ 2026: ਅੰਮ੍ਰਿਤਸਰ ਦੇ ਸੁਲਤਾਨਵਿੰਡ ਲਿੰਕ ਰੋਡ ‘ਤੇ ਨਵੇਂ ਬਣੇ ਰੇਲਵੇ ਓਵਰਬ੍ਰਿਜ ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀਆਂ, ਸਥਾਨਕ ਵਿਧਾਇਕਾਂ, ਉੱਚ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ। ਉਦਘਾਟਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਨੂੰ ਅੰਮ੍ਰਿਤਸਰ ਵਾਸੀਆਂ ਅਤੇ ਬਾਹਰੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਵੱਡੀ ਰਾਹਤ ਕਰਾਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਇੱਕ ਵਿਸ਼ਵ ਪ੍ਰਸਿੱਧ ਧਾਰਮਿਕ ਅਤੇ ਸੈਰ-ਸਪਾਟੇ ਦਾ ਕੇਂਦਰ ਹੈ, ਜਿੱਥੇ ਹਰ ਰੋਜ਼ ਲਗਭਗ ਡੇਢ ਤੋਂ ਦੋ ਲੱਖ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ, ਅਟਾਰੀ-ਵਾਹਗਾ ਸਰਹੱਦ ਅਤੇ ਭਗਵਾਨ ਵਾਲਮੀਕੀ ਤੀਰਥ ਸਥਾਨ ਦੇ ਦਰਸ਼ਨਾਂ ਲਈ ਆਉਂਦੇ ਹਨ। ਇਸ ਕਾਰਨ ਸੁਲਤਾਨਵਿੰਡ ਜੰਕਸ਼ਨ ਅਤੇ ਤਾਰਾਂ ਵਾਲਾ ਪੁਲ ਇਲਾਕੇ ਵਿੱਚ ਲਗਾਤਾਰ ਟ੍ਰੈਫਿਕ ਜਾਮ ਦੀ ਸਮੱਸਿਆ ਬਣੀ ਰਹਿੰਦੀ ਸੀ। ਉਨ੍ਹਾਂ ਕਿਹਾ ਕਿ ਨਵੇਂ ਓਵਰਬ੍ਰਿਜ ਦੇ ਚਾਲੂ ਹੋਣ ਨਾਲ ਇਹ ਸਮੱਸਿਆ ਸਥਾਈ ਤੌਰ ‘ਤੇ ਘਟੇਗੀ ਅਤੇ ਆਵਾਜਾਈ ਹੋਰ ਸੁਚਾਰੂ ਬਣੇਗੀ।
ਘੱਟ ਲਾਗਤ ਵਿੱਚ ਪੂਰਾ ਹੋਇਆ ਪ੍ਰੋਜੈਕਟ, ਇੰਜੀਨੀਅਰਿੰਗ ਦਾ ਵਧੀਆ ਉਦਾਹਰਣ
ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਓਵਰਬ੍ਰਿਜ ਪ੍ਰੋਜੈਕਟ ਦੀ ਅੰਦਾਜ਼ਨ ਲਾਗਤ 34 ਕਰੋੜ 20 ਲੱਖ ਰੁਪਏ ਸੀ, ਪਰ ਇਸ ਨੂੰ ਕੇਵਲ 22 ਕਰੋੜ 68 ਲੱਖ ਰੁਪਏ ਵਿੱਚ ਹੀ ਪੂਰਾ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਬਚੀ ਹੋਈ ਰਕਮ ਨੂੰ ਹੋਰ ਲੋਕ ਭਲਾਈ ਅਤੇ ਵਿਕਾਸ ਕਾਰਜਾਂ ‘ਤੇ ਖਰਚ ਕੀਤਾ ਜਾਵੇਗਾ।
ਇਸ ਪ੍ਰੋਜੈਕਟ ਦੀ ਕੁੱਲ ਲੰਬਾਈ ਅਪਰੋਚ ਰੋਡ ਸਮੇਤ 985 ਮੀਟਰ ਹੈ, ਜਦਕਿ ਫਲਾਈਓਵਰ ਦੀ ਲੰਬਾਈ 725 ਮੀਟਰ ਅਤੇ ਚੌੜਾਈ 14 ਮੀਟਰ ਹੈ। ਇਸਨੂੰ ਇੱਕ ਈਕੋ-ਫਰੈਂਡਲੀ ਪ੍ਰੋਜੈਕਟ ਵਜੋਂ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਵਰਖਾ ਪਾਣੀ ਦੀ ਸਹੀ ਨਿਕਾਸੀ ਲਈ ਆਰ.ਸੀ.ਸੀ. ਡਰੇਨ ਅਤੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਦੀ ਵੀ ਵਿਵਸਥਾ ਕੀਤੀ ਗਈ ਹੈ।
