
ਚੰਡੀਗੜ੍ਹ, 29 ਜੂਨ 2026: ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1,583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰਾਸ਼ੀ ਦਾ ਸਿੱਧਾ ਲਾਭ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਨਾਲ-ਨਾਲ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇ ਰੂਪ ਵਿੱਚ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਵਰਗਾਂ ਤੱਕ ਮਦਦ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਪਹੁੰਚੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਲਈ ਸਮਾਜਿਕ ਸੁਰੱਖਿਆ ਕੇਵਲ ਇੱਕ ਵਿੱਤੀ ਪ੍ਰਬੰਧ ਨਹੀਂ, ਸਗੋਂ ਲੋੜਵੰਦ ਲੋਕਾਂ ਪ੍ਰਤੀ ਇੱਕ ਪੱਕੀ ਵਚਨਬੱਧਤਾ ਹੈ। ਉਨ੍ਹਾਂ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲਈ 6,131.91 ਕਰੋੜ ਰੁਪਏ ਦਾ ਰਿਕਾਰਡ ਬਜਟ ਰੱਖਿਆ ਗਿਆ ਹੈ, ਜਿਸ ਨਾਲ ਸੂਬੇ ਦੇ ਕਰੀਬ 36 ਲੱਖ ਲਾਭਪਾਤਰੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਯਕੀਨੀ ਬਣਾਈ ਜਾ ਰਹੀ ਹੈ।
ਜਾਰੀ ਕੀਤੀ ਗਈ ਰਾਸ਼ੀ ਦਾ ਵੇਰਵਾ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੁੱਲ ਫੰਡਾਂ ਵਿੱਚੋਂ 1,048 ਕਰੋੜ ਰੁਪਏ ਤੋਂ ਵੱਧ ਦੀ ਰਕਮ ਬੁਢਾਪਾ ਪੈਨਸ਼ਨ ਦੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਗਈ ਹੈ। ਇਸ ਤੋਂ ਇਲਾਵਾ, ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਅਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 535 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੀ ਜਾਰੀ ਕੀਤੀ ਗਈ ਹੈ।