ਪੰਜਾਬ ਵਿੱਚ ਤੇਜ਼ੀ ਨਾਲ ਚੱਲ ਰਹੇ ਵਿਕਾਸ ਕਾਰਜ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੱਤਾ ਸੰਭਾਲਣ ਤੋਂ ਬਾਅਦ ਤੋਂ ਹੀ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ। ਸੂਬੇ ਭਰ ਵਿੱਚ ਸੜਕਾਂ, ਖੇਡ ਮੈਦਾਨਾਂ, ਜਿਮਾਂ, ਮੁਹੱਲਾ ਕਲੀਨਿਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਕੰਮ ਤੇਜ਼ੀ ਨਾਲ ਜਾਰੀ ਹਨ।
ਉਨ੍ਹਾਂ ਦੱਸਿਆ ਕਿ 15 ਜੁਲਾਈ ਤੱਕ ਲਗਭਗ 3,100 ਨਵੇਂ ਖੇਡ ਮੈਦਾਨ ਤਿਆਰ ਕਰ ਲਏ ਜਾਣਗੇ ਅਤੇ ਪਿੰਡਾਂ ਵਿੱਚ ਆਧੁਨਿਕ ਜਿਮ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ 400 ਹੋਰ ਆਮ ਆਦਮੀ ਕਲੀਨਿਕ ਵੀ ਜਲਦ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਲੋਕਾਂ ਨੂੰ ਘਰ ਦੇ ਨੇੜੇ ਹੀ ਸਿਹਤ ਸੇਵਾਵਾਂ ਮਿਲਣਗੀਆਂ।
ਸਿੱਖਿਆ ਅਤੇ ਰੁਜ਼ਗਾਰ ਵਿੱਚ ਤਰੱਕੀ ਦੇ ਦਾਅਵੇ
ਸਿੱਖਿਆ ਅਤੇ ਰੁਜ਼ਗਾਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਿੱਖਿਆ ਖੇਤਰ ਵਿੱਚ ਪੰਜਾਬ ਨੇ ਵੱਡੀ ਤਰੱਕੀ ਕੀਤੀ ਹੈ ਅਤੇ ਹੁਣ ਸੂਬਾ ਦੇਸ਼ ਦੇ ਮੋਹਰੀ ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਵੱਡੇ ਮੁਕਾਬਲੇ ਦੇ ਇਮਤਿਹਾਨਾਂ ਵਿੱਚ ਸਫਲ ਹੋ ਰਹੇ ਹਨ, ਜੋ ਸਰਕਾਰ ਦੀਆਂ ਸਿੱਖਿਆ ਨੀਤੀਆਂ ਦੀ ਸਫਲਤਾ ਨੂੰ ਦਰਸਾਉਂਦਾ ਹੈ।
ਵਿਰੋਧੀ ਧਿਰਾਂ ‘ਤੇ ਤਿੱਖਾ ਹਮਲਾ
ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਲੋਕਾਂ ਲਈ ਕੋਈ ਢੁੱਕਵਾਂ ਮੁੱਦਾ ਨਹੀਂ ਬਚਿਆ, ਇਸ ਲਈ ਉਹ ਸਿਰਫ਼ ਨਕਾਰਾਤਮਕ ਰਾਜਨੀਤੀ ਕਰ ਰਹੀਆਂ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਆਪਣਾ ਫ਼ੈਸਲਾ ਕੰਮਾਂ ਅਤੇ ਵਿਕਾਸ ਦੇ ਆਧਾਰ ‘ਤੇ ਹੀ ਕਰਨਗੇ।
ਹੜ੍ਹ ਪ੍ਰਬੰਧਨ ਲਈ ਸਰਕਾਰ ਤਿਆਰ
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਨੇ ਪਹਿਲਾਂ ਤੋਂ ਹੀ ਪੂਰੇ ਪ੍ਰਬੰਧ ਕਰ ਲਏ ਹਨ। ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਗਿਆ ਹੈ, ਡਰੇਨਾਂ ਅਤੇ ਰਜਵਾਹਿਆਂ ਦੀ ਸਫ਼ਾਈ ਕੀਤੀ ਗਈ ਹੈ ਅਤੇ ਪਾਣੀ ਦੇ ਪੱਧਰ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।
ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਨਾ ਤਾਂ ਪਾਣੀ ਦੀ ਕੋਈ ਕਮੀ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਵਿਕਾਸ ਕਾਰਜਾਂ ਦੀ ਰਫ਼ਤਾਰ ਰੁਕੇਗੀ, ਸਗੋਂ ਇਹ ਹੋਰ ਤੇਜ਼ੀ ਨਾਲ ਜਾਰੀ ਰਹਿਣਗੇ।
